ਅੰਮ੍ਰਿਤਸਰ, 27 ਅਪ੍ਰੈਲ 2026: ਅੰਮ੍ਰਿਤਸਰ ਦਿਹਾਤੀ ਦੇ ਭਿੰਡੀ ਸੈਦਾਂ ਥਾਣੇ ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਸ਼ਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਅਜਨਾਲਾ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਉਸਨੂੰ ਇੱਕ ਦਿਨ ਲਈ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਉਸ ਕੋਲ ਹੈਰੋਇਨ ਹੋਣ ਦੀ ਸੂਚਨਾ ਮਿਲੀ ਅਤੇ ਤੁਰੰਤ ਸਖ਼ਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ।
ਮਿਲੀ ਜਾਣਕਾਰੀ ਅਨੁਸਾਰ, ਹਾਲ ਹੀ ‘ਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਇੱਕ ਖੇਪ ਭਾਰਤੀ ਖੇਤਰ ‘ਚ ਸੁੱਟੀ ਗਈ ਸੀ। ਦੋਸ਼ ਹੈ ਕਿ ਐਸਐਚਓ ਸ਼ਸ਼ਪਾਲ ਸਿੰਘ ਨੇ ਇਹ ਖੇਪ ਆਪਣੇ ਕਬਜ਼ੇ ‘ਚ ਲਈ ਸੀ, ਪਰ ਇਸਨੂੰ ਜ਼ਬਤ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਦੀ ਬਜਾਏ, ਉਸਨੇ ਇਸਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਵਿਭਾਗ ਨੇ ਮੁਲਜਮ ਐਸਐਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਸੱਚਾਈ ਦਾ ਪਰਦਾਫਾਸ਼ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵਿਆਪਕ ਪੁੱਛਗਿੱਛ ਕਰੇਗੀ, ਜਿਸ ‘ਚ ਪੂਰੇ ਨੈੱਟਵਰਕ ਅਤੇ ਇਸ ‘ਚ ਸ਼ਾਮਲ ਹੋਰ ਸੰਭਾਵਿਤ ਵਿਅਕਤੀਆਂ ਬਾਰੇ ਮਹੱਤਵਪੂਰਨ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।
Read More: ਅੰਮ੍ਰਿਤਸਰ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰ ਤੇ ਨਸ਼ੀਲੇ ਪਦਾਰਥਾਂ ਸਣੇ 3 ਜਣੇ ਕਾਬੂ




