‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਨੇ ਸਰਕਾਰੀ ਸੇਵਾਵਾਂ ‘ਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ
1076 ਹੈਲਪਲਾਈਨ ‘ਤੇ ਲੋਕਾਂ ਨੂੰ ਘਰ ਬੈਠਿਆਂ ਮਿਲ ਰਹੀਆਂ ਹਨ ਸੇਵਾਵਾਂ
ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਨੰਬਰ ਰਾਹੀਂ ਸੂਬੇ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਢੰਗ ਵਿੱਚ ਵੱਡਾ ਬਦਲਾਅ ਆਇਆ ਹੈ। ਸਰਕਾਰ ਦੀ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ, ਲੰਬੀਆਂ ਕਤਾਰਾਂ ਵਿੱਚ ਖੜ੍ਹੇ ਰਹਿਣ ਅਤੇ ਬੇਲੋੜੀ ਦੇਰੀ ਤੋਂ ਵੱਡੀ ਰਾਹਤ ਮਿਲੀ ਹੈ।
ਇਸ ਤਕਨਾਲੋਜੀ ਆਧਾਰਿਤ ਪ੍ਰਣਾਲੀ ਨੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਵਧਾਉਣ ਦੇ ਨਾਲ-ਨਾਲ ਵਿਚੋਲਿਆਂ ‘ਤੇ ਨਿਰਭਰਤਾ ਨੂੰ ਵੀ ਘਟਾਇਆ ਹੈ। ਪੰਜਾਬ ਸਰਕਾਰ ਦੇ ਅਨੁਸਾਰ, ਇਸ ਪਹਿਲ ਤਹਿਤ ਹੁਣ ਤੱਕ ਨਾਗਰਿਕਾਂ ਨੂੰ 3.10 ਲੱਖ ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ 0.33 ਫ਼ੀਸਦੀ ਰਹਿ ਗਈ ਹੈ।
ਪੰਜਾਬ ਦੇ ਨਾਗਰਿਕ 1076 ਹੈਲਪਲਾਈਨ, ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਦੇ ਹਨ। ਇਹ ਆਪਰੇਟਰ ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ। ਅਰਜ਼ੀਆਂ ਭਰਨ,ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਵਾਉਂਦੇ ਹਨ।
ਇਸ ਪ੍ਰਣਾਲੀ ਨਾਲ ਖ਼ਾਸ ਤੌਰ ‘ਤੇ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ, ਕਿਸਾਨਾਂ, ਔਰਤਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਵੱਡਾ ਲਾਭ ਮਿਲਿਆ ਹੈ। ਪਹਿਲਾਂ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਅਤੇ ਕਈ ਵਾਰ ਵਿਚੋਲਿਆਂ ‘ਤੇ ਨਿਰਭਰ ਹੋਣਾ ਪੈਂਦਾ ਸੀ, ਪਰ ਹੁਣ ਇਹ ਪ੍ਰਕਿਰਿਆ ਹੋਰ ਸੁਖਾਲੀ ਅਤੇ ਪਾਰਦਰਸ਼ੀ ਬਣ ਗਈ ਹੈ।
ਸਰਕਾਰ ਦੇ ਅੰਕੜਿਆਂ ਮੁਤਾਬਕ, ਇਸ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਵਾਸੀ ਹੁਣ ਵੱਖ-ਵੱਖ ਸਰਟੀਫਿਕੇਟਾਂ, ਮਨਜ਼ੂਰੀਆਂ ਅਤੇ ਹੋਰ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਮੋਬਾਈਲ ਸੁਨੇਹਿਆਂ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ।
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਰਾਹੀਂ ਸਰਕਾਰ ਨੇ ਦਸਤਾਵੇਜ਼ਾਂ ਦੀ ਤਸਦੀਕ ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਸੁਧਾਰ ਕੀਤੇ ਹਨ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ਘਟੀ ਹੈ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਵਿੱਚ ਕਮੀ ਆਈ ਹੈ।
ਰੀਅਲ-ਟਾਈਮ ਅਰਜ਼ੀ ਟਰੈਕਿੰਗ, ਵਿਭਾਗ-ਵਾਰ ਡੈਸ਼ਬੋਰਡ, ਬੀਟ-ਵਾਰ ਨਿਗਰਾਨੀ ਅਤੇ ਲਾਭਪਾਤਰੀਆਂ ਤੋਂ ਲਈ ਜਾਣ ਵਾਲੀ ਫੀਡਬੈਕ ਨੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਹੈ।
ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ ਦਾ ਡਿਜ਼ੀਟਲ ਰਿਕਾਰਡ ਤਿਆਰ ਹੋਣ ਨਾਲ ਦੇਰੀ ਅਤੇ ਵਿਚੋਲਿਆਂ ਦੀ ਗੁੰਜਾਇਸ਼ ਲਗਾਤਾਰ ਘਟ ਰਹੀ ਹੈ, ਜਿਸ ਨਾਲ ਸ਼ਾਸਨ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਦਾ ਜਾ ਰਿਹਾ ਹੈ।
ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਤੇਜ਼, ਪਾਰਦਰਸ਼ੀ ਅਤੇ ਆਸਾਨ ਤਰੀਕੇ ਨਾਲ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣਾ ਹੈ। ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ, ਜਿਸ ਨਾਲ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਇਆ ਹੈ।
Read More: ਪੰਜਾਬ ਸਰਕਾਰ ਵੱਲੋਂ 371 ਹਾਈਟੈੱਕ ਐਂਬੂਲੈਂਸਾਂ ਰਾਹੀਂ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੀ ਨਵੀਂ ਰਫ਼ਤਾਰ




