ਮੋਗਾ, 05 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਤਹਿਤ ਮੋਗਾ ‘ਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮ ‘ਚ ਕਿਹਾ ਕਿ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ। ਉਨ੍ਹਾਂ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤੇ ਠੋਸ ਤਬਦੀਲੀ ਲਿਆ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ’ਆਪ’ ਸਰਕਾਰ ਕਿਸਾਨਾਂ ਦੀ ਕਣਕ ਦੇ ਦਾਣੇ-ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਕਾਸ਼ਤਕਾਰ ਆੜ੍ਹਤੀਆਂ ਦੇ ਰਹਿਮੋ-ਕਰਮ ’ਤੇ ਨਾ ਰਹੇ। ਇਸ ਤਰ੍ਹਾਂ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਨੂੰ ਜੋੜਨ ਵਾਲੇ ਵਿਕਾਸ ਮਾਡਲ ਰਾਹੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਲਗਾਤਾਰ ਅੱਗੇ ਵਧ ਰਹੀ ਹੈ।
ਮੋਗਾ ‘ਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਵਾਰ-ਵਾਰ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ |
ਉਨ੍ਹਾਂ ਕਿਹਾ, “ਅਕਾਲੀਆਂ ਨੇ ਨਸ਼ਿਆਂ ਦੇ ਵਪਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਕਤਲੇਆਮ ਕੀਤਾ ਹੈ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ, ਬਲਕਿ ਨਸ਼ਿਆਂ ਨੂੰ ਵੇਚਣ ਜਾਂ ਸਪਲਾਈ ਕਰਨ ਲਈ ਸਰਕਾਰੀ ਵਾਹਨਾਂ ਦੀ ਵੀ ਵਰਤੋਂ ਕੀਤੀ।”
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਕਾਲੀ ਆਗੂ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਸਾਰਾ ਵਿਕਾਸ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਹੋਇਆ ਹੈ, ਪਰ ਉਹ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੱਖੋਂ-ਪਰੋਖੇ ਕਰੀ ਬੈਠੇ ਹਨ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਨੂੰ ਵਰਤਿਆ ਅਤੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਇੱਕ ਨਾ-ਮੁਆਫੀਯੋਗ ਗੁਨਾਹ ਹੈ। ਉਹ ਪੰਥ ਅਤੇ ਪੰਜਾਬ ਦੇ ਵਿਰੋਧੀ ਤਾਕਤਾਂ ਦੇ ਹਮਾਇਤੀ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?’’ ਉਨ੍ਹਾਂ ਕਿਹਾ, ਜਦੋਂ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ‘ਚ ਆਪਣੀ ਥਾਂ ਬਚਾਉਣ ਲਈ ਕਾਲੇ ਖੇਤੀ ਕਾਨੂੰਨਾਂ ’ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਹੈ। ਇਹ ਪੰਜਾਬ ਵਿਰੋਧੀ ਤਾਕਤਾਂ ਇੱਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੀਆਂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ‘ਚ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਪੰਜਾਬ ਲਈ ਬੇਗਾਨੇ ਹਨ ਕਿਉਂਕਿ ਉਨ੍ਹਾਂ ਦਾ ਲੋਕਾਂ ਨਾਲ ਕੋਈ ਮੇਲ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੀ ਸਕੂਲੀ ਪੜ੍ਹਾਈ ਤੋਂ ਲੈ ਕੇ ਕੱਪੜਿਆਂ ਅਤੇ ਆਦਤਾਂ ਤੱਕ ਉਨ੍ਹਾਂ ਲੋਕਾਂ ਦਾ ਆਮ ਪੰਜਾਬੀਆਂ ਨਾਲ ਕੁਝ ਵੀ ਮੇਲ ਨਹੀਂ ਖਾਂਦਾ। ਇਹ ਆਗੂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਅਣਜਾਣ ਹਨ ਕਿਉਂਕਿ ਉਹ ਪੰਜਾਬ ਦੇ ਅਸਲ ਹਾਲਾਤ ਤੋਂ ਕੋਹਾਂ ਦੂਰ ਹਨ।
ਉਨ੍ਹਾਂ ਨੇ ਕਿਹਾ, “ਲੋਕਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ, ਪਰ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ। ਅੱਜ ਵੀ ਉਨ੍ਹਾਂ ਕੋਲ ਸੱਤਾ ਦੀ ਭੁੱਖ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਉਹ ਮੈਨੂੰ ਗਾਲ੍ਹਾਂ ਕੱਢਣ ਅਤੇ ਆਪਣੀ ਹਾਈ ਕਮਾਂਡ ਨੂੰ ਵੀਡੀਓ ਭੇਜਣ ‘ਚ ਇੱਕ ਦੂਜੇ ਤੋਂ ਮੂਹਰੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਟੀਚਾ ਜਾਂ ਉਦੇਸ਼ ਨਹੀਂ ਹੈ ਅਤੇ ਉਹ ਨਿੱਜੀ ਮੁਫਾਦਾਂ ‘ਚ ਗੜੁੱਚ ਹਨ। ਜਦੋਂ ਕਿ ਸਾਡੀ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਹਰ ਯਤਨ ਕਰ ਰਹੀ ਹੈ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਚੋਂ ਮੋਹਰੀ ਸੂਬਾ ਬਣੇਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਅਸੀਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, 90 ਫੀਸਦ ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ। ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਸਰਕਾਰ ਨੇ ਨਹਿਰੀ ਪ੍ਰਣਾਲੀਆਂ ਨੂੰ ਸੁਰਜੀਤ ਕਰਨ ‘ਤੇ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਲੱਗਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿੰਚਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਹੁਣ ਵਧ ਕੇ 68 ਫੀਸਦ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਲੰਬੇ 18349 ਜਲ ਮਾਰਗਾਂ ਨੂੰ ਸੁਰਜੀਤ ਕਰਕੇ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਦੇ ਖੇਤਾਂ ਤੱਕ ਜਾ ਕੇ ਨਹਿਰਾਂ ਬੰਦ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਆਮ ਲੋਕਾਂ ਦੇ ਇਸ ਮੁੱਦੇ ਬਾਰੇ ਕੋਈ ਚਿੰਤਾ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਸਿਰਫ਼ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਨਿੱਜੀ ਨਿਵੇਸ਼ਾਂ ਕਰਕੇ ਪਿਛਲੇ ਚਾਰ ਸਾਲਾਂ ‘ਚ ਸੱਤ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਅਸੀਂ ਅਗਲੇ ਪੰਜ ਸਾਲਾਂ ਲਈ ਰੱਖ-ਰਖਾਅ ਦੇ ਨਾਲ-ਨਾਲ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਸਰਕਾਰ ਕਿਸਾਨਾਂ ਦੀ ਸਹੂਲਤ ਲਈ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀਆਂ ਸੰਭਾਵਨਾਵਾਂ ਵੀ ਪੜਚੋਲ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਹਾਈ ਟੈਂਸ਼ਨ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖਤਰਾ ਪੈਦਾ ਕਰਦੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਯੋਜਨਾ ਮੇਰੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗੀ, ਜਿੱਥੇ ਕੰਮ ਜਲਦੀ ਹੀ ਸ਼ੁਰੂ ਹੋਵੇਗਾ।
ਮਾਨ ਨੇ ਕਿਹਾ ਕਿ ਨਵੀਂ ਤਕਸੀਮ ਯੋਜਨਾ 30 ਦਿਨਾਂ ਦੇ ਅੰਦਰ ਜ਼ਮੀਨ ਦੀ ਵੰਡ ਨੂੰ ਯਕੀਨੀ ਬਣਾਏਗੀ, ਜਿਸਨੂੰ 13 ਅਪ੍ਰੈਲ, 2026 ਤੋਂ ਪੂਰੇ ਪੰਜਾਬ ਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਲੋਕਾਂ ਨੂੰ ਜਿੰਨਾ ਹੋ ਸਕੇ ਆਪਸੀ ਸਮਝ ਰਾਹੀਂ ਵਿਵਾਦਾਂ ਦਾ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਅਪੀਲ ਕੀਤੀ ਕਿ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਦਿੱਤੇ ਜਾ ਰਹੇ ਹਨ, ਜਦੋਂ ਕਿ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਔਰਤਾਂ ਦੇ ਸਨਮਾਨ ਨੂੰ ਯਕੀਨੀ ਬਣਾਏਗਾ।
ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਲੋਕਾਂ ਦਾ ਹੈ, ਜਿਸਨੂੰ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹੀ ਪੈਸਾ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਜਾਂਦਾ ਸੀ, ਪਰ ਹੁਣ ਸਾਰੀਆਂ ਚੋਰ ਮੋਰੀਆਂ ਬੰਦ ਕਰ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਗਰੀਬੀ ਦਾ ਇਲਾਜ ਹੈ। ਕੋਈ ਵੀ ਮੁਫ਼ਤ ਦੀ ਚੀਜ਼ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ, ਇਹ ਸਿੱਖਿਆ ਹੀ ਹੈ ਜੋ ਤਰੱਕੀ ਅਤੇ ਖੁਸ਼ਹਾਲੀ ਦੇ ਦਰਵਾਜ਼ੇ ਖੋਲ੍ਹ ਸਕਦੀ ਹੈ। ਅਸੀਂ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ।
ਕਣਕ ਦੀ ਖਰੀਦ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਏ ਸਰਕਾਰ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਸੀਂ ਨਹੀਂ ਝੁਕਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਸਹਿਕਾਰੀ ਸਭਾਵਾਂ ਦਾ ਖਰੀਦ ਕੋਟਾ ਵਧਾਏਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਸ ਚ ਬਿਜਲੀ ਪ੍ਰੋਜੈਕਟ, ਨਗਰ ਨਿਗਮ ਸੜਕਾਂ ਦੀ ਮੁਰੰਮਤ ਅਤੇ ਪ੍ਰਮੁੱਖ ਸੜਕਾਂ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਰੰਗਲਾ ਅਤੇ ਜੀਵੰਤ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਮੋਗਾ ‘ਚ ਚੱਲ ਰਹੇ ਬੁਨਿਆਦੀ ਢਾਂਚਾ ਕਾਰਜ ਇੱਕ ਨਿਰਣਾਇਕ ਅਤੇ ਕੰਮ-ਅਧਾਰਤ ਸ਼ਾਸਨ ਮਾਡਲ ਨੂੰ ਦਰਸਾਉਂਦੇ ਹਨ, ਜਿੱਥੇ ਸੜਕਾਂ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਬਿਜਲੀ ਪ੍ਰਣਾਲੀਆਂ ਵਿੱਚ ਵੱਡੇ ਨਿਵੇਸ਼ ਕੀਤੇ ਜਾ ਰਹੇ ਹਨ। 