ਲੁਧਿਆਣਾ, 29 ਜੂਨ 2026: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਚੁੱਕਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਉਨ੍ਹਾਂ ਦੀ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਅਗਲੇ ਪੱਧਰ ‘ਤੇ ਲੈ ਜਾਂਦੀ ਹੈ| ਇਸ ਮੁਹਿੰਮ ਦੌਰਾਨ, ਉਨ੍ਹਾਂ ਨੇ ਨਸ਼ਾ ਮੁਕਤ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੀਆਂ “ਸੂਰਮਾ” ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ|
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕਰਨਾ ਹੈ ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਲੜਾਈ ਦੀ ਅਗਵਾਈ ਕਰਨਗੇ| ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹੇ ਵਿਅਕਤੀਆਂ ਦਾ ਸਨਮਾਨ ਕਰਦੇ ਹੋਏ, ਉਨ੍ਹਾਂ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ|
ਖੇਡਾਂ ਨੂੰ ਨਸ਼ਿਆਂ ਦੀ ਬੁਰਾਈ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਦਿਆਂ, ਉਨ੍ਹਾਂ ਐਲਾਨ ਕੀਤਾ ਕਿ 15 ਜੁਲਾਈ ਤੱਕ, ਪੰਜਾਬ ਭਰ ‘ਚ ਲਗਭੱਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ‘ਚ ਲਿਜਾਣ ਲਈ ਕਾਰਜਸ਼ੀਲ ਹੋ ਜਾਣਗੇ| ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਮਿਆਰੀ ਸਿੱਖਿਆ, ਵਿਸ਼ਵਵਿਆਪੀ ਸਿਹਤ ਸੰਭਾਲ, ਖੇਡ ਬੁਨਿਆਦੀ ਢਾਂਚੇ ਅਤੇ ਮੁੜ ਵਸੇਬੇ ‘ਤੇ ਇੱਕੋ ਸਮੇਂ ਧਿਆਨ ਕੇਂਦਰਿਤ ਕਰਨਾ ਨਸ਼ਾ ਮੁਕਤ ਅਤੇ ਟਿਕਾਊ ਪੰਜਾਬ ਦੀ ਨੀਂਹ ਰੱਖ ਰਿਹਾ ਹੈ|
ਕੁਝ ਮੁੱਖ ਨੁਕਤੇ ਸਾਂਝੇ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ਅਸੀਂ ‘ਸੂਰਮਾ ਮੁਹਿੰਮ’ ਸ਼ੁਰੂ ਕੀਤਾ ਅਤੇ ਉਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਨਸ਼ੇ ਦੀ ਲਤ ਤੋਂ ਮੁਕਤ ਹੋ ਕੇ ਨਵੀਂ ਜ਼ਿੰਦਗੀ ਸ਼ੁਰੂ ਕੀਤੀ ਹੈ| ਇਨ੍ਹਾਂ ਪ੍ਰੇਰਨਾਦਾਇਕ ਨੌਜਵਾਨਾਂ, ਜੋ ਦੂਜਿਆਂ ਲਈ ਰੋਲ ਮਾਡਲ ਬਣ ਗਏ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ|
15 ਜੁਲਾਈ ਤੱਕ, ਪੰਜਾਬ ਭਰ ‘ਚ ਨੌਜਵਾਨਾਂ ਲਈ 3,100 ਨਵੇਂ ਖੇਡ ਮੈਦਾਨ ਅਤੇ 3,000 ਜਿੰਮ ਤਿਆਰ ਕੀਤੇ ਜਾਣਗੇ| ਅੱਜ, ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ‘ਚ ਪਹਿਲੇ ਸਥਾਨ ‘ਤੇ ਹੈ, ਅਤੇ 47 ਲੱਖ ਪਰਿਵਾਰਾਂ ਨੂੰ ਮੁਫ਼ਤ ਇਲਾਜ ਲਈ ₹10 ਲੱਖ ਦੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਪ੍ਰਾਪਤ ਹੋਏ ਹਨ।
