ਚੰਡੀਗੜ੍ਹ, 31 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪਹਿਲੀ ਵਾਰ ਫ੍ਰੈਂਚਾਇਜ਼ੀ-ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ‘ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੁਆਰਾ ਕਰਵਾਏ ਇਸ ਉਦਘਾਟਨੀ ਐਡੀਸ਼ਨ ‘ਚ ਛੇ ਟੀਮਾਂ ਹਿੱਸਾ ਲੈ ਰਹੀਆਂ ਹਨ, ਅਤੇ ਇਹ ਟੂਰਨਾਮੈਂਟ 13 ਸਤੰਬਰ ਤੱਕ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿਖੇ ਖੇਡਿਆ ਜਾਵੇਗਾ।
ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਪ੍ਰਤਿਭਾਸ਼ਾਲੀ ਕ੍ਰਿਕਟਰਾਂ ਨੂੰ ਇੱਕ ਵੱਡੇ ਮੰਚ ‘ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ‘ਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਤਿਭਾਸ਼ਾਲੀ ਕ੍ਰਿਕਟਰਾਂ ਨੂੰ ਖੇਡ ‘ਚ ਅੱਗੇ ਵਧਣ ਦੇ ਹੋਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਇਹ ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੁਆਰਾ ਆਈਪੀਐਲ ਦੀ ਤਰਜ਼ ‘ਤੇ ਕੀਤੀ ਜਾ ਰਹੀ ਹੈ।”
ਐਤਵਾਰ ਨੂੰ ਟੂਰਨਾਮੈਂਟ ਦਾ ਉਦਘਾਟਨੀ ਸਮਾਗਮ ਹੋਇਆ, ਜਿਸ ‘ਚ ਟੂਰਨਾਮੈਂਟ ਦਾ ਪਹਿਲਾ ਮੈਚ ਅੰਮ੍ਰਿਤਸਰ ਸੁਰਮਾ ਅਤੇ ਮੋਹਾਲੀ ਕਿੰਗਜ਼ ਵਿਚਕਾਰ ਖੇਡਿਆ ਗਿਆ। ਇਹ ਲੀਗ ਦੋ ਹਫ਼ਤਿਆਂ ਤੱਕ ਚੱਲੇਗੀ, ਜਿਸ ਦਾ ਫਾਈਨਲ 13 ਸਤੰਬਰ ਨੂੰ ਹੋਵੇਗਾ। ਸਾਰੇ ਮੈਚ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ‘ਚ ਖੇਡੇ ਜਾ ਰਹੇ ਹਨ।
ਭਾਰਤੀ ਕ੍ਰਿਕਟ ‘ਚ ਪੰਜਾਬ ਦੇ ਅਣਮੁੱਲੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਲਗਾਤਾਰ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੇਸ਼ ਦੀ ਉੱਚ ਪੱਧਰ ‘ਤੇ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਕਿਹਾ, “ਅੱਜ, ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ ਪੰਜਾਬ ਤੋਂ ਹਨ। ਇਸ ਵੇਲੇ ਪੰਜਾਬ ਦੇ 21 ਖਿਡਾਰੀ ਆਈਪੀਐਲ ‘ਚ ਖੇਡ ਰਹੇ ਹਨ।”
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇਸ ਸਮੇਂ ਭਾਰਤੀ ਪੁਰਸ਼ ਕ੍ਰਿਕਟ ਟੀਮ ‘ਚ ਚਾਰ ਖਿਡਾਰੀ ਹਨ, ਜਿਨ੍ਹਾਂ ‘ਚ ਕਪਤਾਨ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਸ਼ਾਮਲ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ ਅਤੇ ਯੁਵਰਾਜ ਸਿੰਘ ਵਰਗੇ ਮਹਾਨ ਕ੍ਰਿਕਟਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਲਈ ਇੱਕ ਸਮਰਪਿਤ ਪਲੇਟਫਾਰਮ ਤਿਆਰ ਕਰਕੇ ਇਸ ਮਾਣਮੱਤੇ ਵਿਰਾਸਤ ਨੂੰ ਹੋਰ ਮਜ਼ਬੂਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਬਿਹਤਰ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਲੜਾਈ ‘ਚ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਬਜਟ ਅਲਾਟ ਕੀਤਾ ਹੈ, ਜੋ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ‘ਚ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਤੀਜੇ ਪਹਿਲਾਂ ਹੀ ਦਿਖਾਈ ਦੇ ਰਹੇ ਹਨ, ਕਿਉਂਕਿ ਪੰਜਾਬ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
“ਖੇਡਾਂ ਵਤਨ ਪੰਜਾਬ ਦੀਆਂ” 5 ਸਤੰਬਰ ਨੂੰ ਹੋਵੇਗੀ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ 5 ਸਤੰਬਰ ਨੂੰ ਬਠਿੰਡਾ ਤੋਂ ਸਭ ਤੋਂ ਵੱਡਾ ਖੇਡ ਉਤਸਵ, “ਖੇਡਾਂ ਵਤਨ ਪੰਜਾਬ ਦੀਆਂ” ਸ਼ੁਰੂ ਕਰੇਗੀ। ਉਨ੍ਹਾਂ ਕਿਹਾ, “ਇਸ ਖੇਡ ਸਮਾਗਮ ‘ਚ ਤਿੰਨ ਪੀੜ੍ਹੀਆਂ ਦੇ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਇਹ ਪੰਜਾਬ ਦੀ ਖੇਡ ਭਾਵਨਾ ਦਾ ਇੱਕ ਵਿਲੱਖਣ ਜਸ਼ਨ ਬਣੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਦਾ ਉਦੇਸ਼ ਸੂਬੇ ਭਰ ‘ਚ ਇੱਕ ਮਜ਼ਬੂਤ ਖੇਡ ਸੱਭਿਆਚਾਰ ਵਿਕਸਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ‘ਚ ਸਫਲਤਾ ਪ੍ਰਾਪਤ ਕਰਨ ਲਈ ਢੁਕਵੇਂ ਪਲੇਟਫਾਰਮ ਅਤੇ ਮੌਕੇ ਮਿਲਣ।
ਇਸ ਉਦਘਾਟਨੀ ਐਡੀਸ਼ਨ ‘ਚ ਛੇ ਫ੍ਰੈਂਚਾਇਜ਼ੀ ਟੀਮਾਂ ਹਿੱਸਾ ਲੈ ਰਹੀਆਂ ਹਨ, ਹਰੇਕ ਦੀ ਅਗਵਾਈ ਪੰਜਾਬ ਦੇ ਇੱਕ ਪ੍ਰਮੁੱਖ ਕ੍ਰਿਕਟਰ ਕਰ ਰਿਹਾ ਹੈ। ਫਾਜ਼ਿਲਕਾ ਫਾਲਕਨਜ਼ ਦੀ ਕਪਤਾਨੀ ਸ਼ੁਭਮਨ ਗਿੱਲ, ਲੁਧਿਆਣਾ ਲਾਇਨਜ਼ ਦੀ ਅਰਸ਼ਦੀਪ ਸਿੰਘ, ਅੰਮ੍ਰਿਤਸਰ ਸੁਰਮਾ ਦੀ ਕਪਤਾਨੀ ਅਭਿਸ਼ੇਕ ਸ਼ਰਮਾ, ਜਲੰਧਰ ਵਾਰੀਅਰਜ਼ ਦੀ ਕਪਤਾਨੀ ਪ੍ਰਭਸਿਮਰਨ ਸਿੰਘ, ਮੋਹਾਲੀ ਕਿੰਗਜ਼ ਦੀ ਕਪਤਾਨੀ ਰਮਨਦੀਪ ਸਿੰਘ, ਅਤੇ ਬਠਿੰਡਾ ਰਾਇਲਜ਼ ਦੀ ਕਪਤਾਨੀ ਗੁਰਨੂਰ ਬਰਾੜ ਕਰ ਰਹੇ ਹਨ।
ਲੀਗ ‘ਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ‘ਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਸ਼ਾਮਲ ਹਨ। ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦੇ ਪੂਲ ‘ਚੋਂ, 119 ਖਿਡਾਰੀਆਂ ਨੂੰ ਵੱਖ-ਵੱਖ ਫ੍ਰੈਂਚਾਇਜ਼ੀ ਟੀਮਾਂ ਦੀ ਨੁਮਾਇੰਦਗੀ ਕਰਨ ਲਈ ਬੋਲੀ ਰਾਹੀਂ ਚੁਣਿਆ ਗਿਆ ਹੈ।
Read More: ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਰੁਪਏ ਜਾਰੀ




