ਚੰਡੀਗੜ੍ਹ, 03 ਮਈ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੇ ਅਪ੍ਰੈਲ 2026 ‘ਚ ਇੱਕ ਅਹਿਮ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ‘ਚ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ |
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ੇਸ਼ ਟੈਕਸ ਖੇਤਰਾਂ ‘ਚ ਲਗਾਤਾਰ ਉੱਪਰ ਵੱਲ ਜਾਣ ਵਾਲਾ ਰੁਝਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ਼ਾਬ ਸਰਕਾਰ ਦੀਆਂ ਸਪੱਸ਼ਟ ਨੀਤੀਗਤ ਤਰਜੀਹਾਂ ਨੂੰ ਉਜਾਗਰ ਕਰਦਾ ਹੈ। ਵਿੱਤ ਮੰਤਰੀ ਨੇ ਕਿਹਾ, “ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੀ ਵੈਟ ਪ੍ਰਾਪਤੀ ਨੇ ਅਪ੍ਰੈਲ 2026 ਦੇ ਮਹੀਨੇ ਲਈ 23.28% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਵਾਧੇ ਨੇ ਪੰਜਾਬ ਦੇ ਖਜ਼ਾਨੇ ਲਈ ਲਗਭਗ 230 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ |
ਵਿੱਤ ਮੰਤਰੀ ਹਰਪਾਲ ਚੀਮਾ ਨੇ ਪੀ.ਐਸ.ਡੀ.ਟੀ. ਖੇਤਰ ‘ਚ ਦੇਖੇ ਗਏ ਬਹੁਤ ਹੀ ਸਕਾਰਾਤਮਕ ਰੁਝਾਨਾਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਕਿਹਾ, “ਵੈਟ ‘ਚ ਮਜ਼ਬੂਤ ਪ੍ਰਦਰਸ਼ਨ ਦੇ ਨਾਲ-ਨਾਲ, ਸਾਡੀ ਪੀ.ਐਸ.ਡੀ.ਟੀ. ਉਗਰਾਹੀ ‘ਚ ਵੀ 20.43% ਦਾ ਪ੍ਰਭਾਵਸ਼ਾਲੀ ਵਾਧਾ ਹੋਇਆ ਹੈ। ਇਹ ਵਾਧਾ ਦਰ ਸਿੱਧੇ ਤੌਰ ‘ਤੇ ਲਗਭਗ 35 ਕਰੋੜ ਰੁਪਏ ਦੇ ਇਜ਼ਾਫੇ ‘ਚ ਤਬਦੀਲ ਹੋਈ ਹੈ।
ਉਨ੍ਹਾਂ ਕਿਹਾ, “ਵੈਟ ਅਤੇ ਪੀ.ਐਸ.ਡੀ.ਟੀ. ‘ਚ ਇਹ ਮਜ਼ਬੂਤ ਪ੍ਰਦਰਸ਼ਨ ਤਕਨਾਲੋਜੀ-ਸੰਚਾਲਿਤ ਲਾਗੂਕਰਨ ਨੂੰ ਸਰਗਰਮ ਕਰਦਾਤਿਆਂ ਦੀਆਂ ਸਹੂਲਤਾਂ ਨਾਲ ਜੋੜਨ ਦੀ ਸਾਡੀ ਸਰਕਾਰ ਦੀ ਕੇਂਦਰਿਤ ਰਣਨੀਤੀ ਨੂੰ ਰੇਖਾਂਕਿਤ ਕਰਦਾ ਹੈ। ਅਸੀਂ ਸਰਕਾਰੀ ਮਾਲੀਏ ਦੀ ਸੁਰੱਖਿਆ ਦੇ ਉਦੇਸ਼ ਨਾਲ ਇੱਕ ਮਜ਼ਬੂਤ ਲਾਗੂਕਰਨ ਢਾਂਚਾ ਬਣਾਇਆ ਹੈ। ਮੈਂ ਪੰਜਾਬ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ |
Read More: ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ




