ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਟੇਲਾਂ ਤੱਕ ਪਹੁੰਚਿਆ ਨਹਿਰੀ ਪਾਣੀ
ਮਾਨ ਸਰਕਾਰ ਨੇ ਕੰਢੀ ਇਲਾਕੇ ਦੀ ਬਦਲੀ ਨੁਹਾਰ
ਪੰਜਾਬ ਦੀ ਅਰਥਵਿਵਸਥਾ ਦਾ ਅਧਾਰ ਖੇਤੀਬਾੜੀ ਹੈ ਅਤੇ ਖੇਤੀਬਾੜੀ ਦੀ ਰੂਹ ਪਾਣੀ ਹੈ|ਜਿੱਥੇ ਪਾਣੀ ਦੀ ਕਮੀ ਹੁੰਦੀ ਹੈ, ਉੱਥੇ ਕਿਸਾਨਾਂ ਦੀਆਂ ਉਮੀਦਾਂ ਵੀ ਸੁੱਕਣ ਲੱਗ ਪੈਂਦੀਆਂ ਹਨ| ਸਾਲਾਂ ਤੋਂ ਪੰਜਾਬ ਦੇ ਕੰਢੀ ਅਤੇ ਨੀਮ-ਪਹਾੜੀ ਇਲਾਕਿਆਂ ਦੇ ਕਿਸਾਨ ਇਸੇ ਮੁਸ਼ਕਿਲ ਨਾਲ ਜੂਝ ਰਹੇ ਸਨ|ਨਹਿਰਾਂ ਦਾ ਪਾਣੀ ਉੱਚੇ ਇਲਾਕਿਆਂ ਤੱਕ ਨਹੀਂ ਪਹੁੰਚਦਾ ਸੀ ਅਤੇ ਕਿਸਾਨਾਂ ਨੂੰ ਮਹਿੰਗੇ ਟਿਊਬਵੈੱਲਾਂ ਜਾਂ ਮੀਂਹ ਦੇ ਸਹਾਰੇ ਖੇਤੀ ਕਰਨੀ ਪੈਂਦੀ ਸੀ|ਹੁਣ ਇਹ ਹਾਲਾਤ ਬਦਲ ਗਏ ਹਨ|
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੰਚਾਈ ਖੇਤਰ ‘ਚ ਇੱਕ ਅਜਿਹਾ ਉਪਰਾਲਾ ਕੀਤਾ ਹੈ, ਜਿਸ ਨੇ ਕੰਢੀ ਇਲਾਕੇ ਦੀ ਤਸਵੀਰ ਬਦਲਣੀ ਸ਼ੁਰੂ ਕਰ ਦਿੱਤੀ ਹੈ|ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਸਿਰਫ਼ ਇੱਕ ਪ੍ਰਾਜੈਕਟ ਨਹੀਂ, ਸਗੋਂ ਉਨ੍ਹਾਂ ਹਜ਼ਾਰਾਂ ਕਿਸਾਨਾਂ ਲਈ ਨਵੀਂ ਜ਼ਿੰਦਗੀ ਦਾ ਸੁਨੇਹਾ ਹੈ ਜੋ ਦਹਾਕਿਆਂ ਤੋਂ ਪਾਣੀ ਦੀ ਘਾਟ ਕਾਰਨ ਪਰੇਸ਼ਾਨ ਸਨ|
ਖਾਸ ਕਰਕੇ ਉਹ ਇਲਾਕੇ ਜਿੱਥੇ ਨਹਿਰਾਂ ਦਾ ਪਾਣੀ ਟੇਲਾਂ ਤੱਕ ਨਹੀਂ ਪਹੁੰਚਦਾ ਸੀ, ਉੱਥੇ ਕਿਸਾਨਾਂ ਨੂੰ ਮਜਬੂਰੀ ਵੱਸ ਮਹਿੰਗੇ ਟਿਊਬਵੈੱਲਾਂ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰ ਰਹਿਣਾ ਪੈਂਦਾ ਸੀ|ਹੁਣ ਪੰਜਾਬ ਸਰਕਾਰ ਨੇ ਇੱਕ ਅਜਿਹਾ ਕਦਮ ਚੁੱਕਿਆ ਹੈ, ਜਿਸ ਨਾਲ ਟੇਲਾਂ ‘ਤੇ ਬੈਠੇ ਕਿਸਾਨਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ਼ ਨਜ਼ਰ ਆ ਰਹੀ ਹੈ|ਮਾਨ ਸਰਕਾਰ ਵੱਲੋਂ ਪੰਜਾਬ ਦੇ ਨਹਿਰੀ ਸਿਸਟਮ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ|
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੁਤਾਬਕ ਟੇਲਾਂ ‘ਤੇ ਪਾਣੀ ਦੀ ਉਪਲਬੱਧਤਾ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਤੱਕ ਪਹੁੰਚ ਗਈ ਹੈ| ਸਰਕਾਰ ਨੇ ਫ਼ਾਜ਼ਿਲਕਾ ਹਲਕੇ ‘ਚ 45.74 ਕਰੋੜ ਰੁਪਏ ਦੀ ਲਾਗਤ ਵਾਲੇ 7 ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਹੈ|ਇਸਤੋਂ ਇਲਾਵਾ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ 3 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ|
ਕਈ ਸਾਲਾਂ ਤੋਂ ਬੰਦ ਪਈਆਂ ਨਹਿਰਾਂ ਦੀ ਸਫ਼ਾਈ ਕਰਵਾਈ ਗਈ, ਟੁੱਟੇ ਹੋਏ ਕੱਚੇ ਰਾਹਾਂ ਨੂੰ ਠੀਕ ਕੀਤਾ ਗਿਆ|ਲੰਬੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕਿਆਂ ‘ਚ ਮਾਨ ਸਰਕਾਰ ਨੇ ਸਿੰਚਾਈ ਖੇਤਰ ‘ਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ‘ਚ ਤਬਦੀਲ ਕਰ ਦਿੱਤਾ ਹੈ| ਸਰਕਾਰ ਵੱਲੋਂ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਗਿਆ|
ਮਾਨ ਸਰਕਾਰ ਦੀਆਂ ਕਿਸਾਨ-ਹਿਤੈਸ਼ੀ ਨੀਤੀਆਂ ਨਾਲ ਇਸ ਪ੍ਰਾਜੈਕਟ ਰਾਹੀਂ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ ਅਤੇ ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ|ਇਸ ਪ੍ਰਾਜੈਕਟ ਨਾਲ ਲਗਭੱਗ 33 ਪਿੰਡਾਂ ਦੀ 11,500 ਏਕੜ ਜ਼ਮੀਨ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਉਤਪਾਦਕਤਾ ‘ਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋਵੇਗਾ|
ਇਹ ਪਹਿਲ ਖੇਤਰ ਦੀ ਖੇਤੀਬਾੜੀ ਤਸਵੀਰ ਨੂੰ ਬਦਲਣ ‘ਚ ਮੀਲ ਪੱਥਰ ਸਾਬਤ ਹੋਵੇਗੀ। ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਕੰਢੀ ਨਹਿਰ ਸਿਸਟਮ ਅਤੇ ਬਿਸਤ-ਦੁਆਬ ਪ੍ਰਣਾਲੀ ਰਾਹੀਂ ਉਚਾਈ ਕਾਰਨ ਸਿੰਜਾਈ ਤੋਂ ਵਾਂਝੇ ਰਹਿ ਗਏ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਕ ਇਤਿਹਾਸਿਕ ਉਪਰਾਲਾ ਸਾਬਤ ਹੋ ਸਕਦਾ ਹੈ| ਪੰਜਾਬ ਸਰਕਾਰ ਦੇ ਇਸ ਪ੍ਰਾਜੈਕਟ ਨਾਲ ਕੰਢੀ ਖੇਤਰ ਨੂੰ ਬਹੁਤ ਲਾਭ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ’ਤੇ ਦਬਾਅ ਵੀ ਘਟੇਗਾ|
ਇਹ ਪ੍ਰਾਜੈਕਟ ਤਿੰਨ ਪੜਾਵਾਂ ‘ਚ ਮੁਕੰਮਲ ਹੋਵੇਗਾ 67 ਕਰੋੜ ਰੁਪਏ ਦੀ ਲਾਗਤ ਵਾਲਾ ਪਹਿਲਾ ਪੜਾਅ ਫਰਵਰੀ 2026 ‘ਚ ਮੁਕੰਮਲ ਹੋ ਚੁੱਕਾ ਹੈ, ਜਿਸ ਤਹਿਤ 13 ਪਿੰਡਾਂ ਦੇ 4,000 ਏਕੜ ਰਕਬੇ ਨੂੰ ਕਵਰ ਕੀਤਾ ਗਿਆ ਹੈ| 107 ਕਰੋੜ ਰੁਪਏ ਦੀ ਲਾਗਤ ਵਾਲਾ ਦੂਜਾ ਪੜਾਅ ਸਤੰਬਰ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ|
