Harpal Singh Cheema

ਪਿਛਲੀਆਂ ਸਰਕਾਰਾਂ ਨੇ ਸਿਰਫ਼ ਸਿੱਟ ਬਣਾਈਆਂ, ‘ਆਪ’ ਸਰਕਾਰ ਨੇ ਜਵਾਬਦੇਹੀ ਤੈਅ ਕਰਨ ਲਈ ਚਲਾਨ ਕੀਤੇ ਪੇਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਅਪ੍ਰੈਲ 2026: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ” ਦੇ ਹੱਕ ‘ਚ ਬੋਲਦਿਆਂ ‘ਬੇਅਦਬੀ’ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਬਿੱਲ ‘ਚ ਸਜ਼ਾ ਦੀਆਂ ਵਿਵਸਥਾਵਾਂ ਪੇਸ਼ ਕੀਤੀਆਂ ਹਨ, ਜਿਸ ‘ਚ ‘ਬੇਅਦਬੀ’ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ, ਅਤੇ ਇਸ ਅਪਰਾਧ ਨੂੰ ਪੂਰੀ ਤਰ੍ਹਾਂ ਗੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ‘ਚ ਰੱਖਿਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ, ਸੂਬੇ ‘ਚ ‘ਬੇਅਦਬੀ’ ਦੀਆਂ ਘਟਨਾਵਾਂ ਦੇ ਕਾਲੇ ਇਤਿਹਾਸ ਨੂੰ ਨਕੋਦਰ ਕਾਂਡ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ‘ਬੇਅਦਬੀ’ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਹਮੇਸ਼ਾ ਉਦੋਂ ਹੀ ਸ਼ੁਰੂ ਹੋਇਆ ਜਦੋਂ ਪੰਜਾਬ ‘ਚ ਅਕਾਲੀ-ਭਾਜਪਾ ਸੱਤਾ ‘ਚ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “4 ਫਰਵਰੀ 1986 ਨੂੰ ਨਕੋਦਰ ਵਿਖੇ, ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਘਟਨਾ ਵਿਰੁੱਧ ਸ਼ਾਂਤਮਈ ਵਿਰੋਧ ਕਰ ਰਹੇ ਸਿੱਖ ਨੌਜਵਾਨਾਂ ‘ਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ। ਇਸ ਪੁਲਿਸ ਫਾਇਰਿੰਗ ‘ਚ ਭਾਈ ਰਵਿੰਦਰ ਸਿੰਘ (ਲਿੱਤਰਾਂ), ਭਾਈ ਹਰਮਿੰਦਰ ਸਿੰਘ (ਚੁੱਲ੍ਹੇਪੁਰ), ਭਾਈ ਬਲਧੀਰ ਸਿੰਘ (ਰਾਮਗੜ੍ਹ) ਅਤੇ ਭਾਈ ਝਿਲਮਣ ਸਿੰਘ (ਗੋਰਸੀਆਂ) ਸਮੇਤ ਚਾਰ ਨੌਜਵਾਨ ਸ਼ਹੀਦ ਹੋ ਗਏ ਸਨ। ਘਟਨਾ ਤੋਂ ਬਾਅਦ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ । ਹਾਲਾਂਕਿ ਰਿਪੋਰਟ ਦਾ ਪਹਿਲਾ ਹਿੱਸਾ ਸੌਂਪ ਦਿੱਤਾ ਗਿਆ ਸੀ, ਪਰ ਦੂਜਾ ਹਿੱਸਾ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ।”

ਹਰਪਾਲ ਸਿੰਘ ਚੀਮਾ ਨੇ ਕਿਹਾ, “1997 ਤੋਂ 2002 ਅਤੇ 2007 ਤੋਂ 2017 ਤੱਕ ਲਗਾਤਾਰ ਅਕਾਲੀ-ਭਾਜਪਾ ਸਰਕਾਰਾਂ ਅਤੇ 2002 ਤੋਂ 2007 ਤੱਕ ਕਾਂਗਰਸ ਸਰਕਾਰ ਨੇ ਲਾਪਤਾ ਰਿਪੋਰਟ ਲੱਭਣ ਜਾਂ ਇਨਸਾਫ਼ ਦਿਵਾਉਣ ਲਈ ਬਿਲਕੁਲ ਵੀ ਕੋਈ ਯਤਨ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਨਕੋਦਰ ਕਾਂਡ ‘ਚ ਦੋਸ਼ੀ ਪਾਏ ਗਏ ਅਧਿਕਾਰੀਆਂ ਨੂੰ ਬਾਅਦ ‘ਚ ਸਰਕਾਰ ਅਤੇ ਸਿਆਸੀ ਪਾਰਟੀਆਂ ‘ਚ ਅਹਿਮ ਅਹੁਦਿਆਂ ਨਾਲ ਨਿਵਾਜਿਆ।”

2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਬੂਤਾਂ ਨੂੰ ਨਸ਼ਟ ਕਰਨ ਦੀ ਸਰਗਰਮੀ ਨਾਲ ਕੋਸ਼ਿਸ਼ ਕੀਤੀ, ਜਿਸ ‘ਚ ਬਹਿਬਲ ਕਲਾਂ ਗੋਲੀਕਾਂਡ ਦੇ ਬੁਲੇਟ (ਗੋਲੀਆਂ ਦੇ) ਸਬੂਤਾਂ ਨਾਲ ਛੇੜਛਾੜ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸਵਾਲ ਚੁੱਕਦਿਆਂ ਕਿਹਾ, “ਇੱਕ ਉੱਚ-ਸਿੱਖਿਅਤ ਨੇਤਾ, ਜੋ ਸੰਸਦ ਮੈਂਬਰ, ਕੇਂਦਰੀ ਮੰਤਰੀ ਅਤੇ ਉਪ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨਣ ਤੋਂ ਬਾਅਦ ਅਜਿਹਾ ਇਕਬਾਲੀਆ ਬਿਆਨ ਦੇਣ ਲਈ ‘ਦਬਾਅ’ ਪਾਏ ਜਾਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ?”

ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਕਾਂਗਰਸ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ। ਉਨ੍ਹਾਂ ਨੇ ਸਿਰਫ਼ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਪਰ ਕਦੇ ਵੀ ਅਦਾਲਤ ‘ਚ ਚਲਾਨ ਪੇਸ਼ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਅਸੀਂ ਆਖਿਰਕਾਰ ਜਵਾਬਦੇਹੀ ਤੈਅ ਕਰਨ ਲਈ ਚਲਾਨ ਪੇਸ਼ ਕੀਤੇ ਹਨ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਸਟੈਂਡ ਦਾ ਸੰਖੇਪ ਵਰਣਨ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੁੱਦਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਦਾਗਦਾਰ ਹੈ। ਉਨ੍ਹਾਂ ਨੇ ਪੂਰੀ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਬਿਨਾਂ ਕਿਸੇ ਦੇਰੀ ਦੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026” ਨੂੰ ਆਪਣੀ ਮਨਜ਼ੂਰੀ ਦੇਣਗੇ। ਉਨ੍ਹਾਂ ਨੇ ਭਾਜਪਾ ਨੂੰ ਵੀ ਚੁਣੌਤੀ ਦਿੱਤੀ ਅਤੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਕੌਮੀ ਪੱਧਰ ‘ਤੇ ‘ਬੇਅਦਬੀ’ ਬਾਰੇ ਅਜਿਹਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਇਆ।

Read More: ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤਹਿਤ ਉਮਰ ਕੈਦ ਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਸਿੰਘ ਬੈਂਸ

ਵਿਦੇਸ਼

Scroll to Top