ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ

ਮੋਗਾ ਜ਼ਿਲ੍ਹੇ ‘ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ, ਪੁਲਿਸ ਕੋਲ ਸ਼ਿਕਾਇਤ ਦਰਜ

ਮੋਗਾ, 21 ਅਕਤੂਬਰ 2026: ਦੇਸ਼ ਦੀ ਆਜ਼ਾਦੀ ਲਈ ਸਭ ਕੁਝ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਨਮਾਨ ਨੂੰ ਢਾਹ ਲਾਉਣ ਵਾਲੀ ਇੱਕ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਖੇਤਰ ਦੇ ਪਿੰਡ ਵੈਰੋਕੇ ਪਿੰਡ ‘ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਰੰਗ ਲਗਾਉਣ ਦੀ ਘਟਨਾ ਵਾਪਰੀ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸ਼ਹੀਦ ਭਗਤ ਸਿੰਘ ਇੱਕ ਮਹਾਨ ਕ੍ਰਾਂਤੀਕਾਰੀ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਰਵਉੱਚ ਕੁਰਬਾਨੀ ਦਿੱਤੀ।

ਉਨ੍ਹਾਂ ਦੇ ਬੁੱਤ ਵਿਰੁੱਧ ਇਹ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

ਇਸ ਘਟਨਾ ਸਬੰਧੀ ਡੀਐਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਵੈਰੋਕੇ ਪਿੰਡ ‘ਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਪਿੰਡ ਵਾਸੀਆਂ ਨੇ ਬੁੱਤ ਨਾਲ ਛੇੜਛਾੜ ਕਰਨ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮੂਰਤੀ ਨੂੰ ਰੰਗ ਲਗਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Read More: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 9 ਮਹੀਨਿਆਂ ‘ਚ 79,642 ਵਿਅਕਤੀ ਗ੍ਰਿਫ਼ਤਾਰ: ਪੰਜਾਬ ਪੁਲਿਸ

ਵਿਦੇਸ਼

Scroll to Top