ਚੰਡੀਗੜ੍ਹ, 12 ਮਾਰਚ 2026: ਪੰਜਾਬ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ‘ਚ ਪ੍ਰਕਾਸ਼ਿਤ ਕੀਤਾ ਹੈ, ਜਿਸ ‘ਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ।
ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ।
ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ‘ਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਉਨ੍ਹਾਂ ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਇਨ੍ਹਾਂ ਨਰਸਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ‘ਚ ਤਾਇਨਾਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰਤੀ ਕੀਤੀਆਂ ਨਵੀਆਂ 282 ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਜ਼ਿਕਰਯੋਗ ਹੈ ਕਿ 672 ਨਰਸਾਂ ਦੀ ਭਰਤੀ ਨਰਸਿੰਗ ਵਰਕਫੋਰਸ, ਖਾਸ ਕਰਕੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਪੱਧਰਾਂ ‘ਤੇ, ਉਨ੍ਹਾਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਕਦਮ ਨਾਲ ਮਰੀਜ਼ਾਂ ਦੀ ਦੇਖਭਾਲ ‘ਚ ਸੁਧਾਰ ਹੋਣ ਅਤੇ ਸਰਕਾਰੀ ਹਸਪਤਾਲਾਂ ‘ਚ ਕੰਮ ਦੇ ਬੋਝ ਨੂੰ ਘਟਾਉਣ ‘ਚ ਸਹਾਇਤਾ ਮਿਲੇਗੀ।
ਸਿਹਤ ਸੰਭਾਲ ਵਰਕਫੋਰਸ ਨੂੰ ਮਜ਼ਬੂਤ ਕਰਨ ਸੰਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ‘ਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਡਾਕਟਰਾਂ, ਮਾਹਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਆਪਣੇ ਸਿਹਤ ਸੰਭਾਲ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਅਸੀਂ ਹੁਣ 672 ਵਾਧੂ ਸਟਾਫ ਨਰਸਾਂ ਦੀ ਭਰਤੀ ਕਰ ਰਹੇ ਹਾਂ। ਇਹ ਕਦਮ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਲਈ ਬਿਹਤਰ ਗੁਣਵੱਤਾ ਵਾਲਾ ਇਲਾਜ ਯਕੀਨੀ ਬਣਾਏਗਾ।
ਪੰਜਾਬ ਸਰਕਾਰ ਮੁਤਾਬਕ ਹਾਲ ਹੀ ਦੇ ਸਾਲਾਂ ‘ਚ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਕੀਤੀ ਹੈ, ਜਿਨ੍ਹਾਂ ‘ਚ 600 ਤੋਂ ਵੱਧ ਮਾਹਰ ਅਤੇ 948 ਜਨਰਲ ਡਾਕਟਰ ਸ਼ਾਮਲ ਹਨ। ਇਹ ਨਿਯੁਕਤੀਆਂ ਪੰਜਾਬ ‘ਚ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਕੁੱਲ ਡਾਕਟਰਾਂ ਦਾ ਲਗਭੱਗ 35 ਫ਼ੀਸਦ ਹੈ ਅਤੇ ਇਨ੍ਹਾਂ ਨੇ ਪੰਜਾਬ ਭਰ ‘ਚ ਡਾਕਟਰੀ ਸੇਵਾਵਾਂ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ।
ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਸੇਵਾਵਾਂ ਨੂੰ ਹਰੇਕ ਨਿਵਾਸੀ ਤੱਕ ਪਹੁੰਚਾਇਆ ਜਾ ਸਕੇ।
ਇਸ ਤੋਂ ਇਲਾਵਾ ਸਿਹਤ ਸਹੂਲਤਾਂ ‘ਚ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬੱਧਤਾ ਵਧਾਈ ਹੈ, ਜਿਸ ਨਾਲ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਿਆ ਹੈ। ਮਾਨ ਸਰਕਾਰ ਮੁਤਾਬਕ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਸਿਹਤ ਕਵਰੇਜ ਰਾਹੀਂ ਵਿੱਤੀ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ
ਸਟਾਫ਼ ਨਰਸਾਂ ‘ਚ 672 ਹੋਰ ਨਰਸਾਂ ਦੇ ਵਾਧੇ ਨਾਲ ਪੰਜਾਬ ਭਰ ‘ਚ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤੀ ਮਿਲੇਗੀ। ਇਹ ਭਰਤੀ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਵਿਖੇ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ, ਸਰਕਾਰੀ ਹਸਪਤਾਲਾਂ ‘ਚ ਵੱਧ ਰਹੇ ਓਪੀਡੀ ਅਤੇ ਆਈਪੀਡੀ ਲੋਡ ਨੂੰ ਸਮਰਥਨ ਦੇਣ, ਜੱਚਾ ਅਤੇ ਬੱਚਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਕੌਮੀ ਤੇ ਪੰਜਾਬ ਸਰਕਾਰ ਦੇ ਸਿਹਤ ਪ੍ਰੋਗਰਾਮਾਂ ਦੇ ਲਾਗੂਕਰਨ ‘ਚ ਸਹਾਈ ਸਿੱਧ ਹੋਵੇਗੀ। ਇਹ ਪਹਿਲ ਤੀਜੇ ਦਰਜੇ ਦੇ ਦੇਖਭਾਲ ਹਸਪਤਾਲਾਂ ‘ਤੇ ਰੈਫਰਲ ਬੋਝ ਨੂੰ ਘਟਾਉਣ ਅਤੇ ਕਮਿਊਨਿਟੀ ਪੱਧਰ ‘ਤੇ ਬਿਹਤਰ ਨਿਰੰਤਰ ਦੇਖਭਾਲ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ‘ਚ ਵੀ ਮੱਦਦਗਾਰ ਹੋਵੇਗੀ।
Read More: 590 ਕਰੋੜ ਰੁਪਏ ਦੇ ਕਥਿਤ ਗਬਨ ਮਾਮਲੇ ‘ਚ ED ਦੀ ਚੰਡੀਗੜ੍ਹ ‘ਚ 19 ਥਾਵਾਂ ‘ਤੇ ਛਾਪੇਮਾਰੀ




