ਹਰਿਆਣਾ, 22 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਕਦੇ ਆਪਣੀ ਖੁਸ਼ਹਾਲੀ, ਜੀਵੰਤਤਾ ਅਤੇ ਮਿਹਨਤੀ ਨੌਜਵਾਨਾਂ ਲਈ ਜਾਣਿਆ ਜਾਂਦਾ ਸੀ, ਪਰ ਅੱਜ ਨਸ਼ਿਆਂ ਦੀ ਦੁਰਵਰਤੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਇੱਕ ਵੱਡੀ ਚੁਣੌਤੀ ਬਣ ਗਈ ਹੈ। ਸਮੇਂ ਦੀ ਲੋੜ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇੱਕ ਜਨ ਲਹਿਰ ‘ਚ ਬਦਲਣ ਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਕਿਸੇ ਰਾਜਨੀਤਿਕ ਪਾਰਟੀ ਦੀ ਲੜਾਈ ਨਹੀਂ ਹੈ, ਸਗੋਂ ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ।
ਮੁੱਖ ਮੰਤਰੀ ਨੇ ਸੋਮਵਾਰ ਨੂੰ ਅਰਨੀਵਾਲਾ (ਫਾਜ਼ਿਲਕਾ) ‘ਚ ਨਸ਼ਾ ਛੁਡਾਊ ਯਾਤਰਾ ਦੇ ਚੌਥੇ ਪੜਾਅ ‘ਚ ਸ਼ਿਰਕਤ ਕੀਤੀ ਅਤੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਸ਼ੁਰੂ ਹੋਈ ਇਹ ਯਾਤਰਾ 30 ਸਤੰਬਰ ਤੱਕ ਜਾਰੀ ਰਹੇਗੀ, ਜੋ ਲਗਭਗ 4,000 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਅਤੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨਸ਼ਿਆਂ ਵਿਰੁੱਧ ਜ਼ੋਰਦਾਰ ਲੜਾਈ ਲੜ ਰਿਹਾ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ‘ਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਛੇ ਮਹੀਨਿਆਂ ਦੇ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਕਾਰਜਕਾਲ ਦੇ ਆਖਰੀ ਪੜਾਅ ਵਿੱਚ ਵੀ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਵੀ ਕੀਤੇ ਗਏ ਸਨ, ਪਰ ਨੌਜਵਾਨਾਂ ਨੂੰ ਇਨ੍ਹਾਂ ਵਾਅਦਿਆਂ ਦਾ ਕੋਈ ਲਾਭ ਨਹੀਂ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਉਦਯੋਗਪਤੀਆਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਮਿਲਿਆ ਅਤੇ ਹਰਿਆਣਾ ‘ਚ ਉਦਯੋਗ ਸਥਾਪਤ ਕਰਨ ਦੀ ਇੱਛਾ ਪ੍ਰਗਟ ਕੀਤੀ, ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ‘ਚ ਉਦਯੋਗ ਸਥਾਪਤ ਕਰਨ ਅਤੇ ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਭਵਿੱਖ ਭਾਜਪਾ ਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਨੌਜਵਾਨਾਂ ਨੂੰ ਪਾਰਦਰਸ਼ਤਾ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਕੰਮ ਕੀਤਾ ਹੈ ਅਤੇ “ਬਿਨਾਂ ਖਰਚੇ, ਬਿਨਾਂ ਪਰਚੀ” ਭਰਤੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹਰ ਰੋਜ਼ ਮੁੱਖ ਮੰਤਰੀ ਨਿਵਾਸ ‘ਤੇ ਵੱਡੀ ਗਿਣਤੀ ‘ਚ ਲੋਕਾਂ ਨਾਲ ਮਿਲਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਹਰਿਆਣਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ 217 ਵਾਅਦਿਆਂ ‘ਚੋਂ 70 ਨੂੰ ਪੂਰਾ ਕੀਤਾ ਹੈ ਅਤੇ ਔਰਤਾਂ, ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਦੇ ਹਿੱਤ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਵਿਵਸਥਾ ਤੱਕ ਸੀਮਤ ਨਹੀਂ ਹੈ; ਇਸ ਲਈ ਇਲਾਜ, ਪੁਨਰਵਾਸ, ਖੇਡਾਂ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਸੁਮੇਲ ਦੀ ਵੀ ਲੋੜ ਹੈ। ਹਰਿਆਣਾ ਸਰਕਾਰ ਨਸ਼ਾ ਛੁਡਾਊ ਕੇਂਦਰਾਂ ‘ਚ ਮੁਫ਼ਤ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ‘ਚ ਸ਼ਾਮਲ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾ ਰਹੀ ਹੈ, ਕੁਦਰਤੀ ਆਫ਼ਤਾਂ ਦੌਰਾਨ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ ਅਤੇ ਫ਼ਸਲਾਂ ਦੀ ਖਰੀਦ ਲਈ ਸਮੇਂ ਸਿਰ ਭੁਗਤਾਨ ਕਰ ਰਹੀ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਗਰੀਬ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਨਸ਼ਾ ਮੁਕਤ ਸਮਾਜ ਦੀ ਨੀਂਹ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਨੂੰ ਇੱਕ ਜਨ ਲਹਿਰ ਬਣਾਉਣ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
Read More: Haryana ITI: ਹਰਿਆਣਾ ‘ਚ 60 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ




