Punjab irrigation projects

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਦੀ ਸ਼ੁਰੂਆਤ

ਚੰਡੀਗੜ੍ਹ, 09 ਜੂਨ 2026: ਪੰਜਾਬ ਦੇ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡਾਂ ਮਾਣਕਮਾਜਰਾ ਅਤੇ ਦਹਿਲੀਜ਼ ਖੁਰਦ ‘ਚ 13 ਕਰੋੜ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਇਲਾਕੇ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਪ੍ਰੋਜੈਕਟ ਪਹਿਲੀ ਵਾਰ ਇਸ ਖੇਤਰ ‘ਚ 3,832 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਅਤੇ ਭੂਮੀਗਤ ਪਾਣੀ ‘ਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਖੇਤਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨੂੰ ਸੁਰੱਖਿਅਤ ਕਰਨਾ ਹੈ, ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ “ਰੰਗਲਾ ਪੰਜਾਬ” ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀ ਦੇ ਹਿੱਸੇ ਦੀ ਰੱਖਿਆ ਕਰਨ ‘ਚ ਅਸਫਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਜਲ ਸਰੋਤਾਂ ਦੀ ਰੱਖਿਆ ਅਤੇ ਨਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ, ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।”

ਮਾਣਕਮਾਜਰਾ ਪਿੰਡ ‘ਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਤੋਂ ਇੱਕ ਨਵਾਂ ਭਸੌੜ ਮਾਈਨਰ ਬਣਾਇਆ ਹੈ, ਜਿਸ ਨੂੰ ਲਗਭਗ ₹4.07 ਕਰੋੜ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਨਾਲ ਸੀਮਿੰਟ ਕੀਤਾ ਹੈ। ਇਹ ਲਗਭਗ 50-60 ਸਾਲਾਂ ਬਾਅਦ ਮਲੇਰਕੋਟਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਨੌਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰਦਾਨ ਕਰੇਗਾ।

ਇਸ ਤੋਂ ਇਲਾਵਾ, ਭਸੌੜ ਮਾਈਨਰ ਤੋਂ ਦਰੋਗੇਵਾਲ ਅਤੇ ਮਾਣਕਮਾਜਰਾ ਪਿੰਡਾਂ ਤੱਕ ₹1.73 ਕਰੋੜ ਦੀ ਲਾਗਤ ਨਾਲ 7,640 ਮੀਟਰ ਲੰਬੀ ਭੂਮੀਗਤ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਹ ਪ੍ਰੋਜੈਕਟ ਪਹਿਲੀ ਵਾਰ 1,006 ਏਕੜ ਕਾਸ਼ਤਯੋਗ ਜ਼ਮੀਨ ਨੂੰ ਨਹਿਰੀ ਪਾਣੀ ਪ੍ਰਦਾਨ ਕਰੇਗਾ। ਇਸ ਮਾਈਨਰ ਤੋਂ ਲਗਭਗ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਤੱਕ 4,200 ਮੀਟਰ ਲੰਬੀ ਪਾਈਪਲਾਈਨ ਵਿਛਾਈ ਜਾ ਰਹੀ ਹੈ, ਜੋ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲਗਭਗ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਪ੍ਰਦਾਨ ਕਰੇਗੀ।

ਇਸੇ ਤਰ੍ਹਾਂ, ਪਿੰਡ ਦਹਿਲੀਜ ਖੁਰਦ ਵਿੱਚ ਲਗਭਗ 6.17 ਕਰੋੜ ਰੁਪਏ ਦੇ ਨਹਿਰੀ ਪਾਣੀ ਪ੍ਰੋਜੈਕਟਾਂ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਬਠਿੰਡਾ ਬ੍ਰਾਂਚ ਤੋਂ 5.63 ਕਰੋੜ ਰੁਪਏ ਦੀ ਲਾਗਤ ਨਾਲ 20,149 ਮੀਟਰ ਲੰਬੀ ਉੱਚ-ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ, ਜੋ ਪਹਿਲੀ ਵਾਰ ਪਿੰਡ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੇ ਕੁੱਲ 1486 ਏਕੜ ਨੂੰ ਭਰੋਸੇਯੋਗ ਨਹਿਰੀ ਪਾਣੀ ਪ੍ਰਦਾਨ ਕਰੇਗੀ, ਜਦੋਂ ਕਿ 360 ਏਕੜ ਪਿੰਡ ਦਹਿਲੀਜ ਕਲਾਂ ਅਤੇ ਦਹਿਲੀਜ ਖੁਰਦ ਨੂੰ 54 ਲੱਖ ਰੁਪਏ ਦੀ ਲਾਗਤ ਨਾਲ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਖੇਤੀਬਾੜੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰਗੜ੍ਹ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Read More: ਹਰਜੋਤ ਸਿੰਘ ਬੈਂਸ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ, ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ‘ਚ ਹੋਣਗੇ ਅਧਿਕਾਰੀ

ਵਿਦੇਸ਼

Scroll to Top