ਸੰਗਰੂਰ 12 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਅੱਜ ਪਿੰਡ ਖੁਰਾਣਾ ਦੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ ਅਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਲਾਗੂ ਕਰਨ ਦੀ ਤਾਕਤ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਥ ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਬਹੁਤ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰਦਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੇਸ਼ ਵਾਸੀ ਦੇਖ ਰਹੇ ਹਨ ਕਿ ਕਿਵੇਂ ਵ੍ਹਾਈਟ ਹਾਊਸ ਤੋਂ ਭਾਰਤ ਦੇ ਫੈਸਲੇ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਕਹਿੰਦੇ ਹੋਏ ਕਿ ਪੰਜਾਬੀਆਂ ਨੇ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਝੁਕਿਆ ਨਹੀਂ ਹੈ ਅਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦੇਣਗੇ।
ਆਪਣੇ ਐਕਸ ਹੈਂਡਲ ‘ਤੇ ਕੁਝ ਫੋਟੋਆਂ ਸਾਂਝੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀਸਰ ਸਾਹਿਬ (ਛੱਠਵੀ ਪਾਤਸ਼ਾਹੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋ ਕੇ, ਮੈਂ ਗੁਰੂ ਸਾਹਿਬ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਮੈਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦੀ ਸ਼ਕਤੀ ਦਿੱਤੀ। ਇਸ ਮੌਕੇ, ਮੈਂ ਪੰਜਾਬ ਦੀ ਚੜ੍ਹਦੀ ਕਲਾ, ਸਾਰਿਆਂ ਦੀ ਭਲਾਈ ਅਤੇ ਸੂਬੇ ਨੂੰ ਇੱਕ ਵਾਰ ਫਿਰ ‘ਰੰਗਲਾ ਪੰਜਾਬ’ ਬਣਾਉਣ ਦੀ ਯੋਗਤਾ ਅਤੇ ਸਮਝ ਲਈ ਅਸ਼ੀਰਵਾਦ ਮੰਗਿਆ। ਮੈਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਾਰਿਆਂ ‘ਤੇ ਆਪਣਾ ਅਸ਼ੀਰਵਾਦ ਵਰਸਾਉਣ।”
ਸੰਗਤ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਵਿੱਚ ਸਮੁੱਚਾ ਸਿੱਖ ਭਾਈਚਾਰਾ ਇਤਿਹਾਸਕ ਕਾਨੂੰਨ ਦੇ ਪਾਸ ਹੋਣ ‘ਤੇ ਖੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰ ਰਿਹਾ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਹਿੱਸਾ ਲੈਣ ਲਈ ਇੱਥੇ ਆਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ, ਪੰਜਾਬ ਦੇ ਲੋਕ ਸੂਬੇ ਦੇ ਹਰ ਕੋਨੇ ਵਿੱਚ ਧੰਨਵਾਦ ਸਮਾਰੋਹ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨੂੰ ਛੂੰਹਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰੋਜ਼ਾਨਾ ਕਈ ਸੱਦੇ ਮਿਲ ਰਹੇ ਹਨ। ਉਨ੍ਹਾਂ ਕਿਹਾ, “ਸਰਬਸ਼ਕਤੀਮਾਨ ਪਰਮਾਤਮਾ ਨੇ ਮੈਨੂੰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫ਼ ਕਰਨ ਵਾਲਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ, ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ।
ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਹਾਲੀਆ ਅਪੀਲਾਂ ਸੰਬੰਧੀ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਜੁਮਲਿਆਂ ਦੇ ਰਾਜੇ” ਨੂੰ ਕੌਮ ਨੂੰ ਸੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਵਾਗਡੋਰ ਵ੍ਹਾਈਟ ਹਾਊਸ ਦੇ ਹੱਥਾਂ ਵਿੱਚ ਹੈ, ਅਤੇ ਸਾਰੇ ਵੱਡੇ ਫੈਸਲੇ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਹੀ ਲਏ ਜਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਤਣਾਅ ਵਰਗੇ ਮੁੱਦਿਆਂ ਦੌਰਾਨ ਵੀ, ਅਮਰੀਕੀ ਅਧਿਕਾਰੀਆਂ ਨੇ ਆਦੇਸ਼ ਜਾਰੀ ਕੀਤੇ ਸਨ, ਜਿਸ ਨਾਲ ਦੇਸ਼ ਦੀ ਪ੍ਰਭੂਸੱਤਾ ਬਾਰੇ ਗੰਭੀਰ ਚਿੰਤਾਵਾਂ ਪੈਦਾ ਹੋਈਆਂ ਸਨ। ਉਨ੍ਹਾਂ ਕਿਹਾ, “ਭਾਰਤ ਨੂੰ ਵਿਸ਼ਵ ਲੀਡਰ ਬਣਾਉਣ ਦਾ ਦਾਅਵਾ ਕਰਨ ਵਾਲੇ ਅਸਲ ਵਿੱਚ ਵਿਸ਼ਵ ਚੇਲਾ ਬਣਨ ਵੱਲ ਵਧ ਰਹੇ ਹਨ, ਕਿਉਂਕਿ ਅੱਜ, ਵ੍ਹਾਈਟ ਹਾਊਸ ਦੇ ਨਿਰਦੇਸ਼ਾਂ ਦੀ ਅੰਨ੍ਹੇਵਾਹ ਪਾਲਣਾ ਕੀਤੀ ਜਾ ਰਹੀ ਹੈ।”
ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ‘ਤੇ ਨਿਸ਼ਾਨਾ ਸਾਧਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਮੇਕ ਇਨ ਇੰਡੀਆ” ਬਾਰੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ, ਰੱਖਿਆ ਖੇਤਰ ਵਿੱਚ ਵੀ ਸਿੱਧੇ ਵਿਦੇਸ਼ੀ ਨਿਵੇਸ਼ ਦੀ ਆਗਿਆ ਦੇਣ ਵਰਗੀਆਂ ਨੀਤੀਆਂ ਨੇ ਦੇਸ਼ ਦੇ ਹਿੱਤਾਂ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾ ਸਕਦਾ ਹੈ, ਜਿਸ ਨਾਲ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਪੰਜਾਬ ਵਿੱਚ ਈਡੀ ਦੇ ਛਾਪਿਆਂ ਬਾਰੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਬਾਂਹ ਮਰੋੜਨ ਲਈ ਕੇਂਦਰੀ ਏਜੰਸੀ ਦੀ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਲੋਕਤੰਤਰੀ ਆਵਾਜ਼ਾਂ ਨੂੰ ਦਬਾਉਣ ਦਾ ਇੱਕ ਸਾਧਨ ਬਣ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀਆਂ ਨੇ ਕਦੇ ਵੀ ਅਜਿਹੀਆਂ ਦਬਾਅ ਦੀਆਂ ਚਾਲਾਂ ਅੱਗੇ ਝੁਕਿਆ ਨਹੀਂ ਹੈ ਅਤੇ ਨਾ ਹੀ ਕਦੇ ਅਜਿਹਾ ਕਰਨਗੇ। ਪੰਜਾਬ ਦੇ ਬਹਾਦਰ ਅਤੇ ਸਿਆਣੇ ਲੋਕ ਇਨ੍ਹਾਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦੇਣਗੇ।”
Read More: ਸ੍ਰੀ ਮੁਕਤਸਰ ਸਾਹਿਬ ‘ਚ ਲੋਕ ਮਿਲਣੀ ਦੌਰਾਨ CM ਨੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ




