ਪੰਜਾਬ 'ਚ ਹਾੜੀ ਸੀਜ਼ਨ

ਕੇਂਦਰ ਸਰਕਾਰ ਪੰਜਾਬ ‘ਚ ਹਾੜੀ ਦੇ ਸੀਜ਼ਨ ਲਈ ਡੀਏਪੀ ਤੇ ਯੂਰੀਆ ਦੀ ਸਪਲਾਈ ਯਕੀਨੀ ਬਣਾਏ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਣ ਵਾਲੇ ਹਾੜੀ ਦੇ ਸੀਜ਼ਨ 2026-27 ਦੌਰਾਨ ਫਸਲਾਂ ਦੀ ਬਿਜਾਈ ਲਈ ਡੀਏਪੀ ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ।

ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਰਾਸ਼ਟਰੀ ਖੇਤੀਬਾੜੀ ਵਿਗਿਆਨ ਕੰਪਲੈਕਸ ਵਿਖੇ ਕਰਵਾਏ ਹਾੜੀ ਦੇ ਸੀਜ਼ਨ 2026 ‘ਤੇ ਰਾਸ਼ਟਰੀ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਹਾੜੀ ਦੇ ਸੀਜ਼ਨ ਦੀਆਂ ਫਸਲਾਂ, ਖਾਸ ਕਰਕੇ ਕਣਕ ਅਤੇ ਆਲੂਆਂ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀਏਪੀ ਅਤੇ 15 ਲੱਖ ਮੀਟ੍ਰਿਕ ਟਨ ਯੂਰੀਆ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰਸਾਇਣਕ ਖਾਦਾਂ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਏ, ਜੋ ਕਿ ਰਾਜ ਨੂੰ ਲੋੜੀਂਦੀ ਮਾਤਰਾ ਵਿੱਚ ਹੋਵੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਕੋਲ 41 ਲੱਖ ਹੈਕਟੇਅਰ ਕਾਸ਼ਤਯੋਗ ਰਕਬਾ ਹੈ, ਅਤੇ ਸੂਬਾ ਕੇਂਦਰੀ ਖੁਰਾਕ ਭੰਡਾਰਾਂ ‘ਚ 40 ਫੀਸਦੀ ਕਣਕ ਅਤੇ 22 ਫੀਸਦੀ ਝੋਨੇ ਦਾ ਯੋਗਦਾਨ ਪਾਉਂਦਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ‘ਚ ਕਿਸਾਨਾਂ ਨੂੰ ਹਾੜੀ ਦੇ ਸੀਜ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਡੀਏਪੀ ਅਤੇ ਯੂਰੀਆ ਸਪਲਾਈ ਸਮੇਂ ਸਿਰ ਨਾ ਮਿਲਣ ਕਾਰਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਨੂੰ ਇਨ੍ਹਾਂ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ ਤਾਂ ਜੋ ਪੰਜਾਬ ਕੇਂਦਰੀ ਖੁਰਾਕ ਭੰਡਾਰਾਂ ‘ਚ ਆਪਣਾ ਯੋਗਦਾਨ ਬਰਕਰਾਰ ਰੱਖ ਸਕੇ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕਦੇ ਆਪਣੀ ਕਪਾਹ ਦੀ ਫਸਲ ਲਈ ਜਾਣਿਆ ਜਾਂਦਾ ਸੀ, ਪਰ ਮਾੜੇ ਮੌਸਮ ਕਾਰਨ ਇਹ ਫਸਲ ਲਗਾਤਾਰ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ‘ਚ 80,000 ਹੈਕਟੇਅਰ ਰਕਬਾ ਇਸ ਸਮੇਂ ਕਪਾਹ ਦੀ ਕਾਸ਼ਤ ਅਧੀਨ ਹੈ, ਪਰ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਬਿਹਤਰ ਉਤਪਾਦਨ ਦੀ ਪੂਰੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਪਾਹ ਦੇ ਬੀਜਾਂ ‘ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰਦੀ ਹੈ, ਅਤੇ ਕਿਸਾਨਾਂ ਨੂੰ ਪਹਿਲਾਂ ਹੀ ₹4 ਕਰੋੜ ਦੇ ਲਾਭ ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਵਿੱਖ ‘ਚ ਤੇਲ ਬੀਜਾਂ ਅਤੇ ਦਾਲਾਂ ‘ਚ ਆਪਣਾ ਹਿੱਸਾ ਵਧਾਉਣ ਲਈ ਗੰਭੀਰ ਯਤਨ ਕਰ ਰਿਹਾ ਹੈ, ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਨ੍ਹਾਂ ਫਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ 6 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਹੈ।

ਗੁਰਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ ਦੀ 90 ਫੀਸਦੀ ਸਮੱਸਿਆ ਨੂੰ ਪਰਾਲੀ ਪ੍ਰਬੰਧਨ ਤਰੀਕਿਆਂ ਰਾਹੀਂ ਹੱਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਸਬਸਿਡੀਆਂ ਅਤੇ ਹੋਰ ਮਸ਼ੀਨਰੀ ਪ੍ਰਦਾਨ ਕਰਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕਰਨ ਲਈ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਤੁਰੰਤ ਜਾਰੀ ਕਰੇ।

ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦਾ ਪੰਜਾਬ ਦੇ ਕਿਸਾਨਾਂ ਨੂੰ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ‘ਤੇ 2.50 ਲੱਖ ਮੀਟ੍ਰਿਕ ਟਨ ਪ੍ਰਮਾਣਿਤ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਜਾਰੀ ਕਰਨ ਅਤੇ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸੂਬੇ ਲਈ ਲਗਭਗ 43 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ ਕਰਨ ਲਈ ਧੰਨਵਾਦ ਕੀਤਾ। ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ਵਿੱਚ ਸ਼ਾਮਲ ਹੋਏ।

Read More: ਜਾਗਤ ਜੋਤ ਸਤਿਕਾਰ ਐਕਟ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ‘ਚ ਮੱਦਦ ਕਰੇਗਾ: ਬਾਬਾ ਲੱਖਾ ਸਿੰਘ

ਵਿਦੇਸ਼

Scroll to Top