ਚੰਡੀਗੜ੍ਹ, 30 ਸਤੰਬਰ 2026: ਮੰਗਲਵਾਰ ਨੂੰ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ‘ਚ ਮੱਦਦਗਾਰ ਸਾਬਤ ਹੋਵੇਗਾ।
ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਬਖਸ਼ਿਸ਼ ਮੰਨਦੇ ਹਨ।
ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਅਹਿਮ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ੀਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ‘ਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।”
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਵਾਹਿਗੁਰੂ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ‘ਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ‘ਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ‘ਚ ਮੱਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ, “ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।”
ਮੁੱਖ ਮੰਤਰੀ ਮਾਨ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ ‘ਸ਼ਬਦ ਗੁਰੂ ਸਾਹਿਬ’ ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।”
Read More: ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਜਿੰਦਰ ਧਾਮੀ ਬਹਿਰੀਨ ਔਰਤ ਮਾਮਲੇ ‘ਤੇ ਚੁੱਪ ਕਿਉਂ ਹਨ?: ਬਲਤੇਜ ਪੰਨੂ




