ਮੋਹਾਲੀ 6 ਨਵੰਬਰ 2026 : ਮੋਹਾਲੀ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਕੂੜੇ ਦੀ ਸਮੱਸਿਆ ਦਾ ਜਲਦ ਹੀ ਸਥਾਈ ਹੱਲ ਹੋਣ ਦੀ ਉਮੀਦ ਜਾਗੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰਾਂ ਅਤੇ RMC (ਰਿਫਿਊਜ਼ ਮੈਟੀਰੀਅਲ ਕਲੈਕਸ਼ਨ) ਪੁਆਇੰਟਾਂ ਤੋਂ ਸਮੇਂ ਸਿਰ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਨਗਰ ਨਿਗਮ ਵੱਲੋਂ ਵੱਡਾ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਤਹਿਤ ਸਮਗੌਲੀ ਵਿਖੇ ਬਣੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਨੂੰ ਜਲਦ ਚਾਲੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਲਾਂਟ ਦੀ ਅਧੂਰੀ ਚਾਰਦੀਵਾਰੀ ਅਤੇ ਸੜਕ ਦਾ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਪਲਾਂਟ ਨੂੰ ਚਾਲੂ ਕਰਨ ਦਾ ਰਾਹ ਸਾਫ਼ ਹੋ ਜਾਵੇਗਾ। ਇਸ ਸਬੰਧੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਜਲਦ ਹੀ ਅਧਿਕਾਰਤ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਸਬੰਧੀ ਸ਼ੁੱਕਰਵਾਰ ਨੂੰ ਸੈਕਟਰ-68 ਸਥਿਤ ਨਗਰ ਨਿਗਮ ਭਵਨ ਵਿਖੇ ਵਿੱਤ ਅਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਅਤੇ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ, ਕੂੜੇ ਦੇ ਪ੍ਰਬੰਧਨ ਅਤੇ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ।
ਮੀਟਿੰਗ ਵਿੱਚ ਸਭ ਤੋਂ ਅਹਿਮ ਮੁੱਦਾ ਸਮਗੌਲੀ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਨੂੰ ਜਲਦ ਚਾਲੂ ਕਰਨ ਦਾ ਰਿਹਾ। ਜ਼ਿਕਰਯੋਗ ਹੈ ਕਿ ਮੋਹਾਲੀ ਸ਼ਹਿਰ ਵਿੱਚ ਕੂੜੇ ਦੇ ਨਿਪਟਾਰੇ ਦੀ ਸਮੱਸਿਆ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਈ ਇਲਾਕਿਆਂ ਵਿੱਚ RMC ਪੁਆਇੰਟਾਂ ’ਤੇ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਨਗਰ ਨਿਗਮ ਇਸ ਸਮੱਸਿਆ ਦੇ ਪੱਕੇ ਹੱਲ ਲਈ ਸਮਗੌਲੀ ਪਲਾਂਟ ਨੂੰ ਚਾਲੂ ਕਰਨ ਵੱਲ ਕਦਮ ਵਧਾ ਰਿਹਾ ਹੈ।
ਪਲਾਂਟ ਦੀ ਅਧੂਰੀ ਚਾਰਦੀਵਾਰੀ ਅਤੇ ਸੜਕ ਦਾ ਕੰਮ ਪੂਰਾ ਕਰਵਾਉਣ ਤੋਂ ਬਾਅਦ ਇੱਥੇ ਕੂੜੇ ਦੇ ਪ੍ਰਬੰਧਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਨਿਗਮ ਨੂੰ ਉਮੀਦ ਹੈ ਕਿ ਪਲਾਂਟ ਦੇ ਚਾਲੂ ਹੋਣ ਨਾਲ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ ਅਤੇ ਉਸ ਦੇ ਨਿਪਟਾਰੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਕਾਫ਼ੀ ਹੱਦ ਤੱਕ ਹੱਲ ਕੀਤਾ ਜਾ ਸਕੇਗਾ ਅਤੇ RMC ਪੁਆਇੰਟਾਂ ’ਤੇ ਲੱਗਣ ਵਾਲੇ ਕੂੜੇ ਦੇ ਢੇਰਾਂ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਲਈ ਕਰੀਬ 9 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਕੰਮਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ, ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਹੋਰ ਜ਼ਰੂਰੀ ਵਿਕਾਸ ਕਾਰਜ ਸ਼ਾਮਲ ਹਨ। ਨਗਰ ਨਿਗਮ ਵੱਲੋਂ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਇਹ ਪ੍ਰਸਤਾਵ ਪਾਸ ਕੀਤੇ ਗਏ ਹਨ।
ਇਸ ਦੇ ਨਾਲ ਹੀ ਕਰੀਬ 30 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਲਈ ਐਸਟੀਮੇਟ ਵੀ ਤਿਆਰ ਕੀਤੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਕੰਮਾਂ ਨੂੰ ਵੀ ਪ੍ਰਵਾਨਗੀ ਮਿਲਣ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਦਾ ਘੇਰਾ ਹੋਰ ਵਧਣ ਦੀ ਉਮੀਦ ਹੈ।
ਮੀਟਿੰਗ ਦੌਰਾਨ ਫੇਜ਼-5 ਸ਼ਾਹੀਮਾਜਰਾ ਵਿਖੇ ਸਬਜ਼ੀ ਮੰਡੀ ਨੂੰ ਜਬਰੀ ਬੰਦ ਕਰਵਾਉਣ ਦੇ ਮਾਮਲੇ ’ਤੇ ਵੀ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤਿਕ ਰੰਗਤ ਦੇਣ ਦੀ ਕੋਸ਼ਿਸ਼ ਕਰਨ ਵਾਲੇ ਆਗੂਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਕੁਝ ਰਾਜਨੀਤਿਕ ਆਗੂ ਇਸ ਮੁੱਦੇ ਨੂੰ ਸਿਆਸੀ ਰੰਗ ਦੇ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਖਣ ਦੀ ਲੋੜ ਹੈ।
ਨਗਰ ਨਿਗਮ ਦੀ ਇਸ ਮੀਟਿੰਗ ਨੂੰ ਮੋਹਾਲੀ ਦੀ ਸਫ਼ਾਈ ਵਿਵਸਥਾ ਅਤੇ ਵਿਕਾਸ ਕਾਰਜਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਸਮਗੌਲੀ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਚਾਲੂ ਹੋਣ ਨਾਲ ਕੂੜੇ ਦੀ ਸਮੱਸਿਆ ਦੇ ਹੱਲ ਦੀ ਉਮੀਦ ਹੈ, ਉੱਥੇ ਹੀ ਦੂਜੇ ਪਾਸੇ 9 ਕਰੋੜ ਰੁਪਏ ਦੇ ਵਿਕਾਸ ਕਾਰਜ ਪਾਸ ਹੋਣ ਅਤੇ 30 ਕਰੋੜ ਰੁਪਏ ਦੇ ਕੰਮਾਂ ਦੇ ਐਸਟੀਮੇਟ ਤਿਆਰ ਹੋਣ ਨਾਲ ਸ਼ਹਿਰ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲਣ ਦੀ ਸੰਭਾਵਨਾ ਹੈ।
ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕਮੇਟੀ ਮੈਂਬਰ ਅਤੇ ਕੌਂਸਲਰ ਗੁਰਮੀਤ ਕੌਰ ਸਮੇਤ ਹੋਰ ਨਿਗਮ ਕੌਂਸਲਰ ਅਤੇ ਅਧਿਕਾਰੀ ਵੀ ਮੌਜੂਦ ਸਨ।
Read More: ਦੀਵਾਲੀ ਤੋਂ ਪਹਿਲਾਂ ਵਾਪਰਿਆ ਭਿਆਨਕ ਹਾਦਸਾ, ਚੱਲਦੀ ਰੇਲਗੱਡੀ ਨੂੰ ਲੱਗੀ ਅੱ.ਗ