ਰੋਡ ਸੇਫਟੀ ਫੋਰਸ (SSF) ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50 ਫੀਸਦੀ ਦੀ ਕਮੀ ਕੀਤੀ ਹੈ, ਜਿਸ ਨਾਲ ਹਰ ਸਾਲ ਲਗਭੱਗ 2,700 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕੱਠ ‘ਚ ਮੌਜੂਦ ਨੌਜਵਾਨਾਂ ਨੇ ਸਭ ਕੁਝ ਗੁਆਉਣ ਤੋਂ ਬਾਅਦ ਨਸ਼ੇ ਦੀ ਦਲਦਲ ‘ਚੋਂ ਆਜ਼ਾਦ ਹੋ ਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ|
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਸਮਾਜਿਕ ਕਲੰਕ ਦੇ ਬਾਵਜੂਦ ਨਸ਼ੇ ‘ਤੇ ਕਾਬੂ ਪਾਉਣ ‘ਚ ਅਸਾਧਾਰਨ ਹਿੰਮਤ ਦਿਖਾਈ ਹੈ| ਮੁੱਖ ਮੰਤਰੀ ਨੇ ਕਿਹਾ, “ਨਸ਼ਾ ਇੱਕ ਸਮਾਜਿਕ ਕਲੰਕ ਹੈ| ਜਦੋਂ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਕੋਈ ਨਸ਼ੇ ਦਾ ਆਦੀ ਹੈ, ਤਾਂ ਉਹ ਉਸ ਵਿਅਕਤੀ ਨਾਲ ਗੱਲ ਕਰਨਾ ਬੰਦ ਕਰ ਦਿੰਦੇ ਹਨ| ਇਨ੍ਹਾਂ ਨੌਜਵਾਨਾਂ ਨੇ ਉਸ ਦਰਦ ਅਤੇ ਮਾਨਸਿਕ ਪੀੜਾ ਨੂੰ ਸਹਿਣ ਕੀਤਾ ਹੈ, ਪਰ ਅੱਜ ਉਹ ਇੱਕ ਨਵੀਂ ਸ਼ੁਰੂਆਤ ਕਰਨ ਅਤੇ ਸਮਾਜ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ|”
ਮੁੱਖ ਮੰਤਰੀ ਨੇ ਕਿਹਾ, “ਇਹ ਨੌਜਵਾਨ ਨਸ਼ੇ ਦੀ ਬਿਮਾਰੀ ‘ਤੇ ਕਾਬੂ ਪਾ ਚੁੱਕੇ ਹਨ ਅਤੇ ਹੁਣ ਆਪਣੇ ਤਜਰਬੇ ਸਾਂਝੇ ਕਰਕੇ ਦੂਜਿਆਂ ਦੀ ਮੱਦਦ ਕਰ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨਸ਼ੇਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਲਗਾਤਾਰ ਯਤਨ ਕਰ ਰਹੀ ਹੈ, ਅਤੇ ਸੂਬੇ ਭਰ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਪੁਨਰਵਾਸ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ 15 ਜੁਲਾਈ ਤੱਕ, ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ‘ਚ ਲਿਜਾਣ ਲਈ ਪੰਜਾਬ ਭਰ ਦੇ ਲਗਭੱਗ 3,100 ਪਿੰਡਾਂ ਅਤੇ 3,000 ਜਿੰਮ ‘ਚ ਖੇਡ ਦੇ ਮੈਦਾਨ ਕਾਰਜਸ਼ੀਲ ਹੋ ਜਾਣਗੇ।
ਇਸ ਮੌਕੇ ਹਾਜ਼ਰ ਸਾਰੇ ਨਸ਼ਾ ਮੁਕਤ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣਾ ਦੁਖਦਾਈ ਅਤੀਤ ਛੱਡ ਕੇ ਇੱਕ ਸੁਨਹਿਰੀ ਭਵਿੱਖ ਵੱਲ ਵਧ ਰਹੇ ਹਨ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਨੇਕ ਮਿਸ਼ਨ ‘ਚ ਪੰਜਾਬ ਸਰਕਾਰ ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ| ਉਨ੍ਹਾਂ ਕਿਹਾ, “ਰੰਗਲਾ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਿਰਫ਼ ਇੱਕ ਰੰਗ ਬਾਕੀ ਹੈ, ਅਤੇ ਉਹ ਵੀ ਜਲਦੀ ਹੀ ਭਰਿਆ ਜਾਵੇਗਾ, ਕਿਉਂਕਿ ਪੰਜਾਬ ਜਲਦੀ ਹੀ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ|”
ਸੂਬੇ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਸਿੱਖਿਆ ਖੇਤਰ ਨੂੰ ਬਦਲ ਦਿੱਤਾ ਹੈ, ਜਿਸ ਨਾਲ ਪੰਜਾਬ 27ਵੇਂ ਸਥਾਨ ਤੋਂ ਪਹਿਲੇ ਸਥਾਨ ‘ਤੇ ਪਹੁੰਚਿਆ ਹੈ, ਕੇਰਲਾ ਅਤੇ ਕਈ ਹੋਰ ਸੂਬਿਆਂ ਨੂੰ ਪਛਾੜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਗਰੀਬੀ ਨੂੰ ਖਤਮ ਕਰਨ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ| “ਸਾਡੇ ਸਕੂਲਾਂ ਵਿੱਚ ਪੜ੍ਹ ਰਹੇ ਬੱਚੇ ਕੱਲ੍ਹ ਨੂੰ ਉੱਚ-ਦਰਜੇ ਦੇ ਅਧਿਕਾਰੀ ਬਣਨਗੇ ਅਤੇ ਆਪਣੇ ਪਰਿਵਾਰਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਵਿੱਚ ਮੱਦਦ ਕਰਨਗੇ| ਸਿਰਫ਼ ਕਾਰਡ ਜਾਂ ਮੁਫ਼ਤ ਸੇਵਾਵਾਂ ਹੀ ਗਰੀਬੀ ਨੂੰ ਖਤਮ ਨਹੀਂ ਕਰ ਸਕਦੀਆਂ, ਪਰ ਸਿੱਖਿਆ ‘ਚ ਅਜਿਹਾ ਕਰਨ ਦੀ ਸ਼ਕਤੀ ਅਤੇ ਸਮਰੱਥਾ ਜ਼ਰੂਰ ਹੈ|”
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ‘ਚੋਂ, 17.47 ਲੱਖ ਪਰਿਵਾਰਾਂ ਨੂੰ ਪਹਿਲਾਂ ਹੀ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਮਿਲ ਚੁੱਕੇ ਹਨ, ਜਿਸ ਨਾਲ ਉਹ ਮੁਫ਼ਤ ਡਾਕਟਰੀ ਇਲਾਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਲਾਭਪਾਤਰੀਆਂ ਨੂੰ ਲਗਭਗ 650 ਕਰੋੜ ਰੁਪਏ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਸੂਬਾ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਸਿੰਚਾਈ ਲਈ 80 ਪ੍ਰਤੀਸ਼ਤ ਨਹਿਰੀ ਪਾਣੀ ਦੀ ਵਰਤੋਂ ਕਰ ਰਿਹਾ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਸੜਕ ਸੁਰੱਖਿਆ ਬਲ (SSF) ਨੇ ਸੜਕ ਹਾਦਸਿਆਂ ਵਿੱਚ ਲਗਭਗ 3,000 ਜਾਨਾਂ ਬਚਾਈਆਂ ਹਨ, ਲਗਭਗ 90 ਪ੍ਰਤੀਸ਼ਤ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਕਈ ਹੋਰ ਲੋਕ ਭਲਾਈ ਯੋਜਨਾਵਾਂ ਨੇ ਲੋਕਾਂ ਨੂੰ ਬਹੁਤ ਲਾਭ ਪਹੁੰਚਾਇਆ ਹੈ|
Read More: CM ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ‘ਚ 500 ਪੇਂਡੂ ਜਿੰਮ ਜਨਤਾ ਨੂੰ ਸਮਰਪਿਤ




