ਪੰਜਾਬ, 12 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ ਨੇ ਸ਼ਨੀਵਾਰ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ‘ਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ‘ਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪੇਸ਼ ਕੀਤਾ ਜਾਵੇਗਾ।
ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ “ਬੀਤੇ ਸਮੇਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ‘ਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।
ਬੜੇ ਗਹੁ ਨਾਲ ਕੀਤੇ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ‘ਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।
ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ‘ਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ‘ਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ‘ਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।
Read More: ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਵੱਲੋਂ ਮੁੱਖ ਮੰਤਰੀ ਨਾਇਬ ਸੈਣੀ ਦੀ ਆਲੋਚਨਾ




