ਚੰਡੀਗੜ੍ਹ, 16 ਅਕਤੂਬਰ 2026: ਪੰਜਾਬ ਪੁਲਿਸ ਨੇ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 269ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।
ਪੰਜਾਬ ਪੁਲਿਸ ਮੁਤਾਬਕ ਅੱਜ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,842 ਹੋ ਗਈ ਹੈ।ਇਸਦੇ ਨਾਲ ਹੀ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਅਪੀਲ ਕੀਤੀ ਹੈ ਕਿ ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਸਕਦੇ ਹਨ।
ਪੰਜਾਬ ਪੁਲਿਸ ਮੁਤਾਬਕ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 594ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.7 ਕਿਲੋ ਹੈਰੋਇਨ, 351 ਨਸ਼ੀਲੀਆਂ ਗੋਲੀਆਂ ਅਤੇ 1.72 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ, ਸਿਰਫ਼ 594 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 85,969 ਤੱਕ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।
Read More: ਅੰਮ੍ਰਿਤਸਰ ‘ਚ ASI ‘ਤੇ ਗੋ.ਲੀ ਚਲਾਉਣ ਦੇ ਮਾਮਲੇ ‘ਚ ਮੁਲਜ਼ਮ ਦਾ ਪੁਲਿਸ ਐਨਕਾਊਂਟਰ




