Delhi Protest

ਰਾਹੁਲ ਗਾਂਧੀ ਸਮੇਤ ਕਾਂਗਰਸੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ

ਦਿੱਲੀ, 21 ਜੁਲਾਈ 2026: ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦਿੱਲੀ ਦੇ ਲੋਕ ਕਲਿਆਣ ਮਾਰਗ ‘ਤੇ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ, ਮਲਿਕਾਰੁਜਨ ਖੜਗੇ ਅਤੇ ਕੇਸੀ ਵੇਣੂਗੋਪਾਲ ਸਮੇਤ ਕਈ ਪਾਰਟੀ ਆਗੂਆਂ ਨੇ ਇਸ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ। ਕਾਂਗਰਸ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਕਾਂਗਰਸ ਆਗੂਆਂ ਦਾ ਇਹ ਵਿਰੋਧ ਜੰਤਰ-ਮੰਤਰ ਤੋਂ ਸੰਸਦ ਤੱਕ ਵਿਦਿਆਰਥੀਆਂ ਦੇ ਮਾਰਚ ‘ਤੇ ਹੋਏ ਲਾਠੀਚਾਰਜ ਦੇ ਵਿਰੁੱਧ ਦੱਸਿਆ ਜਾ ਰਿਹਾ ਹੈ।

ਕਾਂਗਰਸ ਆਗੂਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ, ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ। ਕਾਂਗਰਸ ਸੰਸਦ ਮੈਂਬਰ ਕੇ ਸੁਰੇਸ਼ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ।

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ‘ਚ ਕਿਹਾ, “ਅਸੀਂ ਕੱਲ੍ਹ ਨੌਜਵਾਨ ਵਿਦਿਆਰਥੀਆਂ ਵਿਰੁੱਧ ਹੋਈ ਬੇਰਹਿਮੀ ਦਾ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਘਰ ਪੈਦਲ ਮਾਰਚ ਕੀਤਾ। ਸਰਕਾਰ ਨਾ ਤਾਂ ਜਵਾਬਦੇਹੀ ਲੈਣਾ ਚਾਹੁੰਦੀ ਹੈ ਅਤੇ ਨਾ ਹੀ ਸੰਸਦ ‘ਚ ਇਸ ‘ਤੇ ਬਹਿਸ ਕਰਨਾ ਚਾਹੁੰਦੀ ਹੈ। ਭਾਰਤ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।”

ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਮੰਗਲਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ (ਆਰਐਮਐਲ) ਹਸਪਤਾਲ ਦਾ ਦੌਰਾ ਕੀਤਾ ਤਾਂ ਜੋ ਉਨ੍ਹਾਂ ਵਿਦਿਆਰਥੀਆਂ ਨੂੰ ਮਿਲ ਸਕਣ ਜੋ ਨੀਟ ਪੇਪਰ ਲੀਕ ਨੂੰ ਲੈ ਕੇ ਸੰਸਦ ਮਾਰਚ ਦੌਰਾਨ ਪੁਲਿਸ ਕਾਰਵਾਈ ‘ਚ ਜ਼ਖਮੀ ਹੋਏ ਸਨ। ਦੋਵਾਂ ਆਗੂਆਂ ਨੇ ਵਿਦਿਆਰਥੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

Read More: ਦਿੱਲੀ ਹਾਈ ਕੋਰਟ ਵੱਲੋਂ ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ‘ਚ ਤਬਦੀਲ ਕਰਨ ਦੇ ਹੁਕਮ

ਵਿਦੇਸ਼

Scroll to Top