ਟੈਕਸ ਚੋਰੀ

ਲੋਹਾ-ਸਟੀਲ ਟੈਕਸ ਚੋਰੀ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ, 200 ਵਾਹਨ ਜ਼ਬਤ ਤੇ 5 ਕਰੋੜ ਰੁਪਏ ਦਾ ਮਾਲ ਬਰਾਮਦ

ਪੰਜਾਬ, 30 ਅਪ੍ਰੈਲ 2026: ਪੰਜਾਬ ਸਰਕਾਰ ਨੇ ਲੋਹਾ ਅਤੇ ਸਟੀਲ ਸੈਕਟਰ ‘ਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕੀਤਾ ਹੈ | ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ‘ਚ ਲਿਆ ਹੈ ਅਤੇ ਲਗਭੱਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ | ਇਸ ‘ਚ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਮੁਹਿੰਮ ਬਾਰੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ ‘ਤੇ ਕੇਂਦਰਿਤ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।”

ਫੜੇ ਗਏ ਮਾਲ ਦੇ ਪੱਧਰ ਬਾਰੇ ਵਿੱਤ ਮੰਤਰੀ ਨੇ ਖੁਲਾਸਾ ਕੀਤਾ, “ਇਸ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ। ਇਸ ਕਾਰਵਾਈ ‘ਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਸਨ।”

ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ ‘ਤੇ ਨਿਰਭਰ ਕਰੇਗਾ।”

ਵਿੱਤ ਮੰਤਰੀ ਨੇ ਕਿਹਾ, “ਇਨਫੋਰਸਮੈਂਟ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਮਾਲੀਏ ਨੂੰ ਸੁਰੱਖਿਅਤ ਰੱਖਣ ਲਈ ਬਕਾਇਆ ਟੈਕਸ ਅਤੇ ਜੁਰਮਾਨੇ ਦੀ ਤੁਰੰਤ ਵਸੂਲੀ ਸਮੇਤ ਤੇਜ਼ੀ ਨਾਲ ਜਾਂਚ ਕਰਨ |

ਉਨ੍ਹਾਂ ਕਿਹਾ, “ਜਾਅਲੀ ਬਿਲਿੰਗ ਜਾਂ ਬਿਨਾਂ ਅਧਿਕਾਰਤ ਮਨਜ਼ੂਰੀ ਤੋਂ ਮਾਲ ਦੀ ਢੋਆ-ਢੁਆਈ ਰਾਹੀਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੂਰੇ ਸੂਬੇ ‘ਚ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ, ਅਤੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

Read More: ਪੰਜਾਬ ਸਰਕਾਰ ਨੇ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖਰਚ ਰਹੀ ਹੈ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਵਿਦੇਸ਼

Scroll to Top