ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਪੰਜਾਬ ਭਰ ਲਈ ਟਰਾਫੀ ਟੂਰ ਕੱਲ੍ਹ ਮੋਹਾਲੀ ਤੋਂ ਹੋਵੇਗਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 17 ਅਕਤੂਬਰ 2026: ਪੰਜਾਬ ਦੇ ਜਲੰਧਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਹੋਣ ਵਾਲੀ ਹੀਰੋ ਮੈਨਜ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਵੱਕਾਰੀ ਖੇਡ ਸਮਾਗਮ ਨਾਲ ਜੋੜਨ ਲਈ ਕਰਵਾਈ ਜਾ ਰਹੀ ਟਰਾਫੀ ਟੂਰ ਕੱਲ੍ਹ (ਐਤਵਾਰ), 18 ਅਕਤੂਬਰ ਨੂੰ ਸਵੇਰੇ 10:00 ਵਜੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਫੇਜ਼ 10, ਸੈਕਟਰ 64, ਮੋਹਾਲੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸ਼ੁਰੂ ਹੋਵੇਗਾ।

ਇਸ ਮੌਕੇ, ਅੰਤਰਰਾਸ਼ਟਰੀ ਹਾਕੀ ਖਿਡਾਰੀਆਂ ਦੁਆਰਾ ਟਰਾਫੀ ਨੂੰ ਰਸਮੀ ਤੌਰ ‘ਤੇ ਹਰੀ ਝੰਡੀ ਦੇ ਕੇ ਇਸਦੀ ਅਗਲੀ ਮੰਜ਼ਿਲ ਲਈ ਰਵਾਨਾ ਕੀਤਾ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਖੇਡ ਡਾਇਰੈਕਟਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਟਰਾਫੀ ਟੂਰ ਦਾ ਉਦੇਸ਼ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਬਾਰੇ ਵਧੇਰੇ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਮੇਤ ਆਮ ਲੋਕਾਂ ‘ਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ।

ਜ਼ਿਲ੍ਹਾ ਖੇਡ ਦਫ਼ਤਰ ਟਰਾਫੀ ਦੀ ਰਵਾਨਗੀ ਸਮਾਗਮ ਅਤੇ ਸੰਬੰਧਿਤ ਗਤੀਵਿਧੀਆਂ ਲਈ ਜ਼ਰੂਰੀ ਪ੍ਰਬੰਧ ਕਰ ਰਿਹਾ ਹੈ। ਇਸ ਸਮਾਗਮ ਦੌਰਾਨ ਹਾਕੀ ਖਿਡਾਰੀਆਂ ਦੀ ਸ਼ਮੂਲੀਅਤ ਵਾਲਾ ਇੱਕ ਪ੍ਰਦਰਸ਼ਨੀ ਮੈਚ ਕਰਵਾਇਆ ਜਾਵੇਗਾ। ਲੋਕਾਂ ਨੂੰ ਟਰਾਫੀ ਨਾਲ ਯਾਦਗਾਰੀ ਫੋਟੋਆਂ ਖਿੱਚਣ ਦਾ ਮੌਕਾ ਪ੍ਰਦਾਨ ਕਰਨ ਲਈ ਸੈਲਫੀ ਪੁਆਇੰਟ ਵੀ ਸਥਾਪਤ ਕੀਤੇ ਜਾਣਗੇ। ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਟਰਾਫੀ ਟੂਰ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ‘ਚ ਸਵਾਗਤ ਸਮਾਗਮ ਅਤੇ ਪ੍ਰਚਾਰ ਗਤੀਵਿਧੀਆਂ ਕੀਤੀਆਂ ਜਾਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਰਵਾਨਾ ਹੋਣ ਤੋਂ ਬਾਅਦ, ਟਰਾਫੀ ਸ੍ਰੀ ਫਤਿਹਗੜ੍ਹ ਸਾਹਿਬ ਰਾਹੀਂ ਪਟਿਆਲਾ ਜਾਵੇਗੀ। ਫਿਰ ਇਹ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਖੇਡ ਪ੍ਰੇਮੀਆਂ, ਹਾਕੀ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਪੰਜਾਬ ‘ਚ ਹੋਣ ਵਾਲੇ ਇਸ ਅੰਤਰਰਾਸ਼ਟਰੀ ਖੇਡ ਮੁਕਾਬਲੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਪਹਿਲਕਦਮੀ ‘ਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਤੰਗੋਰੀ ਵਿਖੇ ਮੋਹਾਲੀ ਹਲਕੇ ਦੇ 10ਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ

ਵਿਦੇਸ਼

Scroll to Top