24 ਜੂਨ 2026: ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ 9.0 ਜਾਂ ਇਸ ਤੋਂ ਵੱਧ ਸੀਜੀਪੀਏ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਵੱਕਾਰੀ ‘ਅਚੀਵਰਜ਼ ਸੰਮੇਲਨ 2026’ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ 300 ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ‘ਚ ਪ੍ਰਸਿੱਧ ਸ਼ਖਸੀਅਤਾਂ, ਅਕਾਦਮਿਕ ਆਗੂਆਂ, ਫੈਕਲਟੀ ਮੈਂਬਰਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਸਮਾਗਮ ‘ਚ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਪ੍ਰੋ ਵਾਈਸ ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਆਪਣੇ ਸੰਬੋਧਨ ਦੌਰਾਨ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਕਾਦਮਿਕ ਉੱਤਮਤਾ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਜੀਵਨ ਭਰ ਸਿੱਖਣ ਦੀ ਸੋਚ ਦਾ ਨਤੀਜਾ ਹੁੰਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ, ਨਵੀਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਅਪਣਾਉਂਦੇ ਹੋਏ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਭਵਿੱਖ ਦੇ ਆਗੂਆਂ ਅਤੇ ਰਾਸ਼ਟਰ ਨਿਰਮਾਤਾਵਾਂ ਨੂੰ ਤਿਆਰ ਕਰਨਾ ਹੈ।
ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕਰਦਿਆਂ ਮਾਪਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਨੂੰ ਸਰਾਹਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਨੂੰ ਸਮਾਜਿਕ ਬਦਲਾਅ ਅਤੇ ਰਾਸ਼ਟਰ ਨਿਰਮਾਣ ਦਾ ਪ੍ਰਭਾਵਸ਼ਾਲੀ ਸਾਧਨ ਬਣਾਉਣ ਦਾ ਸੱਦਾ ਦਿੱਤਾ।
ਪ੍ਰੋ. (ਡਾ.) ਸਤੀਸ਼ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਗੁਣਵੱਤਾ ਭਰਪੂਰ ਸਿੱਖਿਆ, ਖੋਜ, ਨਵੀਨਤਾ ਅਤੇ ਸਰਵਪੱਖੀ ਵਿਕਾਸ ਨੂੰ ਪ੍ਰਾਥਮਿਕਤਾ ਦਿੰਦੀ ਹੈ, ਤਾਂ ਜੋ ਵਿਦਿਆਰਥੀ ਵਿਸ਼ਵ ਪੱਧਰ ਦੀਆਂ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕਰ ਸਕਣ।
ਡੀਨ ਸਟੂਡੈਂਟਸ ਵੈਲਫੇਅਰ ਪ੍ਰੋ. (ਡਾ.) ਸਿਮਰਜੀਤ ਕੌਰ ਨੇ ਸਮਾਗਮ ‘ਚ ਸ਼ਾਮਲ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਚੀਵਰਜ਼ ਸੰਮੇਲਨ ਮਿਹਨਤ, ਦ੍ਰਿੜਤਾ ਅਤੇ ਉੱਤਮਤਾ ਪ੍ਰਤੀ ਸਮਰਪਣ ਦਾ ਜਸ਼ਨ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਵਿਸ਼ਵ ਨਾਗਰਿਕ ਬਣਾਉਣ ਲਈ ਵਚਨਬੱਧ ਹੈ।
ਇਸ ਮੌਕੇ ਯੂਨੀਵਰਸਿਟੀ ਵੱਲੋਂ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਵਿਸ਼ਵਾਸ ਨੇ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ। ਸਮਾਗਮ ਦਾ ਸਮਾਪਨ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਨਾਲ ਹੋਇਆ ਅਤੇ ਅਕਾਦਮਿਕ ਉੱਤਮਤਾ ਨੂੰ ਹੋਰ ਪ੍ਰੋਤਸਾਹਿਤ ਕਰਨ ਦੇ ਸੰਕਲਪ ਨੂੰ ਦੁਹਰਾਇਆ ਗਿਆ।
Read More: ਰਿਆਤ ਬਾਹਰਾ ਯੂਨੀਵਰਸਿਟੀ ਤੇ ਸ਼ੁਕਰਾ ਫਾਰਮਾਸਿਊਟੀਕਲਜ਼ ਵਿਚਾਲੇ ਅਹਿਮ ਸਮਝੌਤਾ ਸਹੀਬੱਧ




