ਪੰਜਾਬ, 14 ਮਾਰਚ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 53ਵੇਂ ਦਿਨ ਅੱਜ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਪੰਜਾਬ ਪੁਲਿਸ ਮੁਤਾਬਕ 53ਵੇਂ ਦਿਨ ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,526 ਹੋ ਗਈ ਹੈ।
ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 73 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 378ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 526 ਗ੍ਰਾਮ ਹੈਰੋਇਨ, 515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9540 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 378 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: ਅੰਮ੍ਰਿਤਸਰ ‘ਚ ਹਥਿਆਰ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਹਥਿਆਰ ਸਣੇ 2 ਨੌਜਵਾਨ ਗ੍ਰਿਫਤਾਰ




