ਚੰਡੀਗੜ੍ਹ 24 ਅਗਸਤ 2026: ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਸਮੇਂ ਸਿਰ ਹੱਲ ਕਰਨ ਲਈ ਐਨ.ਆਰ.ਆਈ. ਮੀਟਿੰਗਾਂ ਦੀ ਆਪਣੀ ਲੜੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਸਰਕਾਰ 26 ਅਗਸਤ, 2026 ਨੂੰ ਬਠਿੰਡਾ ਵਿੱਚ ਇੱਕ ਐਨ.ਆਰ.ਆਈ. ਮੀਟਿੰਗ ਦਾ ਆਯੋਜਨ ਕਰ ਰਹੀ ਹੈ।
ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ, ਐਨ.ਆਰ.ਆਈ. ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਪੇਸ਼ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਐਨ.ਆਰ.ਆਈ. ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੀ ਮੌਕੇ ‘ਤੇ ਸੁਣਵਾਈ ਕਰਨਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।
ਐਨ.ਆਰ.ਆਈ. ਮੀਟਿੰਗ ਦੇ ਵੇਰਵੇ ਦਿੰਦੇ ਹੋਏ, ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮੀਟਿੰਗ ਬੁੱਧਵਾਰ, 26 ਅਗਸਤ ਨੂੰ ਸਵੇਰੇ 11:00 ਵਜੇ ਹੋਟਲ ਸੇਪਲ, ਜੀ.ਟੀ. ਰੋਡ, ਟਿਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਦੇ ਐਨ.ਆਰ.ਆਈ. ਇਸ ਐਨ.ਆਰ.ਆਈ ਮੀਟਿੰਗ ਵਿੱਚ ਸ਼ਾਮਲ ਹੋ ਸਕਣਗੇ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਵੀ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਐਨ.ਆਰ.ਆਈ. ਮੀਟਿੰਗਾਂ ਦਾ ਆਯੋਜਨ ਕੀਤਾ ਹੈ। ਐਸ.ਏ.ਐਸ. ਨਗਰ (ਮੋਹਾਲੀ) ਅਤੇ ਲੁਧਿਆਣਾ ਵਿੱਚ ਦੋ ਐਨ.ਆਰ.ਆਈ. ਮੀਟਿੰਗਾਂ ਪਹਿਲਾਂ ਹੀ ਹੋ ਚੁੱਕੀਆਂ ਹਨ, ਜਿੱਥੇ ਕੁੱਲ ਅੱਠ ਜ਼ਿਲ੍ਹਿਆਂ ਦੇ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦਾ ਹੱਲ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈ. ਨੂੰ ਆਪਣੇ ਪਰਿਵਾਰ ਦਾ ਇੱਕ ਮਹੱਤਵਪੂਰਨ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਸੰਚਾਰ, ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨੂੰ ਤਰਜੀਹ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਦੇ ਪੰਜਾਬ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦ, ਪਰਿਵਾਰਕ, ਪ੍ਰਸ਼ਾਸਕੀ, ਕਾਨੂੰਨੀ ਅਤੇ ਹੋਰ ਸ਼ਿਕਾਇਤਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
Read More: ਗੁਲਾਬ ਸਿੱਧੂ vs ਅਨਮੋਲ ਕਵਾਤਰਾ: ਸਬੂਤਾਂ ਦੇ ਨਾਲ ਖੁੱਲ੍ਹੇਗਾ ਅੱਜ ਪੂਰਾ ਰਾਜ, ਪੋਡਕਾਸਟ ਨੂੰ ਲੈ ਕੇ ਚੱਲ ਰਿਹਾ ਵਿਵਾਦ




