ਵਿਕਸਤ ਭਾਰਤ ਯਾਤਰਾ

ਹਰਿਆਣਾ ਸਰਕਾਰ ਵਿਕਸਤ ਭਾਰਤ ਦੇ ਟੀਚੇ ਨੂੰ ਲੈ ਕੇ ਲਗਾਤਾਰ ਕਰ ਰਹੀ ਹੈ ਨੀਤੀਗਤ ਯਤਨ: CM ਨਾਇਬ ਸੈਣੀ

ਹਰਿਆਣਾ, 19 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿਖੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ‘ਵਿਕਸਤ ਭਾਰਤ ਵੱਲ ਭਾਰਤ ਦੀ ਯਾਤਰਾ ਦਾ ਵਿੱਤਪੋਸ਼ਣ’ ਸੰਮੇਲਨ ‘ਚ ਹਿੱਸਾ ਲਿਆ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ‘ਚ ਦੇਸ਼ ਭਰ ਦੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿੱਤ ਮੰਤਰੀ ਅਤੇ ਵਿੱਤ ਸਕੱਤਰ ਨੇ ਭਾਗ ਲਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜਿਨ੍ਹਾਂ ਕੋਲ ਸੂਬੇ ਦਾ ਵਿੱਤ ਵਿਭਾਗ ਵੀ ਹੈ, ਉਨ੍ਹਾਂ ਨੇ ਇਸ ਮਹੱਤਵਪੂਰਨ ਸੰਮੇਲਨ ‘ਚ ਸ਼ਿਰਕਤ ਕੀਤੀ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਦੇਸ਼ ਲਗਾਤਾਰ ਵਿਕਸਤ ਭਾਰਤ ਦੀ ਦਿਸ਼ਾ ‘ਚ ਅੱਗੇ ਵੱਧ ਰਿਹਾ ਹੈ। ਇਹ ਬੈਠਕ ਵੀ ਇਸੇ ਦਿਸ਼ਾ ‘ਚ ਇੱਕ ਮਹੱਤਵਪੂਰਨ ਕੜੀ ਹੈ। ਭਾਰਤ ਨੂੰ ਸਾਲ 2047 ਤੱਕ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਲੋੜੀਂਦੇ ਵਿੱਤੀ ਸਰੋਤ ਕਿਵੇਂ ਇਕੱਠੇ ਕੀਤੇ ਜਾਣ ਅਤੇ ਸੂਬਿਆਂ ਨਾਲ ਮਿਲ ਕੇ ਨਿਵੇਸ਼ ਨੂੰ ਕਿਸ ਤਰ੍ਹਾਂ ਗਤੀ ਦਿੱਤੀ ਜਾਵੇ, ਸੰਮੇਲਨ ‘ਚ ਇਨ੍ਹਾਂ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੀ ਵਿਕਸਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਨੀਤੀਗਤ ਯਤਨ ਕਰ ਰਹੀ ਹੈ। ਉਦਯੋਗਾਂ ਤੋਂ ਲੈ ਕੇ ਸਕਿੱਲ ਡਿਵੈਲਪਮੈਂਟ ਤੱਕ ਵੱਖ-ਵੱਖ ਖੇਤਰਾਂ ‘ਚ ਅਜਿਹੀਆਂ ਨੀਤੀਆਂ ਤਿਆਰ ਕਰਕੇ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਸੂਬਾ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵੱਧ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਫਸਲਾਂ ਦੀ ਖਰੀਦ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਸਬੰਧੀ ਲਗਾਤਾਰ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਉਦਯੋਗਿਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਨਵੀਆਂ ਉਦਯੋਗਿਕ ਨੀਤੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਨੀਤੀਗਤ ਯਤਨਾਂ ਦੇ ਨਤੀਜੇ ਵਜੋਂ ਸੂਬੇ ਵਿੱਚ ਕਈ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।

ਉਨ੍ਹਾਂ ਕਿਹਾ ਕਿ ਆਈਟੀ, ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਅਤੇ ਸਕਿੱਲ ਡਿਵੈਲਪਮੈਂਟ ਦੇ ਖੇਤਰ ਵਿੱਚ ਵੀ ਸੂਬਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2047 ਤੱਕ ਵਿਕਸਤ ਭਾਰਤ ਦੇ ਵਿਜ਼ਨ ਅਨੁਸਾਰ ਹਰਿਆਣਾ ਸਰਕਾਰ ਨੇ ਆਪਣਾ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਹੈ। ਹਰਿਆਣਾ ਨੂੰ 1 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਅਤੇ ਸੂਬੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਸੰਕਲਪ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇਸੇ ਤਰ੍ਹਾਂ ਦੇ ਸਕਾਰਾਤਮਕ ਯਤਨਾਂ ਨੂੰ ਦ੍ਰਿੜਤਾ ਨਾਲ ਲਾਗੂ ਕਰਦੀ ਰਹੇਗੀ।

Read More: ਪੰਚਕੂਲਾ ਦੇ ਵਿਕਾਸ ‘ਤੇ ਖਰਚ ਹੋਣਗੇ 829 ਕਰੋੜ ਰੁਪਏ: CM ਨਾਇਬ ਸਿੰਘ ਸੈਣੀ

ਵਿਦੇਸ਼

Scroll to Top