ਚੰਡੀਗੜ੍ਹ, 25 ਮਾਰਚ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਜੋਸ਼ ਤੇ ਜਜ਼ਬੇ ਨਾਲ ਮਨਾਇਆ। ਇਸ ਮੌਕੇ ਕਰਵਾਏ ਸਮਾਗਮ ‘ਚ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਦਰਸ਼ ਸਮਾਜ ਨੂੰ ਨਿਆਂ, ਬਰਾਬਰੀ ਅਤੇ ਜ਼ਬਰ ਵਿਰੁੱਧ ਆਢਾ ਲੈਣ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਪੂਰੀ ਵਚਨਬੱਧਤਾ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਸਮੂਹਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ‘ਚ ਸੱਭਿਆਚਾਰਕ ਮੰਚਾਂ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸੰਦੇਸ਼ ਨੌਜਵਾਨਾਂ ਨੂੰ ਬੇਇਨਸਾਫ਼ੀ ਖ਼ਿਲਾਫ਼ ਸਵਾਲ ਉਠਾਉਣ, ਗਿਆਨ ਹਾਸਲ ਕਰਨ ਅਤੇ ਦੇਸ਼ ਦੀ ਤਰੱਕੀ ‘ਚ ਸੁਹਿਰਦਤਾ ਨਾਲ ਯੋਗਦਾਨ ਪਾਉਣ ਲਈ ਹਲੂਣਦਾ ਹੈ।
ਇਸ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦ੍ਰਿਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਟਿਕਾਊ ਅਭਿਆਸਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 5723 ਸਕੂਲਾਂ ‘ਚ ਨਿਊਟ੍ਰੀਸ਼ਨ ਗਾਰਡਨ ਸਥਾਪਤ ਕੀਤੇ ਹਨ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਹਿੰਮਤ, ਬੌਧਿਕ ਚੇਤਨਾ ਅਤੇ ਆਜ਼ਾਦੀ ਸੰਗਰਾਮ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਲਿਖਤਾਂ ਅਤੇ ਵਡੇਰੇ ਕਾਰਜ ਨੌਜਵਾਨਾਂ ‘ਚ ਜ਼ਿੰਮੇਵਾਰੀ ਦੀ ਭਾਵਨਾ ਦੀ ਤਰਜਮਾਨੀ ਕਰਦੇ ਰਹਿਣਗੇ |
Read More: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਇਲਾਜ: ਡਾ. ਬਲਬੀਰ ਸਿੰਘ




