ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਗਸਤ 2026: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਮੌਜੂਦਗੀ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲ ਲੰਬਿਤ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਰ ਮਾਮਲੇ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਮਾਮਲੇ ਵੱਧ ਗਿਣਤੀ ਵਿੱਚ ਹਨ, ਇਸ ਲਈ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।
ਕੋਮਲ ਮਿੱਤਲ ਨੇ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਸਥਾਨਕ ਅਤੇ ਜ਼ਿਲ੍ਹਾ ਪੱਧਰ ‘ਤੇ ਸੰਭਵ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜਦਕਿ ਨੀਤੀਗਤ ਫ਼ੈਸਲਿਆਂ ਨਾਲ ਸਬੰਧਤ ਮਾਮਲੇ ਰਾਜ ਸਰਕਾਰ ਕੋਲ ਉਚਿਤ ਕਾਰਵਾਈ ਲਈ ਭੇਜੇ ਜਾਣਗੇ।
ਮੀਟਿੰਗ ਦੌਰਾਨ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਉਦਯੋਗਿਕ ਖੇਤਰ ਨਾਲ ਸਬੰਧਤ ਪਹਿਲਾਂ ਉਠਾਏ ਗਏ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੰਡੀ ਬੋਰਡ ਅਤੇ ਨਗਰ ਨਿਗਮ ਮੋਹਾਲੀ ਨੂੰ ਵੀ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ।
ਬਾਜ਼ਾਰਾਂ ਵਿੱਚ ਲੋਕਾਂ ਅਤੇ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਕੋਮਲ ਮਿੱਤਲ ਨੇ ਸਬੰਧਤ ਵਿਭਾਗਾਂ ਨੂੰ ਜਨਤਕ ਸ਼ੌਚਾਲਿਆਂ, ਪਾਰਕਿੰਗ ਸਥਾਨਾਂ ਅਤੇ ਸਟਰੀਟ ਲਾਈਟਾਂ ਦੀ ਨਿਯਮਤ ਦੇਖਭਾਲ ਅਤੇ ਸਾਂਭ-ਸੰਭਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਦੀਆਂ ਰੋਜ਼ਾਨਾ ਨਾਲ ਸਬੰਧਤ ਛੋਟੀਆਂ-ਛੋਟੀਆਂ ਸਮੱਸਿਆਵਾਂ ਦਾ ਵੀ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਜਲਦੀ ਹੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਵਿੱਚ ਕੋਈ ਵੀ ਮਾਮਲਾ ਬਿਨਾਂ ਵਜ੍ਹਾ ਲੰਬਿਤ ਨਾ ਰਹੇ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ.ਡੀ.ਐਮ. ਬਨੂੜ ਸ੍ਰੀਮਤੀ ਰਮਨਦੀਪ ਕੌਰ, ਡੀ.ਐਸ.ਪੀ. ਬਨੂੜ ਸ੍ਰੀ ਸੁਖਦੇਵ ਸਿੰਘ, ਵਾਈਸ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ, ਹਲਕਾ ਚੇਅਰਮੈਨ ਖਰੜ ਸ੍ਰੀ ਯਸ਼ਪਾਲ ਬਾਂਸਲ, ਹਲਕਾ ਚੇਅਰਮੈਨ ਡੇਰਾਬੱਸੀ ਸ੍ਰੀ ਅਜੈ ਕੁਮਾਰ, ਹਲਕਾ ਚੇਅਰਮੈਨ ਬਨੂੜ ਸ੍ਰੀ ਗੁਰਪ੍ਰੀਤ ਸਿੰਘ ਧਮਾਲੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Read More: ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਏਅਰਪੋਰਟ ਰੋਡ ਦਾ ਮੁੱਦਾ ਚੁੱਕਿਆ




