ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 07 ਅਕਤੂਬਰ 2026: ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਪਿੰਡ ਹੁਸੈਨਪੁਰ ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ। ਇਸ ਮੌਕੇ 42 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਪ੍ਰਦਾਨ ਕੀਤੇ ਗਏ।
ਇਸ ਦੌਰਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਪੰਜਾਬ ਭਰ ‘ਚ ਅੱਜ 149 ਪਿੰਡਾਂ ਦੇ ਵਸਨੀਕਾਂ ਨੂੰ ਕਰੀਬ 16,000 ਮਾਲਕੀ ਕਾਰਡ ਸੌਂਪੇ ਹਨ। ਉਨ੍ਹਾਂ ਕਿਹਾ ਕਿ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਸਬੰਧੀ ਪਹਿਲਾਂ ਮਾਲਕੀ ਦੇ ਦਸਤਾਵੇਜ਼ ਉਪਲਬਧ ਨਾ ਹੋਣ ਕਾਰਨ ਲੋਕਾਂ ਨੂੰ ਕਈ ਵਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮਾਲਕੀ ਕਾਰਡ ਇਸ ਸਬੰਧੀ ਦਸਤਾਵੇਜ਼ੀ ਸਬੂਤ ਉਪਲਬਧ ਕਰਵਾਉਣ ‘ਚ ਸਹਾਇਕ ਹੋਣਗੇ।
ਵਿਧਾਇਕ ਨੇ ਦੱਸਿਆ ਕਿ ਮਾਲਕੀ ਪ੍ਰਮਾਣ ਪੱਤਰ ‘ਚ ਜਾਇਦਾਦ ਦੇ ਮਾਲਕੀ ਹੱਕਾਂ ਦੀ ਸਪੱਸ਼ਟ ਪਛਾਣ ਲਈ ਲੋੜੀਂਦੇ ਵੇਰਵੇ ਦਰਜ ਕੀਤੇ ਗਏ ਹਨ। ਇਨ੍ਹਾਂ ‘ਚ ਦੇਸ਼ਾਂਤਰ ਅਤੇ ਵਿਥਕਾਰ, ਛਤਿਆ ਹੋਇਆ ਖੇਤਰਫਲ, ਉਸਾਰੀ ਹੋਇਆ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਆਦਿ ਸ਼ਾਮਲ ਹਨ। ਇਸ ਨਾਲ ਜਾਇਦਾਦ ਦੀ ਸਥਿਤੀ ਅਤੇ ਮਾਲਕੀ ਸਬੰਧੀ ਰਿਕਾਰਡ ਨੂੰ ਸਪੱਸ਼ਟ ਅਤੇ ਵਿਵਸਥਿਤ ਢੰਗ ਨਾਲ ਦਰਜ ਕਰਨ ਵਿੱਚ ਮਦਦ ਮਿਲੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਪੱਸ਼ਟਤਾ ਨਾ ਹੋਣ ਕਾਰਨ ਕਈ ਪਰਿਵਾਰਾਂ ‘ਚ ਮਾਲਕੀ ਹੱਕਾਂ ਨੂੰ ਲੈ ਕੇ ਵਿਵਾਦ ਵੀ ਪੈਦਾ ਹੁੰਦੇ ਸਨ। ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਸਬੰਧੀ ਸਪੱਸ਼ਟ ਦਸਤਾਵੇਜ਼ੀ ਰਿਕਾਰਡ ਮੁਹੱਈਆ ਕਰਵਾ ਕੇ ਅਜਿਹੀਆਂ ਮੁਸ਼ਕਿਲਾਂ ਨੂੰ ਘਟਾਉਣ ‘ਚ ਸਹਾਇਕ ਹੋਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ‘ਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵੀ ਯੋਗ ਲਾਭਪਾਤਰੀ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਵਾਸੀਆਂ ਨੇ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਦਾ ਧੰਨਵਾਦ ਕੀਤਾ।




