ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਵਿਧਾਨ ਸਭਾ ‘ਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (SC) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਿਸੇ ਵੀ ਸਮਾਜ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਲਈ ਉਸ ਦੀ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਦਾ ਵਿਸਤ੍ਰਿਤ ਅਧਿਐਨ ਕੀਤਾ ਜਾਂਦਾ ਹੈ। ਇਸ ਦੌਰਾਨ ਸਬੰਧਤ ਸਮਾਜ ਨਾਲ ਜੁੜੇ ਸਮਾਜਿਕ ਪੱਖਾਂ, ਰਵਾਇਤੀ ਸਥਿਤੀ ਅਤੇ ਸਮਾਜਿਕ ਭੇਦਭਾਵ ਜਾਂ ਛੂਤ-ਛਾਤ ਵਰਗੇ ਮੁੱਦਿਆਂ ਦਾ ਵੀ ਮੁਲਾਂਕਣ ਕੀਤਾ ਜਾਂਦਾ ਹੈ।
ਮੰਤਰੀ ਨੇ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪੱਧਰ ’ਤੇ ਤਿਆਰ ਕੀਤੀਆਂ ਵਿਸਤ੍ਰਿਤ ਰਿਪੋਰਟਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਆਧਾਰ ’ਤੇ ਸੂਬਾ ਸਰਕਾਰ ਵੱਲੋਂ ਮਾਮਲੇ ਨੂੰ ਅੱਗੇ ਵਧਾਇਆ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅਤੇ ਲੋੜੀਂਦੇ ਸਪੋਰਟਿੰਗ ਦਸਤਾਵੇਜ਼ਾਂ ਸਮੇਤ ਪ੍ਰਸਤਾਵ ਛੇਤੀ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।
ਕੈਬਿਨਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਤਾਵ ਭੇਜੇ ਜਾਣ ਉਪਰੰਤ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਅਗਲੀ ਜਾਂਚ ਅਤੇ ਵਿਚਾਰ ਲਈ ਰਜਿਸਟਰਾਰ ਜਨਰਲ ਆਫ਼ ਇੰਡੀਆ (RGI) ਅਤੇ ਇਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਭੇਜਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਸਮਾਜ ਦੇ ਸਮਾਜਿਕ, ਆਰਥਿਕ ਅਤੇ ਹੋਰ ਸਬੰਧਤ ਪੱਖਾਂ ਦਾ ਵਿਸਤ੍ਰਿਤ ਅਧਿਐਨ ਕਰਨ ਉਪਰੰਤ ਹੀ ਕਿਸੇ ਵੀ ਸਮਾਜ ਨੂੰ SC ਦਾ ਦਰਜਾ ਦੇਣ ਸਬੰਧੀ ਫੈਸਲਾ ਲਿਆ ਜਾਂਦਾ ਹੈ।
Read More: ਭਾਜਪਾ ਪੰਜਾਬ ਯੂਨੀਵਰਸਿਟੀ ਤੇ ਪੰਜਾਬ ਦੇ ਪਾਣੀ ਨੂੰ ਹੜੱਪਣ ਲਈ ਵੋਟਾਂ ਮੰਗ ਰਹੀ ਹੈ: CM ਭਗਵੰਤ ਮਾਨ