47.70 ਕਿਲੋਮੀਟਰ ਲੰਬਾਈ ਵਾਲੀ ਮੋਗਾ-ਬਾਘਾਪੁਰਾਣਾ-ਕੋਟਕਪੂਰਾ ਸੜਕ ਨੂੰ 46.98 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਵਿੱਚ 43.79 ਕਰੋੜ ਰੁਪਏ ਨਿਰਮਾਣ ਕਾਰਜਾਂ ਅਤੇ 3.18 ਕਰੋੜ ਰੁਪਏ ਰੱਖ-ਰਖਾਅ ਲਈ ਸ਼ਾਮਲ ਹਨ, ਜਦੋਂ ਕਿ 22.72 ਕਿਲੋਮੀਟਰ ਮੋਗਾ-ਧਰਮਕੋਟ ਸੜਕ ਦਾ 9.98 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਮੁੱਖ ਕਸਬਿਆਂ ਅਤੇ ਪਿੰਡਾਂ ਵਿੱਚ ਸੰਪਰਕ ਮਜ਼ਬੂਤ ਹੋਵੇਗਾ।
ਨਗਰ ਨਿਗਮ ਵੱਲੋਂ 88.62 ਕਰੋੜ ਰੁਪਏ ਦੇ ਸ਼ਹਿਰੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਚ 11.60 ਕਰੋੜ ਰੁਪਏ ਦੇ ਵਾਧੂ ਟੈਂਡਰ ਪ੍ਰਗਤੀ ਅਧੀਨ ਚ ਹਨ। ਇਨ੍ਹਾਂ ਚ ਮੁੱਖ ਸੜਕਾਂ ਦੇ ਨਵੀਨੀਕਰਨ ਲਈ 7.58 ਕਰੋੜ ਰੁਪਏ, ਹੋਰ ਸੜਕਾਂ ਲਈ 7.66 ਕਰੋੜ ਰੁਪਏ, ਬਹੁ-ਮੰਜ਼ਿਲਾ ਕਮਿਊਨਿਟੀ ਹਾਲ ਲਈ 4.16 ਕਰੋੜ ਰੁਪਏ, ਪੁਰਾਣੀ ਦਾਣਾ ਮੰਡੀ ਵਿਖੇ ਸਟ੍ਰੀਟ ਵੈਂਡਿੰਗ ਜ਼ੋਨ ਲਈ 2.19 ਕਰੋੜ ਰੁਪਏ ਅਤੇ ਗੁਰੂ ਨਾਨਕ ਕਾਲਜ ਚੌਕ ਵਿਖੇ ਇੱਕ ਕਲਾਕ ਟਾਵਰ ਦੇ ਨਿਰਮਾਣ ਦੇ ਨਾਲ-ਨਾਲ ਗੀਤਾ ਭਵਨ, ਰੇਲਵੇ ਅੰਡਰਬ੍ਰਿਜ, ਜੁੱਤੀ ਮਾਰਕੀਟ, ਪ੍ਰਤਾਪ ਰੋਡ ਅਤੇ ਮੁੱਖ ਬਾਜ਼ਾਰ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਦੇ ਸੁੰਦਰੀਕਰਨ ਲਈ 97 ਲੱਖ ਰੁਪਏ ਸ਼ਾਮਲ ਹਨ।
ਪ੍ਰੋਜੈਕਟ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ, ਜਿਸ ‘ਚ ਰਸੁੰਗਾਵਾਲਾ ਵਿਖੇ 9.82 ਕਰੋੜ ਰੁਪਏ ਦੀ ਲਾਗਤ ਵਾਲਾ 220 ਕੇਵੀ ਟ੍ਰਾਂਸਫਾਰਮਰ, 2.62 ਕਰੋੜ ਰੁਪਏ ਦੀ ਲਾਗਤ ਵਾਲਾ 20 ਐਮਵੀਏ ਟ੍ਰਾਂਸਫਾਰਮਰ, ਅਤੇ 4.22 ਕਰੋੜ ਰੁਪਏ ਦੀ ਲਾਗਤ ਵਾਲਾ ਸੋਸਣ ਵਿਖੇ 132 ਕੇਵੀ ਟ੍ਰਾਂਸਫਾਰਮਰ ਸ਼ਾਮਲ ਹਨ। ਇਸ ਦੇ ਨਾਲ ਹੀ ਮੋਗਾ ਸ਼ਹਿਰ ਬਿਜਲੀ ਵੰਡ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ 3.74 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀਆਂ ਸ਼ਹਿਰ ਭਰ ਵਿੱਚ ਸਪਲਾਈ ਵਿੱਚ ਸੁਧਾਰ ਕਰ ਰਹੀਆਂ ਹਨ ਅਤੇ ਆਲੇ ਦੁਆਲੇ ਦੇ ਲਗਭਗ ਨੌਂ ਪਿੰਡਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਇਸਦੇ ਨਾਲ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਡਗਰੂ ਵਿਖੇ ਇੱਕ ਨਵਾਂ ਸਬ-ਡਿਵੀਜ਼ਨ ਦਫ਼ਤਰ ਤਿਆਰ ਕੀਤਾ ਜਾ ਰਿਹਾ ਹੈ।
Read More: PRTC ਮੈਂਬਰਾਂ ਤੇ ਟਰਾਂਸਪੋਰਟ ਕਾਮਿਆਂ ਨੂੰ ਸਿਹਤ ਸੁਰੱਖਿਆ ਦੇ ਘੇਰੇ ‘ਚ ਲਿਆਂਦਾ: ਡਾ. ਬਲਬੀਰ ਸਿੰਘ




