ਸ੍ਰੀ ਅਕਾਲ ਤਖ਼ਤ ਸਾਹਿਬ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖਾਲਸਾ ਪੰਥ ਦੇ ਨਾਮ ਸੰਦੇਸ਼ ਜਾਰੀ

ਅੰਮ੍ਰਿਤਸਰ, 09 ਨਵੰਬਰ 2026: ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੁੱਚੇ ਖਾਲਸਾ ਪੰਥ ਅਤੇ ਸਿੱਖ ਸੰਗਤਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਗਿਆ। ਇਸ ਸੰਦੇਸ਼ ‘ਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਇਤਿਹਾਸ ਨੂੰ ਯਾਦ ਕਰਦਿਆਂ ਸਿੱਖ ਕੌਮ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰਮਤਿ ਸਿਧਾਂਤਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਇਸ ਸੰਦੇਸ਼ ‘ਚ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਇਸ ਦੇ ਅਧਿਆਤਮਿਕ ਮਹੱਤਵ ਨੂੰ ਉਜਾਗਰ ਕੀਤਾ ਗਿਆ ਹੈ। ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਬੰਦੀ ਛੋੜ ਦਿਵਸ ਸਾਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਗਏ ਆਜ਼ਾਦੀ, ਇਨਸਾਫ਼ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਦੀ ਯਾਦ ਦਿਵਾਉਂਦਾ ਹੈ। ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਮਨੁੱਖਤਾ ਅਤੇ ਪਰਉਪਕਾਰ ਦੀ ਮਹਾਨ ਮਿਸਾਲ ਕਾਇਮ ਕੀਤੀ ਸੀ।

ਇਸ ਮੌਕੇ ਜਾਰੀ ਸੰਦੇਸ਼ ‘ਚ ਸਿੱਖ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੀ ਅਪੀਲ ਕੀਤੀ ਗਈ ਹੈ।

ਸੰਦੇਸ਼ ‘ਚ ਪੰਥਕ ਏਕਤਾ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਸਿੱਖ ਸੰਸਥਾਵਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਰਹਿਤ ਮਰਿਆਦਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ, ਨੌਜਵਾਨ ਪੀੜ੍ਹੀ ਦੀ ਸਿੱਖਿਆ ਅਤੇ ਸਿੱਖੀ ਸਰੂਪ ਦੀ ਮਹੱਤਤਾ ਨੂੰ ਵੀ ਉਭਾਰਿਆ ਗਿਆ ਹੈ। ਸੰਦੇਸ਼ ‘ਚ ਵਾਤਾਵਰਣ ਦੀ ਸੰਭਾਲ, ਪਾਣੀ, ਧਰਤੀ ਅਤੇ ਹਵਾ ਨੂੰ ਸਾਫ਼ ਰੱਖਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਵਿਦੇਸ਼

Scroll to Top