ਜਲੰਧਰ, 27 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ‘ਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਊਂਡ ਫਿਲੌਰ ਵਿਖੇ 1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਿਸ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ, “ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖਾਹ ਦਿੰਦੀ ਹੈ।
ਉਨ੍ਹਾਂ ਕਿਹਾ, “ਕਈ ਨੌਜਵਾਨਾਂ ਨੇ ਆਪਣੀ ਕਾਬਲੀਅਤ ਸਦਕਾ ਵੱਖ-ਵੱਖ ਵਿਭਾਗਾਂ ‘ਚ ਅਨੇਕਾਂ ਵਾਰ ਸਫ਼ਲਤਾਪੂਰਵਕ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ, ਜੋ ਸਾਡੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਦਰਸਾਉਂਦਾ ਹੈ। ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ‘ਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।”
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਫੋਰਸ ਦੇ ਵੱਖ-ਵੱਖ ਰੈਂਕਾਂ ‘ਚ 13,092 ਨੌਜਵਾਨਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਵੱਖਰੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਪੰਜਾਬ ਪੁਲਿਸ ਸਿਰਫ਼ ਇੱਕ ਸੂਬੇ ਦੀ ਪੁਲਿਸ ਨਹੀਂ ਹੈ, ਸਗੋਂ ਇਹ ਦੇਸ਼ ਦੀ ਪੁਲਿਸ ਹੈ, ਜੋ ਦੁਸ਼ਮਣ ਗੁਆਂਢੀ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਕਰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਸ਼ਿਆਂ ਦੇ ਰੂਪ ‘ਚ ਸੰਤਾਪ ਹੰਢਾਇਆ ਹੈ, ਪਰ ਸੂਬਾ ਸਰਕਾਰ ਨੇ ਇਸ ਅਲਾਮਤ ਨਾਲ ਫੈਸਲਾਕੁੰਨ ਢੰਗ ਨਾਲ ਨਜਿੱਠਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ। ਪਿਛਲੇ ਤਕਰੀਬਨ 500 ਦਿਨਾਂ ‘ਚ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਮਾਨਵਤਾ ਵਿਰੁੱਧ ਇਸ ਜੁਰਮ ‘ਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਢਾਹੀਆਂ ਜਾ ਰਹੀਆਂ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੇ ਦੁਸ਼ਮਣ ਤਾਕਤਾਂ ਦੇ ਮਨਸੂਬਿਆ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਸੂਬੇ ਦੇ ਕਈ ਦੁਸ਼ਮਣ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜਦੇ ਰਹੇ ਹਨ, ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਪਰਾਧੀਆਂ ਦਾ ਮੁਕਾਬਲਾ ਕਰਨ ਲਈ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਅੱਪਗ੍ਰੇਡ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਜਵਾਨਾਂ ਨੂੰ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਲਈ ਨਵੇਂ ਅਤੇ ਆਧੁਨਿਕ ਵਾਹਨ ਵੀ ਮੁਹੱਈਆ ਕਰਵਾਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਪੰਜਾਬ ਪੁਲਿਸ ‘ਚ ਜ਼ਿਲ੍ਹਾ ਕਾਡਰ ਦੀਆਂ 1,600 ਨਵੀਂਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ‘ਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਆਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ ਤਾਂ ਜੋ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਕਰੀਅਰ ‘ਚ ਅੱਗੇ ਵਧਣ ਦੇ ਮੌਕੇ ਮਿਲ ਸਕਣ।
ਉਨ੍ਹਾਂ ਦੱਸਿਆ ਕਿ ਇਸ ਫੋਰਸ ਲਈ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਇਹ ਫੋਰਸ ਲਗਭਗ 4,200 ਕਿਲੋਮੀਟਰ ਦੇ ਹਾਦਸਿਆਂ ਦੇ ਸੰਭਾਵੀ ਰਾਜਮਾਰਗਾਂ ‘ਤੇ ਤਾਇਨਾਤ ਕੀਤੀ ਗਈ ਹੈ।
ਸਰਕਾਰੀ ਰਿਪੋਰਟ ਅਨੁਸਾਰ ਇਸ ਫੋਰਸ ਦੇ ਗਠਨ ਨਾਲ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ‘ਚ 52.87 ਫੀਸਦੀ ਦੀ ਕਮੀ ਆਈ ਹੈ। ਉਨ੍ਹਾਂ ਕਿਹਾ, “ਹਾਈਵੇਅ ‘ਤੇ ਬਿਹਤਰ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਐਸ.ਐਸ.ਐਫ. ਦੇਸ਼ ‘ਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ।
Read More: ਹੜਤਾਲ ਕਰਨ ਵਾਲੇ ਕਰਮਚਾਰੀਆਂ ‘ਤੇ ਕਾਰਵਾਈ ਕਰੇਗੀ ਪੰਜਾਬ ਸਰਕਾਰ !




