ਜਲੰਧਰ, 30 ਸਤੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਜਲੰਧਰ ਦੇ ਪਰਾਗਪੁਰ ਨੇੜੇ NH-44 ‘ਤੇ ਭਾਜਪਾ ਦੀ ਮੈਗਾ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ, ਉਹ ਜਲੰਧਰ ਦੇ ਦੇਵੀ ਤਲਾਬ ਮੰਦਰ ‘ਚ ਮੱਥਾ ਟੇਕਣ ਲਈ ਪਹੁੰਚੇ ਹਨ।ਰੈਲੀ ਲਈ ਲਗਭਗ 63 ਏਕੜ ਜ਼ਮੀਨ ਤਿਆਰ ਕੀਤੀ ਗਈ ਹੈ। ਇਸ ‘ਚੋਂ 28 ਏਕੜ ਜ਼ਮੀਨ ਇੱਕ ਵਿਸ਼ਾਲ ਪੰਡਾਲ ਲਈ ਵਰਤੀ ਜਾਵੇਗੀ।
ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੰਜਾਬ ਮੌਜੂਦਾ ਸਰਕਾਰ ਦੇ ਮਾੜੇ ਰਾਜ-ਪ੍ਰਬੰਧ ਕਾਰਨ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਪੰਜਾਬ ਦੇ ਲੋਕ ਨਸ਼ਿਆਂ ਖ਼ਿਲਾਫ਼ ਨਿਰਣਾਇਕ ਲੜਾਈ ਲੜ ਰਹੇ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਕਰਦਿਆਂ ਭਾਜਪਾ ਵੱਲੋਂ 18 ਸਤੰਬਰ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਸੀ। ਇਹ ਯਾਤਰਾ ਪੰਜਾਬ ਦੇ ਪਿੰਡ-ਪਿੰਡ ਪਹੁੰਚੀ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਇਸ ਯਾਤਰਾ ਦੀ ਸਮਾਪਤੀ ਮੌਕੇ ਪੰਜਾਬ ਵਾਸੀਆਂ ਨਾਲ ਰੂ-ਬ-ਰੂ ਹੋਵਾਂਗਾ ਅਤੇ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਵੀ ਸਾਂਝਾ ਕਰਾਂਗਾ।




