ਚੰਡੀਗੜ੍ਹ, 10 ਅਪ੍ਰੈਲ 2026: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਹਰਦੀਪ ਸਿੰਘ ਮੁੰਡੀਆਂ ਨੇ ਸੀਨੀਆਰਤਾ ਦੇ ਆਧਾਰ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੱਤੀ |
ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ‘ਚ ਸੁਧਾਰ ਹੁੰਦਾ ਹੈ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤਾਇਨਾਤੀ ਉਨ੍ਹਾਂ ਵੱਲੋਂ ਸੌਂਪੇ 3 ਮਨਪਸੰਦ ਸਟੇਸ਼ਨਾਂ ਦੀ ਸੂਚੀ ‘ਚੋਂ ਇੱਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਹੈ | ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ।
ਮਾਲ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ‘ਚ ਹੋਰ ਸੁਧਾਰ ਲਈ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਨੀਤੀਆਂ ‘ਚ ਸੁਧਾਰ ਕਰਨ ਅਤੇ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਯਕੀਨੀ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦੀ ਹੈ | ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ।
Read More: ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਸੌਂਪੇ ਤਰੱਕੀ ਪੱਤਰ




