ਸੋਨਮ ਵਾਂਗਚੁਕ

ਸੋਨਮ ਵਾਂਗਚੁਕ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਇਹ ਸ਼ਰਤਾਂ

ਸਪੋਰਟਸ, 22 ਜੁਲਾਈ, 2026: ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਾਖਲ ਸੋਨਮ ਵਾਂਗਚੁਕ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਜਤਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਸਰਕਾਰ ਭਰੋਸਾ ਦਿੰਦੀ ਹੈ, ਤਾਂ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰ ਦੇਣਗੇ।

ਇਸ ਚਿੱਠੀ ‘ਚ ਵਾਂਗਚੁਕ ਨੇ ਲਿਖਿਆ ਕਿ ਉਹ ਦੋਵਾਂ ਕੇਂਦਰੀ ਮੰਤਰੀਆਂ ਦਾ ਧੰਨਵਾਦੀ ਹਨ ਕਿ ਉਨ੍ਹਾਂ ਨੇ ਹਸਪਤਾਲ ‘ਚ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ, ਮੰਤਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹੇਠ ਲਿਖੀਆਂ ਮੰਗਾਂ ‘ਤੇ ਸਕਾਰਾਤਮਕ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਤੋਂ ਬਾਅਦ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।

ਸੋਨਮ ਵਾਂਗਚੁਕ ਨੇ ਕੇਂਦਰ ਸਰਕਾਰ ਨੂੰ ਸੰਸਦ ‘ਚ ਇਸ ਮੁੱਦੇ ‘ਤੇ ਸਾਰਥਕ ਚਰਚਾ ਕਰਨ, ਜਵਾਬਦੇਹੀ ਯਕੀਨੀ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਪੱਤਰ ‘ਚ ਲਿਖਿਆ ਕਿ 20 ਜੁਲਾਈ, 2026 ਨੂੰ ਕੀਤੇ “ਸੰਸਦ ਚਲੋ” ਮਾਰਚ, ਪੁਲਿਸ ਦੀਆਂ ਵਧੀਕੀਆਂ ਅਤੇ ਤਾਕਤ ਦੀ ਬੇਲੋੜੀ ਵਰਤੋਂ ਦੇ ਬਾਵਜੂਦ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਿਹਾ। ਪੂਰੇ ਦੇਸ਼ ਅਤੇ ਦੁਨੀਆ ਨੇ ਪ੍ਰਦਰਸ਼ਨਕਾਰੀਆਂ ਦੇ ਸਬਰ ਅਤੇ ਲੋਕਤੰਤਰੀ ਵਿਰੋਧ ਪ੍ਰਤੀ ਵਚਨਬੱਧਤਾ ਨੂੰ ਦੇਖਿਆ।

ਉਨ੍ਹਾਂ ਉਮੀਦ ਪ੍ਰਗਟਾਈ ਕਿ ਲੋਕਤੰਤਰੀ ਸੰਸਥਾਵਾਂ ‘ਚ ਇਸ ਵਿਸ਼ਵਾਸ ਨੂੰ ਕਾਨੂੰਨੀ ਕਾਰਵਾਈ, ਪਰੇਸ਼ਾਨੀ, ਜਾਂ ਭਾਗੀਦਾਰਾਂ ਵਿਰੁੱਧ ਬਦਲਾ ਲੈਣ ਵਾਲੀ ਕਾਰਵਾਈ ਨਾਲ ਕਮਜ਼ੋਰ ਨਹੀਂ ਕੀਤਾ ਜਾਵੇਗਾ। ਵਾਂਗਚੁਕ ਨੇ ਲਿਖਿਆ ਕਿ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਤੋਂ ਬਾਅਦ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲਗਭਗ 65 ਸੰਸਦ ਮੈਂਬਰਾਂ ਨੇ ਉਨ੍ਹਾਂ ਚਿੱਠੀ ਲਿਖੀ ਸੀ। ਕੁਝ ਪਹਿਲਾਂ ਹੀ ਉਨ੍ਹਾਂ ਨਾਲ ਮਿਲ ਚੁੱਕੇ ਸਨ ਅਤੇ ਕੁਝ ਸ਼ਾਮ ਤੱਕ ਮਿਲਣ ਵਾਲੇ ਸਨ। ਸਾਰਿਆਂ ਨੇ ਉਨ੍ਹਾਂ ਨੂੰ ਵਰਤ ਖਤਮ ਕਰਨ ਦੀ ਅਪੀਲ ਕੀਤੀ, ਇਹ ਕਹਿੰਦੇ ਹੋਏ ਕਿ ਉਨ੍ਹਾਂ ਨੂੰ ਅਜੇ ਵੀ ਦੇਸ਼ ਦੀ ਸੇਵਾ ਕਰਨ ਲਈ ਬਹੁਤ ਕੰਮ ਕਰਨਾ ਹੈ।

ਦੂਜੇ ਪਾਸੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸਰਕਾਰ ਦੀ ਗੱਲਬਾਤ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਉਹ ਗੱਲਬਾਤ ਲਈ ਕਿਸੇ ਦੇ ਘਰ ਜਾਂ ਦਫਤਰ ਨਹੀਂ ਜਾਣਗੇ। ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ, ਤਾਂ ਉਸਨੂੰ ਜੰਤਰ-ਮੰਤਰ ਆਉਣਾ ਚਾਹੀਦਾ ਹੈ ਜਾਂ ਨੇੜੇ-ਤੇੜੇ ਕਿਤੇ ਬੈਠਕ ਕਰ ਸਕਦੇ ਹਨ।

ਦਿੱਲੀ ਹਾਈ ਕੋਰਟ ਨੇ ਵਿਦਿਆਰਥੀਆਂ ‘ਤੇ ਹਮਲੇ ਸੰਬੰਧੀ ਇੱਕ ਅਰਜ਼ੀ ‘ਤੇ ਸੁਣਵਾਈ ਕੀਤੀ। ਹਾਈ ਕੋਰਟ ਨੇ ਸਰਕਾਰ ਨੂੰ ਹਿੰਸਾ ਦੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਲਈ ਕਿਹਾ। ਅੱਜ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਦਾ 33ਵਾਂ ਦਿਨ ਹੈ। ਬੁੱਧਵਾਰ ਸਵੇਰ ਤੋਂ ਹਜ਼ਾਰਾਂ ਪ੍ਰਦਰਸ਼ਨਕਾਰੀ ਮੌਜੂਦ ਹਨ। ਇਸ ਦੌਰਾਨ, ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ।

Read More: ਸੁਪਰੀਮ ਕੋਰਟ ਵੱਲੋਂ CJP ਸਮਰਥਕਾਂ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ

ਵਿਦੇਸ਼

Scroll to Top