ਚੰਡੀਗੜ੍ਹ, 05 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਨੇ ਇਸ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਹੈ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਰਾਸ਼ੀ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੇ ਜਾਣਗੇ |
ਪੰਜਾਬ ਸਰਕਾਰ ਮੁਤਾਬਕ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਕਰੀਬ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ‘ਚ ਮੱਦਦ ਕਰ ਸਕਦੀਆਂ ਹਨ।
ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬੇ ਭਰ ‘ਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਕਰੀਬ ਦੋ ਲੱਖ ‘ਮਹਿਲਾ ਸਤਿਕਾਰ ਸਖੀਆਂ’ ਨੂੰ ਸੌਂਪੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ‘ਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪੰਜਾਬ ਭਰ ‘ਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ‘ਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।”
Read More: ਲੁਧਿਆਣਾ ‘ਚ ਲਾਪਤਾ ਕੁੜੀਆਂ ਸੰਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗੀ ਰਿਪੋਰਟ




