Punjab news

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਕੋਲੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ: CM ਭਗਵੰਤ ਮਾਨ

ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।”

ਭਗਵੰਤ ਮਾਨ ਨੇ ਕਿਹਾ ਕਿ ਸਾਲ 1920 ਦੇ ਦਹਾਕੇ ‘ਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਮੁਤਾਬਕ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ ‘ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,”ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।”

ਰਾਜਸਥਾਨ ਦੇ ਸਟੈਂਡ ‘ਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।”

ਉਨ੍ਹਾਂ ਨੇ ਕਿਹਾ, “ਉਸ ਸਮੇਂ ਦੀਆਂ ਸਰਕਾਰਾਂ ਨੇ 1960 ‘ਚ ਨਵੀਂ ਵਿਵਸਥਾ ‘ਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।” ਇਸ ਮਾਮਲੇ ‘ਚ ਪਿਛਲੇ ਸਮੇਂ ਦੀਆਂ ਕਾਰਵਾਈਆਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਝੌਤੇ ‘ਚ ਸਪੱਸ਼ਟ ਤੌਰ ‘ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ‘ਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”

ਮੁੱਖ ਮੰਤਰੀ ਨੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ ‘ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ ‘ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

Read More: ਪੰਜਾਬ ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਵਿਦੇਸ਼

Scroll to Top