ਵਿਜੈ ਇੰਦਰ ਸਿੰਗਲਾ

ਵਿਜੈ ਇੰਦਰ ਸਿੰਗਲਾ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਨੌਜਵਾਨਾਂ ਦੀ 100 ਫੀਸਦੀ ਸ਼ਮੂਲੀਅਤ ਮੰਗ

ਚੰਡੀਗੜ੍ਹ, 15 ਮਈ 2026: ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਮੁੱਖ ਚੋਣ ਅਫ਼ਸਰ (CEO) ਨੂੰ ਇੱਕ ਪੱਤਰ ਲਿਖ ਕੇ ਆਉਣ ਵਾਲੀ ‘ਵਿਸ਼ੇਸ਼ ਵੋਟਰ ਸੂਚੀ ਸੁਧਾਈ’ (SIR) ਪ੍ਰਕਿਰਿਆ ਦੌਰਾਨ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਅਪੀਲ ਕੀਤੀ ਹੈ।

ਵਿਜੈ ਇੰਦਰ ਸਿੰਗਲਾ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦਾ ਤਰੁੱਟੀ ਰਹਿਤ ਅਤੇ ਨਿਰਪੱਖ ਹੋਣਾ ਅਤਿ ਜ਼ਰੂਰੀ ਹੈ, ਤਾਂ ਜੋ ਪਿਛਲੇ ਸਮੇਂ ‘ਚ ਹੋਰਨਾਂ ਸੂਬਿਆਂ ‘ਚ ਦੇਖੀਆਂ ਪ੍ਰਬੰਧਕੀ ਖਾਮੀਆਂ ਪੰਜਾਬ ‘ਚ ਨਾ ਦੁਹਰਾਈਆਂ ਜਾਣ।

ਪੱਤਰ ‘ਚ ਚੋਣ ਪ੍ਰਕਿਰਿਆ ਪ੍ਰਤੀ ਨੌਜਵਾਨਾਂ ਦੀ ਘਟ ਰਹੀ ਰੁਚੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2024 ਦੇ ਅੰਕੜੇ ਦੱਸਦੇ ਹਨ ਕਿ 18-19 ਸਾਲ ਦੇ ਯੋਗ ਨੌਜਵਾਨਾਂ ‘ਚੋਂ ਸਿਰਫ਼ 40 ਫੀਸਦੀ ਹੀ ਵੋਟਰ ਵਜੋਂ ਰਜਿਸਟਰਡ ਹੋ ਸਕੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਜਿਵੇਂ ਕਿ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਖੇਤੀਬਾੜੀ ਸੰਕਟ ਦੇ ਸਥਾਈ ਹੱਲ ਲਈ ਨੌਜਵਾਨਾਂ ਦੇ ਨਵੀਨਤਮ ਵਿਚਾਰਾਂ ਅਤੇ ਉਨ੍ਹਾਂ ਦੀ ਸਿਆਸੀ ਸਰਗਰਮੀ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਨਵੇਂ ਪੰਜਾਬ ਦੀ ਸਿਰਜਣਾ ਉਦੋਂ ਹੀ ਸੰਭਵ ਹੈ ਜੇਕਰ ਸਾਡੀ ਨੌਜਵਾਨ ਪੀੜ੍ਹੀ ਵੋਟ ਦੇ ਅਧਿਕਾਰ ਰਾਹੀਂ ਸੂਬੇ ਦੇ ਭਵਿੱਖ ਦਾ ਫੈਸਲਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਵੇ।

ਸਿੰਗਲਾ ਨੇ ਮੁੱਖ ਚੋਣ ਅਫ਼ਸਰ ਨੂੰ ਸੁਝਾਅ ਦਿੱਤਾ ਕਿ ਚੋਣ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਰਾਹੀਂ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਤਾਂ ਜੋ ਰਜਿਸਟ੍ਰੇਸ਼ਨ ਦੇ ਇਸ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮੰਗ ਕੀਤੀ ਕਿ 25 ਜੂਨ ਤੋਂ 24 ਜੁਲਾਈ ਤੱਕ ਚੱਲਣ ਵਾਲੀ ਘਰ-ਘਰ ਸਰੀਰਕ ਤਸਦੀਕ ਦੀ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (BLOs) ਨੂੰ ਵਧੇਰੇ ਸੰਵੇਦਨਸ਼ੀਲ ਅਤੇ ਜਵਾਬਦੇਹ ਬਣਾਇਆ ਜਾਵੇ। ਸਿੰਗਲਾ ਨੇ ਉਮੀਦ ਜਤਾਈ ਕਿ ਰਾਜ ਚੋਣ ਕਮਿਸ਼ਨ ਇਸ ਮਾਮਲੇ ਨੂੰ ਤਰਜੀਹੀ ਅਧਾਰ ‘ਤੇ ਲਵੇਗਾ ਤਾਂ ਜੋ ਪੰਜਾਬ ਦਾ ਹਰ ਯੋਗ ਨੌਜਵਾਨ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਕੇ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਬਣ ਸਕੇ।

Read More: ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਰੜ ਨਗਰ ਕੌਂਸਲ ਚੋਣਾਂ ‘ਤੇ ਲਗਾਈ ਰੋਕ

ਵਿਦੇਸ਼

Scroll to Top