ਬੇਅਦਬੀ ਖਿਲਾਫ਼ ਕਾਨੂੰਨ

ਪੰਜਾਬ ‘ਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਰ ਸਖ਼ਤ ਹੋਵੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ।

ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ ‘ਤੇ ਅਧਾਰਿਤ ਹੈ।

ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਬਾਰੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ‘ਚ ਡੂੰਘੀ ਪੀੜ ਪੈਦਾ ਕੀਤੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨੀ ਪ੍ਰਬੰਧਾਂ ਦੀ ਲੋੜ ਹੈ।” ਇਹ ਪ੍ਰਸਤਾਵਿਤ ਬਿੱਲ ਮੌਜੂਦਾ ਵਿਸ਼ੇਸ਼ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਬਾਰੇ ਅਪਡੇਟ ਦਿੰਦਿਆਂ ਦੱਸਿਆ ਕਿ ਲਗਭਗ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ। ਇੱਕ ਮਾਮਲੇ ਤੋਂ ਇਲਾਵਾ ਬਾਕੀ ਸਾਰੇ ਮਾਮਲਿਆਂ ‘ਚ ਚਲਾਨ ਅਦਾਲਤ ‘ਚ ਪੇਸ਼ ਕਰ ਦਿੱਤੇ ਗਏ ਹਨ। ਮਾਮਲੇ ਹੁਣ ਅਦਾਲਤੀ ਵਿਚਾਰ ਅਧੀਨ ਹਨ।

ਐਸ.ਜੀ.ਪੀ.ਸੀ ਵੱਲੋਂ ਉਠਾਏ ਇਤਰਾਜ਼ਾਂ ਬਾਰੇ ਪੁੱਛੇ ਜਾਣ ‘ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਕਾਫ਼ੀ ਮੌਕੇ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਨਹੀਂ ਦਿੱਤਾ, ਉਨ੍ਹਾਂ ਨੂੰ ਹੁਣ ਮੌਜੂਦਾ ਕੋਸ਼ਿਸ਼ਾਂ ‘ਚ ਰੁਕਾਵਟ ਪਾਉਣ ਦਾ ਹੱਕ ਨਹੀਂ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਮੀਦ ਜਤਾਈ ਕਿ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ, ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਇਸ ਬਿੱਲ ਨੂੰ ਇਕਸੁਰਤਾ ਨਾਲ ਪਾਸ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਆਪਸੀ ਸਾਂਝ, ਅਮਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।

Read More: ਅਸੀਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਦਾ ਸਮਰਥਨ ਕਰਦੇ ਹਾਂ: ਪ੍ਰਤਾਪ ਸਿੰਘ ਬਾਜਵਾ

ਵਿਦੇਸ਼

Scroll to Top