ਚੰਡੀਗੜ੍ਹ, 28 ਅਕਤੂਬਰ 2026: ਪੰਜਾਬ ਵਿਧਾਨ ਸਭਾ ਵੱਲੋਂ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ ਹਨ। ਵਿਧਾਨ ਸਭਾ ‘ਚ ਪਾਸ ਕੀਤੇ ਮਤਿਆਂ ‘ਚ ਸਦਨ ‘ਚ ਵੱਖ-ਵੱਖ ਪਾਰਟੀਆਂ ਦੀ ਗਿਣਤੀ ਦੇ ਅਨੁਪਾਤ ਨੂੰ ਧਿਆਨ ‘ਚ ਰੱਖਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਲਈ ਦੋ ਮੈਂਬਰ ਨਾਮਜ਼ਦ ਕਰਨ ਲਈ ਅਧਿਕਾਰਤ ਕਰਨਾ, ਯਮੁਨਾ ਦੇ ਪਾਣੀਆਂ ‘ਚ ਪੰਜਾਬ ਦਾ ਹੱਕੀ ਅਤੇ ਬਰਾਬਰ ਹਿੱਸਾ, ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਵਿਖੇ ਸਿੰਚਾਈ ਹੈੱਡਵਰਕਸ ਦਾ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਪੰਜਾਬ ਅਧੀਨ ਰੱਖਣਾ, ਡੈਮ ਸੁਰੱਖਿਆ ਐਕਟ, 2021 ਨੂੰ ਰੱਦ ਕਰਨਾ ਹੈ।
ਇਸਦੇ ਨਾਲ ਹੀ ਰਾਜਸਥਾਨ ਨੂੰ ਦਿੱਤੇ ਜਾਂਦੇ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੀ ਕੀਮਤ/ਰਾਇਲਟੀ, ਕੇਂਦਰ ਸਰਕਾਰ ਨੂੰ ਉਝ ਬਹੁ-ਮੰਤਵੀ ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਮਾਧੋਪੁਰ ਹੈੱਡਵਰਕਸ ਤੋਂ ਅੱਗੇ ਪਾਕਿਸਤਾਨ ਵੱਲ ਵਹਿ ਰਹੇ ਰਾਵੀ ਦਰਿਆ ਦੇ ਪਾਣੀ ਨੂੰ ਰੋਕਣ ਲਈ ਇਸ ਦੇ ਪਾਣੀ ਨੂੰ ਰਣਜੀਤ ਸਾਗਰ ਡੈਮ ਵੱਲ ਮੋੜਨ ਦੀ ਬੇਨਤੀ ਕਰਨਾ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਣਾ ਅਤੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰਨਾ ਸ਼ਾਮਲ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸ਼ਲਾਘਾ ਕਰਨ ਵਾਲਾ ਮਤਾ ਪੇਸ਼ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ, ਜਦਕਿ ਦਰਿਆਈ ਪਾਣੀਆਂ ਨਾਲ ਸਬੰਧਤ ਮਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ।
Read More: ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ




