ਚੰਡੀਗੜ੍ਹ 3 ਨਵੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਥਾਣਾ ਡਿਡਬਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਤਰਸੇਮ ਲਾਲ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਏਐਸਆਈ ਤਰਸੇਮ ਲਾਲ ਨੇ ਕਿਸੇ ਹੋਰ ਮਾਮਲੇ ਵਿੱਚ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਨਾ ਕਰਨ ਦੇ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਸੰਬੰਧੀ ਗੱਲਬਾਤ ਵੀ ਰਿਕਾਰਡ ਕੀਤੀ ਗਈ ਸੀ।
ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ, ਏਐਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਪਟਿਆਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Read More: ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ, 15 ਅਧਿਕਾਰੀਆਂ ਦੀ ਟੀਮ ਪਹੁੰਚੀ ਅੰਮ੍ਰਿਤਸਰ




