ਚੰਡੀਗੜ੍ਹ, 23 ਜੂਨ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਬੈਠਕ ‘ਚ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ, ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ, ਡਿਜੀਟਲ ਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਕੀ ਪਹੁੰਚ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਫੈਸਲੇ ਲਏ ਗਏ।
ਕੈਬਨਿਟ ਨੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਫੀਸ ਵਾਧੇ ਨੂੰ ਨਿਯਮਤ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਉਦਯੋਗਿਕ ਰਿਆਇਤ ਦਿਸ਼ਾ-ਨਿਰਦੇਸ਼ਾਂ ‘ਚ ਸੋਧ ਕੀਤੀ, ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਨੂੰ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ, ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਸਹਾਇਕ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦਿੱਤੀ।
ਨਿੱਜੀ ਸਕੂਲਾਂ ਦੁਆਰਾ ਫੀਸ ‘ਚ ਵਾਧੇ ‘ਤੇ ਲਗਾਮ
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਬੇਲੋੜੇ ਅਤੇ ਗੈਰ-ਵਾਜਬ ਫੀਸ ਵਾਧੇ ਨੂੰ ਰੋਕਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026′ ਨੂੰ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਇਹ ਆਰਡੀਨੈਂਸ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2016` ‘ਚ ਸੋਧ ਕਰ ਕੇ ਲਿਆਂਦਾ ਹੈ।
ਇਸ ਉਪਾਅ ਦਾ ਉਦੇਸ਼ ਫੀਸਾਂ ‘ਚ ਵਾਧੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਨਮਾਨੇ ਫੀਸ ਵਾਧੇ ਤੋਂ ਬਚਾਉਣਾ, ਫੀਸ ਢਾਂਚੇ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।
ਇਨ੍ਹਾਂ ਸੋਧਾਂ ਦੇ ਤਹਿਤ, ਫੀਸ ਵਾਧੇ ਅਤੇ ਕੁੱਲ ਫੀਸ ਵਾਧੇ ਦੀਆਂ ਪਰਿਭਾਸ਼ਾਵਾਂ ਨੂੰ ਹੋਰ ਸਪੱਸ਼ਟ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪ੍ਰਾਈਵੇਟ ਅਨਏਡਿਡ ਸਕੂਲਾਂ ਦੁਆਰਾ ਵੱਧ ਤੋਂ ਵੱਧ ਸਾਲਾਨਾ ਫੀਸ ਵਾਧੇ ਨੂੰ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। 5 ਫੀਸਦੀ ਤੋਂ ਵੱਧ ਫੀਸ ਵਾਧੇ ਲਈ ਸਬੰਧਤ ਰੈਗੂਲੇਟਰੀ ਸੰਸਥਾ ਤੋਂ ਪਹਿਲਾਂ ਇਜਾਜ਼ਤ ਦੀ ਲੋੜ ਹੋਵੇਗੀ।
ਉਦਯੋਗਿਕ ਵਿਕਾਸ ਲਈ ਕੈਪੀਟਲ ਸਬਸਿਡੀ/ਨਿਵੇਸ਼ ਰਿਆਇਤਾਂ ਦੀ ਵੰਡ ਸਬੰਧੀ ਦਿਸ਼ਾ-ਨਿਰਦੇਸ਼ਾਂ ‘ਚ ਸੋਧ
ਪੰਜਾਬ ਕੈਬਨਿਟ ਨੇ ਸੂਬੇ ਦੀਆਂ ਉਦਯੋਗਿਕ ਨੀਤੀਆਂ ਤਹਿਤ ਕੈਪੀਟਲ ਸਬਸਿਡੀ/ਨਿਵੇਸ਼ ਰਿਆਇਤਾਂ ਦੀ ਵੰਡ ਲਈ 13 ਨਵੰਬਰ, 2019 ਦੇ ਦਿਸ਼ਾ-ਨਿਰਦੇਸ਼ਾਂ ‘ਚ ਸੋਧ ਕਰਨ ਦੀ ਸਹਿਮਤੀ ਵੀ ਦਿੱਤੀ। ਇਨ੍ਹਾਂ ਸੋਧਾਂ ਦਾ ਉਦੇਸ਼ ਸਬਸਿਡੀ ਦੀ ਵੰਡ ਪ੍ਰਕਿਰਿਆ ਨੂੰ ਸਰਲ ਅਤੇ ਸੁਚਾਰੂ ਬਣਾਉਣਾ, ਪ੍ਰਸ਼ਾਸਨਿਕ ਕੁਸ਼ਲਤਾ ‘ਚ ਸੁਧਾਰ ਕਰਨਾ ਅਤੇ ਯੋਗ ਉਦਯੋਗਿਕ ਇਕਾਈਆਂ ‘ਚ ਇਕਸਾਰਤਾ ਯਕੀਨੀ ਬਣਾਉਣਾ ਹੈ।
ਸਰਕਾਰ ਵੱਲੋਂ ਸੋਧੇ ਢਾਂਚੇ ਤਹਿਤ ਦਿਸ਼ਾ-ਨਿਰਦੇਸ਼ਾਂ ਦੀਆਂ ਧਾਰਾਵਾਂ 1.1 ਅਤੇ 1.2 ਦੀ ਛੋਟ ਤੋਂ ਬਾਅਦ ਯੋਗ ਬਣਨ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਅਤੇ ਨਿਰਧਾਰਤ ਸ਼ਰਤਾਂ ਨੂੰ ਪੂਰਾ ਕਰਨ ਦੇ ਅਧਾਰ `ਤੇ ਕੈਪੀਟਲ ਸਬਸਿਡੀ ਜਾਰੀ ਕੀਤੀ ਜਾਵੇਗੀ।
ਪੰਜਾਬ ‘ਚ ਐਸ.ਡੀ.ਆਈ.ਪੀ. ਲਾਗੂ ਕਰਨ ‘ਤੇ ਸਹਿਮਤੀ
ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕਈ ਡੇਟਾਬੇਸਾਂ ਨੂੰ ਆਪਸ ‘ਚ ਜੋੜਨ, ਕਿਸੇ ਵੀ ਤਰ੍ਹਾਂ ਦੇ ਦੁਹਰਾਅ ਤੋਂ ਬਚਣ ਅਤੇ ਮੌਜੂਦਾ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਪੰਜਾਬ ‘ਚ ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ` ਲਾਗੂ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ।
ਪ੍ਰਾਜੈਕਟ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਤਿੰਨ-ਪੱਧਰੀ ਸੰਚਾਲਨ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਸੰਚਾਲਨ ਕਮੇਟੀ ‘ਚ ਪੰਜਾਬ ਦੇ ਮੁੱਖ ਸਕੱਤਰ ਚੇਅਰਪਰਸਨ ਵਜੋਂ, ਪ੍ਰਬੰਧਕੀ ਸਕੱਤਰ (ਗੁੱਡ ਗਵਰਨੈਂਸ) ਮੈਂਬਰ-ਕਨਵੀਨਰ ਵਜੋਂ ਅਤੇ ਹੋਰ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਕਮੇਟੀ ਦੇ ਮੈਂਬਰਾਂ ਵਜੋਂ ਸ਼ਾਮਲ ਹੋਣਗੇ।
ਦਸੂਹਾ ਸਬ-ਡਿਵੀਜ਼ਨ ਲਈ ਏ.ਡੀ.ਸੀ. (ਜਨਰਲ) ਤੇ ਸਹਿਯੋਗੀ ਸਟਾਫ਼ ਦੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ
ਪੰਜਾਬ ਕੈਬਨਿਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਯਾਨੀ ਏ.ਡੀ.ਸੀ. ਅਤੇ ਹੋਰ ਸਹਿਯੋਗੀ ਸਟਾਫ਼ ਦੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਇਸ ਨਾਲ ਇਲਾਕੇ ਦੇ ਉਨ੍ਹਾਂ ਲੋਕਾਂ ਨੂੰ ਬਹੁਤ ਵੱਡੀ ਮੱਦਦ ਮਿਲੇਗੀ, ਜਿਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਪ੍ਰਸ਼ਾਸਨਿਕ ਕੰਮਾਂ, ਪ੍ਰਵਾਨਗੀਆਂ, ਮਾਲੀਆ ਮਾਮਲਿਆਂ ਅਤੇ ਜਨਤਕ ਸ਼ਿਕਾਇਤਾਂ ਦੇ ਨਿਬੇੜੇ ਲਈ ਕਾਫ਼ੀ ਲੰਬਾ ਸਫ਼ਰ ਤੈਅ ਕਰਨਾ ਪੈਂਦਾ ਸੀ। ਇਸ ਕਾਰਨ ਲੋਕਾਂ ਦਾ ਸਮਾਂ ਤੇ ਪੈਸਾ ਬਰਬਾਦ ਹੁੰਦਾ ਸੀ ਅਤੇ ਜਨਤਾ ਨਾਲ ਜੁੜੇ ਮਾਮਲਿਆਂ ਦੇ ਨਿਬੇੜੇ ‘ਚ ਵੀ ਦੇਰੀ ਹੁੰਦੀ ਸੀ।
ਇਸ ਲਈ ਇਸ ਖੇਤਰ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਦਸੂਹਾ ਸਬ-ਡਿਵੀਜ਼ਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਮੇਤ ਹੋਰ ਸਹਿਯੋਗੀ ਸਟਾਫ਼ ਦੀਆਂ 5 ਅਸਾਮੀਆਂ ਸਿਰਜਣ ਦੀ ਸਹਿਮਤੀ ਦਿੱਤੀ ਹੈ।
Read More: ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ




