ਪੰਜਾਬ ਸਰਕਾਰ ਦੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨੇ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਤਰੀਕੇ ‘ਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ|ਇਸ ਪਹਿਲਕਦਮੀ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ, ਲੰਬੀਆਂ ਕਤਾਰਾਂ ਅਤੇ ਅਕਸਰ ਹੋਣ ਵਾਲੀ ਦੇਰੀ ਤੋਂ ਰਾਹਤ ਮਿਲੀ ਹੈ|
ਇਸ ਪਹਿਲਕਦਮੀ ਨੇ ਸਰਕਾਰੀ ਸੇਵਾ ਪ੍ਰਦਾਨ ਕਰਨ ‘ਚ ਦੇਰੀ ਨੂੰ ਘਟਾ ਦਿੱਤਾ ਹੈ, ਵਿਚੋਲਿਆਂ ‘ਤੇ ਨਿਰਭਰਤਾ ਘਟਾ ਦਿੱਤੀ ਹੈ ਅਤੇ ਪ੍ਰਸ਼ਾਸਨ ਨੂੰ ਵਧੇਰੇ ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਬਣਾਇਆ ਹੈ|ਪੰਜਾਬ ਸਰਕਾਰ ਮੁਤਾਬਕ ਇਸ ਤਕਨਾਲੋਜੀ-ਆਧਾਰਿਤ ਪ੍ਰਣਾਲੀ ਰਾਹੀਂ ਹੁਣ ਤੱਕ ਨਾਗਰਿਕਾਂ ਨੂੰ 310,000 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ|ਇਸਦੇ ਨਾਲ ਹੀ ਵੱਖ-ਵੱਖ ਵਿਭਾਗਾਂ ‘ਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ 0.33 ਫ਼ੀਸਦੀ ਰਹਿ ਗਈ ਹੈ|
ਪੰਜਾਬ ਦੇ ਲੋਕ 1076 ਹੈਲਪਲਾਈਨ ‘ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ|ਇੱਕ ਵਾਰ ਅਪਾਇੰਟਮੈਂਟ ਤਹਿ ਹੋਣ ਤੋਂ ਬਾਅਦ, ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਲੋਕਾਂ ਦੇ ਘਰਾਂ ‘ਚ ਜਾਂਦੇ ਹਨ ਅਤੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ| ਇਹ ਆਪਰੇਟਰ ਅਰਜ਼ੀਆਂ ਭਰਨ ‘ਚ ਸਹਾਇਤਾ ਕਰਦੇ ਹਨ ਅਤੇ ਅਰਜ਼ੀ ਔਨਲਾਈਨ ਜਮ੍ਹਾਂ ਕਰਦੇ ਹਨ|ਇਸ ਨਾਲ ਲਾਭਪਾਤਰੀ ਨੂੰ ਸਰਕਾਰੀ ਦਫ਼ਤਰਾਂ ‘ਚ ਵਾਰ-ਵਾਰ ਚੱਕਰ ਲਗਾਉਣ ਤੋਂ ਨਿਜਾਤ ਮਿਲਦੀ ਹੈ|
ਇਨ੍ਹਾਂ ਪਹਿਲਕਦਮੀਆਂ ਦਾ ਲਾਭ ਖ਼ਾਸ ਕਰਕੇ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਦੂਰ-ਦੁਰਾਡੇ ਇਲਾਕਿਆਂ ‘ਚ ਰਹਿੰਦੇ ਕਿਸਾਨਾਂ, ਔਰਤਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ|ਲੋਕਾਂ ਨੂੰ ਪਹਿਲਾਂ ਸਰਕਾਰੀ ਦਫ਼ਤਰਾਂ ‘ਚ ਆਪਣੇ ਕੰਮ ਕਰਵਾਉਣ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦੂਰ-ਦੁਰਾਡੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ|
ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਇਸ ਪਹਿਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ|ਪੰਜਾਬ ਵਾਸੀ ਹੁਣ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਅਤੇ ਮਨਜ਼ੂਰੀਆਂ, ਮੋਬਾਈਲ ਦੇ ਸੁਨੇਹੇ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਲੋਕਾਂ ਤੱਕ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ।
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਰਾਹੀਂ ਸਰਕਾਰ ਨੇ ਦਸਤਾਵੇਜ਼ਾਂ ਦੀ ਤਸਦੀਕ ਪ੍ਰਕਿਰਿਆ ‘ਚ ਵੀ ਮਹੱਤਵਪੂਰਨ ਬਦਲਾਅ ਲਿਆਂਦਾ ਹੈ|ਜਿਸਦੇ ਸਦਕਾ ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ‘ਚ ਕਮੀ ਦਰਜ ਕੀਤੀ ਗਈ ਹੈ, ਹੁਣ ਲੋਕਾਂ ਦੀ ਦਫ਼ਤਰਾਂ ‘ਚ ਖ਼ੁਦ ਜਾਣ ਦੀ ਲੋੜ ਘਟੀ ਗਈ ਹੈ|
ਇਸਤੋਂ ਇਲਾਵਾ ‘ਫਾਰਮਲੈੱਸ ਸੇਵਾਵਾਂ’ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਲੰਬੇ ਅਰਜ਼ੀ ਫਾਰਮ ਭਰਨ ਦੀ ਲੋੜ ਨਹੀਂ ਹੈ|ਡੋਰਸਟੈਪ ਡਿਲੀਵਰੀ ਆਪਰੇਟਰ ਲੋੜੀਂਦੀ ਜਾਣਕਾਰੀ ਡਿਜੀਟਲ ਤਰੀਕੇ ਨਾਲ ਭਰਦੇ ਹਨ ਅਤੇ ਸਿਸਟਮ ਆਪਣੇ-ਆਪ ਅਰਜ਼ੀ ਤਿਆਰ ਕਰ ਦਿੰਦਾ ਹੈ, ਜਿਸ ਨਾਲ ਪ੍ਰਕਿਰਿਆ ਹੋਰ ਵੀ ਸੁਖਾਲੀ ਹੋ ਜਾਂਦੀ ਹੈ|ਇਸ ‘ਚ ਗਲਤੀਆਂ ਦੀ ਸੰਭਾਵਨਾ ਬਹੁਤ ਹੱਦ ਤੱਕ ਘੱਟ ਰਹਿੰਦੀ ਹੈ|ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ ਅਤੇ ਉਨ੍ਹਾਂ ਦਾ ਕੰਮ ਨੇੜੇ ਅਤੇ ਸਮੇਂ-ਸਿਰ ਹੋਵੇ|ਜਿਸ ਨਾਲ ਸ਼ਾਸਨ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਦਾ ਹੈ|
Read More: ਹੜ੍ਹ ਸੰਕਟ ‘ਚ ਲੋਕਾਂ ਦੇ ਨਾਲ ਖੜ੍ਹੀ ਪੰਜਾਬ ਸਰਕਾਰ




