ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ, ਪਰ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ਦਰਮਿਆਨ ਪਾੜਾ ਪਾਉਣ ਲਈ ਵਰਤਣਾ ਬਿਲਕੁਲ ਗਲਤ ਹੈ। ਕੈਪਟਨ ਨੇ ਆਪਣੀ ਹੀ ਪਾਰਟੀ ਦੇ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ’ਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਕੇ ਬੇਵਜ੍ਹਾ ਇਸ ਸੰਵੇਦਨਸ਼ੀਲ ਮੁੱਦੇ ਨੂੰ ਹਵਾ ਦੇ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਘਟਨਾਵਾਂ ਨੂੰ ਇਕਪਾਸੜ ਨਜ਼ਰੀਏ ਨਾਲ ਦੇਖਣ ਦੀ ਬਜਾਏ ਪੂਰੇ ਪ੍ਰਸੰਗ ਵਿਚ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸ ਕਾਲੇ ਦੌਰ ਵਿਚ ਕਰੀਬ 25 ਹਜ਼ਾਰ ਲੋਕ ਮਾਰੇ ਗਏ ਸਨ, ਤਾਂ 1,800 ਪੁਲਿਸ ਮੁਲਾਜ਼ਮਾਂ ਨੇ ਵੀ ਅੱਤਵਾਦ ਨਾਲ ਲੜਦਿਆਂ ਸ਼ਹਾਦਤ ਦਿੱਤੀ ਹੈ। ਇਸ ਤੋਂ ਇਲਾਵਾ ਹਜ਼ਾਰਾਂ ਬੇਗੁਨਾਹ ਨਾਗਰਿਕਾਂ ਨੇ ਵੀ ਆਪਣੀਆਂ ਜਾਨਾਂ ਗੁਆਈਆਂ। ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਫ਼ਿਲਮ ‘ਤੇ ਲੱਗੀ ਰੋਕ ਬਾਰੇ ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਫ਼ਿਲਮ ਕਿਸ ਦੇ ਕਹਿਣ ‘ਤੇ ਹਟਾਈ ਗਈ, ਪਰ ਓ. ਟੀ. ਟੀ. (OTT) ਪਲੇਟਫਾਰਮ ਤੋਂ ਹਟਣ ਮਗਰੋਂ ਲੋਕਾਂ ਅੰਦਰ ਇਸ ਪ੍ਰਤੀ ਉਤਸੁਕਤਾ ਹੋਰ ਵਧ ਗਈ ਹੈ।
ਇਸ ਦੌਰਾਨ ਉਨ੍ਹਾਂ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਅਤੇ ਸਾਬਕਾ ਡੀ. ਜੀ. ਪੀ. ਕੇ. ਪੀ. ਐੱਸ. ਗਿੱਲ ਦੋਵਾਂ ਦੀਆਂ ਭੂਮਿਕਾਵਾਂ ਦਾ ਜ਼ਿਕਰ ਕੀਤਾ। ਕੈਪਟਨ ਨੇ ਖਾਲੜਾ ਦੇ ਕੰਮ ਦੀ ਹਮਾਇਤ ਕਰਦਿਆਂ ਕਿਹਾ ਕਿ ਉਹ ਲਾਪਤਾ ਹੋਏ ਲੋਕਾਂ ਦੇ ਸਬੂਤ ਇਕੱਠੇ ਕਰ ਰਹੇ ਸਨ, ਜਿਸ ਵਿਚ ਕੁਝ ਵੀ ਗਲਤ ਨਹੀਂ ਸੀ। ਦੂਜੇ ਪਾਸੇ ਉਨ੍ਹਾਂ ਕੇ. ਪੀ. ਐੱਸ. ਗਿੱਲ ਦਾ ਬਚਾਅ ਕਰਦਿਆਂ ਕਿਹਾ ਕਿ ਪੰਜਾਬ ਵਿਚੋਂ ਅੱਤਵਾਦ ਦਾ ਖ਼ਾਤਮਾ ਕਰਨ ਵਿਚ ਨਿਭਾਈ ਗਈ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਵੀ ਅੱਖੋਂ-ਓਹਲੇ ਨਹੀਂ ਕੀਤਾ ਜਾ ਸਕਦਾ।
ਸਾਬਕਾ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਨਵੀਂ ਪੀੜ੍ਹੀ ਨੂੰ ਪੁਰਾਣੀਆਂ ਘਟਨਾਵਾਂ ਦੇ ਆਧਾਰ ’ਤੇ ਭੜਕਾਉਣਾ ਬੇਹੱਦ ਖ਼ਤਰਨਾਕ ਸਾਬਤ ਹੋ ਸਕਦਾ ਹੈ। ਅਤੀਤ ਤੋਂ ਸਬਕ ਲੈਣਾ ਚਾਹੀਦਾ ਹੈ ਨਾ ਕਿ ਨਫ਼ਰਤ ਫੈਲਾਉਣੀ ਚਾਹੀਦੀ ਹੈ, ਕਿਉਂਕਿ ਅੱਤਵਾਦ ਦੇ ਸਭ ਤੋਂ ਮਾੜੇ ਦੌਰ ਵਿਚ ਵੀ ਪੰਜਾਬ ਦੇ ਹਿੰਦੂ-ਸਿੱਖ ਭਾਈਚਾਰੇ ਨੇ ਆਪਣੀ ਆਪਸੀ ਸਾਂਝ ਅਤੇ ਅਖੰਡਤਾ ਨੂੰ ਟੁੱਟਣ ਨਹੀਂ ਦਿੱਤਾ ਸੀ।
Read More : ਕਮਰੇ ਦੀ ਛੱਤ ਡਿੱਗਣ ਨਾਲ ਮਾਂ ਤੇ ਪੁੱਤਰ ਦੀ ਮੌ.ਤ, ਦੋ ਧੀਆਂ ਗੰਭੀਰ ਜ਼ਖਮੀ




