ਚੰਡੀਗੜ੍ਹ, 26 ਮਾਰਚ 2026: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ‘ਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਤਰੀਕੇ ਨਾਲ ਕੀਤਾ ਹੈ |
ਸਰਕਾਰ ਮੁਤਾਬਕ ਚੰਡੀਗੜ੍ਹ ਦੀ ਰਹਿਣ ਵਾਲੀ ਲਾਭਪਾਤਰੀ ਸੁਖਪਾਲ ਕੌਰ (37 ਸਾਲ) ਨੂੰ ‘ਐਓਰਟਿਕ ਡਿਸੈਕਸ਼ਨ’ ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ‘ਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ‘ਚ ਜੁਟਾਉਣਾ ਬਹੁਤ ਮੁਸ਼ਕਿਲ ਸੀ।
ਸਰਕਾਰ ਮੁਤਾਬਕ ਹਸਪਤਾਲ ‘ਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ।
ਸਰਕਾਰ ਮੁਤਾਬਕ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ‘ਚ ਕੋਈ ਦੇਰੀ ਨਾ ਹੋਵੇ।”
ਇਸ ਕੇਸ ਦੇ ਡਾਕਟਰੀ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, “ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ, ਜਿਸ ‘ਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ‘ਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ‘ਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।”
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੁਖਪਾਲ ਕੌਰ ਵਰਗੇ ਨਾਜ਼ੁਕ ਮੋੜ ‘ਤੇ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬੇਹੱਦ ਸੰਤੁਸ਼ਟੀ ਵਾਲੀ ਗੱਲ ਹੈ। ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ ‘ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।” ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਸੂਬੇ ਭਰ ‘ਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ‘ਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ।




