ਭਗਤਾਂਵਾਲਾ ਦਾਣਾ ਮੰਡੀ

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ‘ਚ ਕਣਕ ਖ਼ਰੀਦ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਅਪ੍ਰੈਲ 2026: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ‘ਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਕਟਾਰੂਚੱਕ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ‘ਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਮੰਡੀ ‘ਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ‘ਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਉਹ ਖੁਦ ਮੰਡੀਆਂ ‘ਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ‘ਚੋਂ ਲਗਭੱਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ‘ਚ ਕਿਸਾਨਾਂ ਦੇ ਖਾਤਿਆਂ ‘ਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ‘ਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ‘ਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ‘ਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ‘ਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

Read More: ਵੈੱਬ ਸੀਰੀਜ਼ ‘ਲਾਰੈਂਸ ਆਫ਼ ਪੰਜਾਬ’ ਖ਼ਿਲਾਫ ਰਾਜਾ ਵੜਿੰਗ ਵੱਲੋਂ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ

ਵਿਦੇਸ਼

Scroll to Top