ਅੰਮ੍ਰਿਤਸਰ, 22 ਜੂਨ 2026: ਹਰਿਆਣਾ ਦੇ ਸਿਰਸਾ ਤੋਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਈ ਸੰਗਤਾਂ ਦੇ ਇੱਕ ਜੱਥੇ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ| ਇਸ ਹਾਦਸੇ ‘ਚ ਇੱਕ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਹਾਦਸੇ ਕਾਰਨ ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਸਿਰਸਾ ਤੋਂ 15 ਜਣਿਆਂ ਦਾ ਇੱਕ ਜੱਥਾ ਐਤਵਾਰ ਰਾਤ ਨੂੰ ਲਗਭਗ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਜੱਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ ਜਦੋਂ ਇੱਕ ਵੱਡਾ, ਦਹਾਕਿਆਂ ਪੁਰਾਣਾ ਦਰੱਖਤ ਅਚਾਨਕ ਡਿੱਗ ਪਿਆ। ਜਿਸ ਕਾਰਨ ਰਾਜਪ੍ਰੀਤ ਸਿੰਘ (13 ਸਾਲ) ਦਰੱਖਤ ਨਾਲ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਰੇਲਵੇ ਸਟੇਸ਼ਨ, ਅੰਮ੍ਰਿਤਸਰ ਦੇ ਏਐਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀ ਅਤੇ ਕਰਮਚਾਰੀ, ਜਿਨ੍ਹਾਂ ‘ਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਵੀ ਸ਼ਾਮਲ ਸਨ, ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਸੀ। ਰਾਜਪ੍ਰੀਤ ਨੇ ਛੋਟੀ ਉਮਰ ‘ਚ ਹੀ ਅੰਮ੍ਰਿਤ ਛਕ ਲਿਆ ਸੀ ਅਤੇ ਇੱਕ ਅੰਮ੍ਰਿਤਧਾਰੀ ਸਿੱਖ ਵਜੋਂ ਗੁਰਸਿੱਖ ਜੀਵਨ ਬਤੀਤ ਕਰ ਰਿਹਾ ਸੀ।
Read More: 5 ਫੀਸਦੀ ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਸਕੂਲ, ਪੰਜਾਬ ਕੈਬਨਿਟ ਬੈਠਕ ‘ਚ ਆਰਡੀਨੈਂਸ ਪਾਸ




