ਪਟਿਆਲਾ, 28 ਅਕਤੂਬਰ 2026: ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਪਟਿਆਲਾ ਨਗਰ ਨਿਗਮ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦੇ ਉਪਰਾਲੇ ਨੂੰ ਬੇਹੱਦ ਸ਼ਲਾਘਾਯੋਗ ਦੱਸਿਆ।
ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਬੱਚਿਆਂ ਨੂੰ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਕੀਤੇ ਜਾ ਰਹੇ ਯਤਨ ਸਮਾਜ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਮੈਂਬਰ ਜਿਸ ਮਿਹਨਤ ਅਤੇ ਸਮਰਪਣ ਨਾਲ ਇਸ ਕਾਰਜ ਨੂੰ ਅੱਗੇ ਵਧਾ ਰਹੇ ਹਨ, ਉਹ ਸ਼ਲਾਘਾ ਦੇ ਹੱਕਦਾਰ ਹਨ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਮਾਜ ਦਾ ਹਰ ਸਮਰੱਥ ਵਿਅਕਤੀ ਇੱਕ ਬੱਚੇ ਦੀ ਪੂਰੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕ ਲਵੇ, ਤਾਂ ਬਹੁਤ ਸਾਰੇ ਲੋੜਵੰਦ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ। ਇਸੇ ਸੰਦੇਸ਼ ਨੂੰ ਪੂਰੇ ਦੇਸ਼ ‘ਚ ਪਹੁੰਚਾਉਣ ਦੀ ਲੋੜ ਹੈ, ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸੁਸਾਇਟੀ ਦੇ ਸਮਾਜ ਸੇਵਾ ਦੇ ਕਾਰਜਾਂ ਦੇ ਨਾਲ-ਨਾਲ ਇੱਕ ਹੋਰ ਪ੍ਰੇਰਨਾਦਾਇਕ ਉਪਰਾਲੇ ਦਾ ਵੀ ਜ਼ਿਕਰ ਕੀਤਾ ਗਿਆ। ਸੁਸਾਇਟੀ ਦੇ ਇੱਕ ਕੌਂਸਲਰ ਵੱਲੋਂ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਲਗਭਗ ਚਾਰ ਹਜ਼ਾਰ ਕਿਲੋਮੀਟਰ ਦੀ ਯਾਤਰਾ 40 ਦਿਨਾਂ ‘ਚ ਪੂਰੀ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਯਾਤਰਾ ਰਾਹੀਂ ਫਿਟਨੈੱਸ ਦੇ ਨਾਲ-ਨਾਲ ਬੱਚਿਆਂ ਦੀ ਸਿੱਖਿਆ ਲਈ ਜਾਗਰੂਕਤਾ ਦਾ ਸੰਦੇਸ਼ ਵੀ ਦੇਸ਼ ਭਰ ਵਿੱਚ ਪਹੁੰਚਾਉਣ ਦਾ ਉਦੇਸ਼ ਹੈ।
ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਬਦੌਲਤ ਹੀ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਅਜਿਹੇ ਨੇਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Read More: ‘ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-4’ ’ਚ ਪਟਿਆਲਾ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ




