150 ਸਰਕਾਰੀ ਸਕੂਲ

150 ਸਰਕਾਰੀ ਸਕੂਲਾਂ ਲਈ ਨਵੀਆਂ ਇਮਾਰਤਾਂ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਕੀਤੀਆਂ ਜਾਣਗੀਆਂ ਵਿਕਸਤ: CM ਨਾਇਬ ਸੈਣੀ

ਚੰਡੀਗੜ੍ਹ, 01 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਅਤੇ ਬਿਹਤਰ ਇਨਫਰਾਸਟਰਕਚਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬੇ ਵਿੱਚ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਵਿਕਸਿਤ ਕੀਤੀਆਂ ਜਾਣਗੀਆਂ, ਜੋ ਪੂਰੀ ਤਰ੍ਹਾਂ ਨਾਲ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਕੂਲ ਹੋਣਗੀਆਂ। ਇਨ੍ਹਾਂ ਸਕੂਲਾਂ ਦੇ ਡਿਜ਼ਾਈਨ ਅਤੇ ਨਿਰਮਾਣ ਲਈ ਦੇਸ਼ ਦੇ ਮੋਹਰੀ ਸੂਬਿਆਂ ਅਤੇ ਪ੍ਰਤਿਸ਼ਠਿਤ ਸੰਸਥਾਵਾਂ ਦੇ ਸਰਵਸ਼੍ਰੇਠ ਮਾਡਲਾਂ ਅਤੇ ਮਾਹਰਾਂ ਦੇ ਮਾਰਗਦਰਸ਼ਨ ਦਾ ਸਹਿਯੋਗ ਲਿਆ ਜਾਵੇਗਾ।

ਮੁੱਖ ਮੰਤਰੀ ਸ਼ੁੱਕਰਵਾਰ ਦੇਰ ਸ਼ਾਮ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ‘ਸੰਤ ਕਬੀਰ ਕੁਟੀਰ’ ਵਿੱਚ ਸਕੂਲ ਸਿੱਖਿਆ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਮੀਟਿੰਗ ਦੌਰਾਨ ਹਰਿਆਣਾ ਵਿੱਚ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਵਿਸਥਾਰ ਸਮੀਖਿਆ ਕੀਤੀ ਗਈ। ਖ਼ਾਸ ਤੌਰ ‘ਤੇ ਸੂਬੇ ਦੇ 719 ਉੱਤਮ ਸਕੂਲਾਂ—ਜਿਨ੍ਹਾਂ ਵਿੱਚ ਸੰਸਕ੍ਰਿਤੀ ਮਾਡਲ ਸਕੂਲ, ਮੁੱਖ ਮੰਤਰੀ ਅਰਲੀ ਇੰਗਲਿਸ਼ ਐਂਡ ਐਕਸੀਲੈਂਸ ਸਕੂਲ ਅਤੇ ਪੀਐੱਮ ਸ਼੍ਰੀ ਸਕੂਲ ਸ਼ਾਮਲ ਹਨ—ਦੇ ਸਮੁੱਚੇ ਵਿਕਾਸ ਅਤੇ ਮਜ਼ਬੂਤੀਕਰਨ ‘ਤੇ ਵਿਸਥਾਰ ਨਾਲ ਚਰਚਾ ਹੋਈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਾਥਮਿਕਤਾ ਦੇ ਆਧਾਰ ‘ਤੇ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਵੀਆਂ ਇਮਾਰਤਾਂ ਦਾ ਨਿਰਮਾਣ, ਵਾਧੂ ਕਲਾਸਾਂ, ਵੱਖਰੇ ਪਖਾਨੇ, ਮਜ਼ਬੂਤ ਚਾਰਦੀਵਾਰੀ, ਖੇਡਾਂ ਦੇ ਮੈਦਾਨ, ਵਿਗਿਆਨ ਅਤੇ ਕੰਪਿਊਟਰ ਪ੍ਰਯੋਗਸ਼ਾਲਾਵਾਂ, ਡਿਜੀਟਲ ਲੈਬ, ਸਮਾਰਟ ਕਲਾਸਾਂ, ਲਾਇਬ੍ਰੇਰੀਆਂ, ਨਵਾਂ ਫਰਨੀਚਰ, ਟੈਬਲੈੱਟ ਅਤੇ ਹੋਰ ਆਧੁਨਿਕ ਸਿੱਖਿਆ ਸਰੋਤ ਸਮੇਂ ਸਿਰ ਉਪਲਬਧ ਕਰਵਾਏ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਨਿਰਮਾਣ ਕਾਰਜ ਜਲਦੀ ਪੂਰੇ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਕਾਇਆਂ-ਕਲਪ ਕਰਦੇ ਹੋਏ ਉਨ੍ਹਾਂ ਵਿੱਚ ਉੱਚ ਗੁਣਵੱਤਾ ਦਾ ਫਰਨੀਚਰ, ਡਿਜੀਟਲ ਅਤੇ ਸਮਾਰਟ ਕਲਾਸਰੂਮ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਿਤ ਸਿੱਖਿਆ ਸਹੂਲਤਾਂ, ਕਿੱਤਾਮੁਖੀ ਸਿੱਖਿਆ, ਅਤਿ-ਆਧੁਨਿਕ ਵਿਗਿਆਨ-ਕੰਪਿਊਟਰ ਪ੍ਰਯੋਗਸ਼ਾਲਾਵਾਂ ਅਤੇ ਡਿਜੀਟਲ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮਾਹੌਲ ਉਪਲਬਧ ਕਰਵਾਉਣਾ ਹੈ, ਤਾਂ ਜੋ ਇਹ ਸਕੂਲ ਗੁਣਵੱਤਾ ਭਰਪੂਰ ਸਿੱਖਿਆ ਦੇ ਉੱਤਮ ਕੇਂਦਰ ਬਣਨ। ਇਹ 150 ਨਵੇਂ ਅਤੇ 719 ਉੱਤਮ ਸਕੂਲ ਸੂਬੇ ਦੇ ਹੋਰ ਸਾਰੇ ਸਕੂਲਾਂ ਲਈ ਪ੍ਰੇਰਣਾ ਸਰੋਤ ਅਤੇ ਰੋਲ ਮਾਡਲ ਵਜੋਂ ਸਥਾਪਿਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਅਭਿਲਾਸ਼ੀ ਯੋਜਨਾ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਕੇ ਹਰਿਆਣਾ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਸਿੱਖਿਆ ਮੰਤਰ ਮਹੀਪਾਲ ਢਾਂਡਾ ਨੇ ਵੀ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਬਿਹਤਰ ਬਣਾਉਣ ਲਈ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰੋਤਸਾਹਿਤ ਅਤੇ ਸਨਮਾਨਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਸਾਫ਼-ਸਫ਼ਾਈ ਦੇ ਪੱਧਰ ਨੂੰ ਹੋਰ ਵੱਧ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਆਉਣ ਵਾਲੀਆਂ ਕਾਰਜ ਯੋਜਨਾਵਾਂ ਦੀ ਪ੍ਰਗਤੀ ਰਿਪੋਰਟ ਸੌਂਪੀ।

Read More: ਸਪੋਰਟਸ ਐਂਡ ਫਿਟਨੈਸ ਐਕਸਪੋ ‘ਚ ਹਰਿਆਣਾ ਪੈਵੇਲੀਅਨ ਦੀ ਹੋਈ ਪ੍ਰਸ਼ੰਸਾ

ਵਿਦੇਸ਼

Scroll to Top