ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਸਤੰਬਰ 2026: ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਹਤ ਬੀਮਾ ਕਾਰਡ ਲੋਕਾਂ ਲਈ ਮੁਸ਼ਕਿਲ ਸਮੇਂ ‘ਚ ਵੱਡਾ ਸਹਾਰਾ ਬਣ ਰਿਹਾ ਹੈ ਅਤੇ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ‘ਚ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚਿਹਰਿਆਂ ’ਤੇ ਇਸ ਸਹੂਲਤ ਨੂੰ ਲੈ ਕੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਵੇਖੀ ਜਾ ਸਕਦੀ ਹੈ।
ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ‘ਚ ਹੁਣ ਤੱਕ ਲਗਭਗ 1.80 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜਦਕਿ ਇਨ੍ਹਾਂ ‘ਚੋਂ 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪ੍ਰਾਪਤ ਹੋ ਚੁੱਕੇ ਹਨ, ਜੋ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਜਿਸਟ੍ਰੇਸ਼ਨਾਂ ਦੀ ਪ੍ਰਕਿਰਿਆ ਵੀ ਜਾਰੀ ਹੈ, ਤਾਂ ਜੋ ਵੱਧ ਤੋਂ ਵੱਧ ਯੋਗ ਪਰਿਵਾਰ ਇਸ ਸਹੂਲਤ ਦਾ ਲਾਭ ਲੈ ਸਕਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ‘ਚੋਂ ਇੱਕ ਹੈ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨਾਲ ਪੰਜਾਬ ‘ਚ ਲੋਕਾਂ ਦੇ ਜੀਵਨ ਪੱਧਰ ‘ਚ ਸੁਧਾਰ ਆ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਯੋਜਨਾ ਦੇ ਲਾਗੂ ਹੋਣ ਸਬੰਧੀ ਕੋਈ ਸ਼ੰਕਾ ਹੈ ਤਾਂ ਉਹ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਦੀ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਜਿੱਥੇ ਲੋਕਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਉਸ ਬਾਰੇ ਤੱਥਾਂ ਦੇ ਆਧਾਰ ’ਤੇ ਲੋਕਾਂ ਨੂੰ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।
Read More: ਵਿਧਾਇਕ ਕੁਲਵੰਤ ਸਿੰਘ ਨੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ




