ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪਿੰਡ ਮਟਰਾ ਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 05 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾ ਅਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਪਿੰਡ ਮਟਰਾ ਵਿਖੇ 169 ਅਤੇ ਪਿੰਡ ਬਠਲਾਣਾ ਵਿਖੇ 227 ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ‘ਚ ਲਗਭਗ 50 ਫ਼ੀਸਦੀ ਲੋਕਾਂ ਦੇ ਪ੍ਰਾਪਰਟੀ ਕਾਰਡ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਕਾਰਡ ਵੀ ਛੇਤੀ ਤਿਆਰ ਕਰਕੇ ਲੋਕਾਂ ਨੂੰ ਸੌਂਪ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਇਨ੍ਹਾਂ ਘਰਾਂ ‘ਚ ਰਹਿੰਦੇ ਤਾਂ ਸਨ, ਪਰ ਉਨ੍ਹਾਂ ਕੋਲ ਮਾਲਕੀ ਦੇ ਅਧਿਕਾਰ ਨਹੀਂ ਸਨ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਹ ਆਪਣੇ ਘਰਾਂ ਦੇ ਮਾਲਕ ਬਣ ਗਏ ਹਨ ਅਤੇ ਉਨ੍ਹਾਂ ਨੂੰ ਮਾਲਕੀ ਸਬੰਧੀ ਅਧਿਕਾਰ ਪ੍ਰਾਪਤ ਹੋਏ ਹਨ। ਇਸ ਨਾਲ ਲੋਕ ਆਪਣੀ ਜਾਇਦਾਦ ਨੂੰ ਵੇਚਣ, ਆਪਣੇ ਕੋਲ ਰੱਖਣ ਜਾਂ ਇਸ ਦੇ ਆਧਾਰ ’ਤੇ ਕਰਜ਼ਾ ਲੈ ਕੇ ਕੋਈ ਕਾਰੋਬਾਰ ਸ਼ੁਰੂ ਕਰਨ ਦੇ ਯੋਗ ਹੋਣਗੇ। ਪਹਿਲਾਂ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਵਿਧਾਇਕ ਨੇ ਇਸ ਲੋਕ-ਪੱਖੀ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਪਹਿਲਾਂ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਜ਼ਮੀਨ ਅਤੇ ਘਰਾਂ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਦੇ ਹੱਲ ‘ਚ ਇਹ ਮੁਹਿੰਮ ਅਹਿਮ ਭੂਮਿਕਾ ਨਿਭਾਏਗੀ ਅਤੇ ਲੋਕਾਂ ਨੂੰ ਆਪਣੇ ਹੱਕਾਂ ਸਬੰਧੀ ਸੁਰੱਖਿਆ ਪ੍ਰਦਾਨ ਕਰੇਗੀ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡਾਂ ‘ਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਸਹਾਈ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਂਦਾ ਖੇਡ ਸਾਮਾਨ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਤਿਆਰ ਕਰਨ ਵਾਲੇ ਕੋਚਾਂ ਨੂੰ ਵੀ ਨਕਦ ਇਨਾਮ ਅਤੇ ਸਨਮਾਨ ਦਿੱਤੇ ਜਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਪਿੰਡਾਂ ਨੂੰ ਜੋੜਨ ਵਾਲੀਆਂ ਜ਼ਿਆਦਾਤਰ ਸੜਕਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਆਉਣ ਵਾਲੇ ਸਮੇਂ ‘ਚ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਖੁਦ ਅੱਗੇ ਆ ਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰ ਰਹੇ ਹਨ।

ਇਸ ਮੌਕੇ ਪਿੰਡ ਮਟਰਾ ਵਿਖੇ ਸਰਪੰਚ ਸਪਨਾ ਰਾਣੀ, ਅਵਤਾਰ ਸਿੰਘ, ਸੁਖਬੀਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ ਅਤੇ ਮੁਖਤਿਆਰ ਸਿੰਘ ਬਲਾਕ ਪ੍ਰਧਾਨ ਸਮੇਤ ਪੰਚਾਇਤ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।

ਪਿੰਡ ਬਠਲਾਣਾ ਵਿਖੇ ਸਰਪੰਚ ਹਰਪਾਲ ਸਿੰਘ, ਗੁਰਜੀਤ ਸਿੰਘ ਫੌਜੀ, ਬਲਕਾਰ ਸਿੰਘ ਨੰਬਰਦਾਰ, ਹਰਨੇਕ ਸਿੰਘ ਨੰਬਰਦਾਰ, ਮਾਸਟਰ ਅਮਰਜੀਤ ਸਿੰਘ ਅਤੇ ਵਜ਼ੀਰ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਲੋਕਾਂ ਨੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Read More: ਵਿਧਾਇਕ ਕੁਲਵੰਤ ਸਿੰਘ ਨੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਮੁੱਦਾ ਚੁੱਕਿਆ

ਵਿਦੇਸ਼

Scroll to Top