ਇਸ ਤਹਿਤ 14 ਪਿੰਡਾਂ ਦੇ 5,500 ਏਕੜ ਰਕਬੇ ਨੂੰ ਕਵਰ ਕੀਤਾ ਜਾ ਸਕਦਾ|40 ਕਰੋੜ ਦੀ ਲਾਗਤ ਵਾਲੇ ਤੀਜੇ ਪੜਾਅ ਨਾਲ 6 ਪਿੰਡਾਂ ‘ਚ 2,000 ਏਕੜ ਰਕਬੇ ਲਈ ਸਿੰਚਾਈ ਯਕੀਨੀ ਬਣਾਈ ਜਾ ਸਕਦੀ ਹੈ|ਪੰਜਾਬ ਸਰਕਾਰ ਵਲੋਂ ਇਸ ਸਕੀਮ ਨੂੰ ਬਿਸਤ ਦੁਆਬ ਨਹਿਰ ਨਾਲ ਜੋੜਿਆ ਗਿਆ ਹੈ, ਜਿਸ ਦੀ ਡਿਸਚਾਰਜ ਸਮਰੱਥਾ 67 ਕਿਊਸਿਕ ਹੈ|
ਇਸ ਤਹਿਤ ਪੰਪਾਂ ਰਾਹੀਂ ਪਾਣੀ ਉਪਰ ਚੁੱਕਿਆ ਜਾ ਸਕਦਾ ਅਤੇ ਉੱਚ-ਨੀਵੇਂ ਅਤੇ ਅਰਧ-ਪਹਾੜੀ ਖੇਤੀਬਾੜੀਯੋਗ ਖੇਤਰਾਂ ‘ਚ ਇੱਕ ਵਿਸ਼ਾਲ ਪਾਈਪਲਾਈਨ ਨੈਟਵਰਕ ਰਾਹੀਂ ਸਪਲਾਈ ਕੀਤਾ ਜਾਵੇਗਾ|ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਕਮੀ ਅਤੇ ਟਿਊਬਵੈੱਲਾਂ ਦੇ ਬੰਦ ਹੋਣ ਕਾਰਨ ਕੰਢੀ ਖੇਤਰ ਦੇ ਕਿਸਾਨਾਂ ਨੂੰ ਮੀਂਹ ‘ਤੇ ਬਹੁਤ ਜ਼ਿਆਦਾ ਨਿਰਭਰ ਰਹਿਣਾ ਪੈਂਦਾ ਸੀ, ਜਿਸ ਕਾਰਨ ਫ਼ਸਲੀ ਵਿਭਿੰਨਤਾ ਅਤੇ ਉਤਪਾਦਕਤਾ ਵੀ ਸੀਮਤ ਰਹਿੰਦੀ ਸੀ| ਅਰਧ-ਪਹਾੜੀ ਇਲਾਕਾ ਹੋਣ ਕਰਕੇ ਰਵਾਇਤੀ ਨਹਿਰੀ ਪ੍ਰਣਾਲੀਆਂ ਪਹਿਲਾਂ ਸੰਭਵ ਨਹੀਂ ਸਨ, ਜਿਸ ਕਾਰਨ ਜ਼ਮੀਨ ਦੀਆਂ ਕੀਮਤਾਂ ਵੀ ਘੱਟ ਸਨ|ਇਸ ਪ੍ਰਾਜੈਕਟ ਤੋਂ ਪਹਿਲਾਂ ਬਲਾਚੌਰ ਹਲਕੇ ਦੇ 72 ਪਿੰਡਾਂ ‘ਚ 28,205 ਏਕੜ ‘ਤੇ ਸਿੰਚਾਈ ਦੀ ਸਹੂਲਤ ਉਪਲਬਧ ਸੀ|
ਇਸ ਯੋਜਨਾ ਦੇ ਮੁਕੰਮਲ ਹੋਣ ਨਾਲ ਸਿੰਚਾਈ ਦਾ ਦਾਇਰਾ 105 ਪਿੰਡਾਂ ‘ਚ 39,705 ਏਕੜ ਤੱਕ ਪਹੁੰਚ ਜਾਵੇਗਾ|ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਲਗਭੱਗ 94,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ|ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ‘ਚ ਹੁਣ ਤੱਕ 6700 ਕਰੋੜ ਰੁਪਏ ਖਰਚ ਕੀਤੇ ਹਨ|
ਪਹਿਲਾਂ ਸਿੰਚਾਈ ਲਈ ਸਿਰਫ 22 ਫ਼ੀਸਦੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ, ਪਰ ਮਾਨ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ ਵਧ ਕੇ 78 ਫ਼ੀਸਦੀ ਤੱਕ ਪਹੁੰਚ ਗਈ ਹੈ|ਨਹਿਰਾਂ ਦੀ ਮਜ਼ਬੂਤੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਬਿਜਲੀ ਦੀ ਖਪਤ ’ਚ ਕਮੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ‘ਚ ਵੀ ਵਾਧਾ ਹੋਇਆ ਹੈ|
Read More: ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ‘ਚ ਲੋਕ ਬਣੇ ਪੰਜਾਬ ਸਰਕਾਰ ਦੇ ਸਾਥੀ




